ਕੈਪਟਨ ਸਰਕਾਰ ਦਾ ਕਿਸਾਨਾਂ ਨੂੰ ਝਟਕਾ, ਡੇਢ ਲੱਖ ਟਿਊਬਵੈੱਲ ਕੁਨੈਕਸ਼ਨਾਂ 'ਤੇ ਕਾਂਟਾ

August 08 2018

ਚੰਡੀਗੜ੍ਹ: ਪੰਜਾਬ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਉਮੀਦ ਲਾਈ ਬੈਠੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਹੋਰ ਟਿਊਬਵੈੱਲ ਕੁਨੈਕਸ਼ਨ ਦੇਣ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਫ਼ੈਸਲੇ ਨਾਲ ਕਰੀਬ ਡੇਢ ਲੱਖ ਕਿਸਾਨ ਪ੍ਰਭਾਵਿਤ ਹੋਣਗੇ।

ਤਾਜ਼ਾ ਫ਼ੈਸਲੇ ਅਨੁਸਾਰ ਕਿਸੇ ਨੂੰ ਅਖ਼ਤਿਆਰੀ ਕੋਟੇ ਵਿੱਚੋਂ ਵੀ ਕੁਨੈਕਸ਼ਨ ਨਹੀਂ ਦਿੱਤੇ ਜਾਣਗੇ। ਪਿਛਲੀ ਸਰਕਾਰ ਨੇ ਸਾਲ 2016 ਵਿੱਚ ਟਿਊਬਵੈੱਲ ਕੁਨੈਕਸ਼ਨ ਦੇਣ ਲਈ ‘ਖੇਤੀਬਾੜੀ ਟਿਊਬਵੈੱਲ ਨੀਤੀ’ ਬਣਾਈ ਸੀ। ਇਸ ਤਹਿਤ ਦੋ ਲੱਖ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣੇ ਸਨ। ਉਂਜ ਉਨ੍ਹਾਂ ਵਿੱਚੋਂ ਸਿਰਫ 50 ਹਜ਼ਾਰ ਨੂੰ ਹੀ ਕੁਨੈਕਸ਼ਨ ਦਿੱਤੇ ਗਏ ਸਨ ਤੇ ਬਾਕੀ ਕਿਸਾਨਾਂ ਨੂੰ ਕੁਨੈਕਸ਼ਨ ਅਜੇ ਦਿੱਤੇ ਜਾਣੇ ਸਨ।

ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਨਵੇਂ ਟਿਊਬਵੈੱਲ ਕੁਨੈਕਸ਼ਨ ਨਾ ਦੇਣ ਬਾਰੇ ਸਰਕਾਰ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਜਾ ਰਿਹਾ ਹੈ। ਇਸ ਕਰਕੇ ਹੋਰ ਟਿਊਬਵੈੱਲ ਕੁਨੈਕਸ਼ਨ ਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਇਹ ਫੈਸਲਾ ਸੂਬੇ ਨੂੰ ਰੇਗਿਸਤਾਨ ਬਨਣ ਤੋਂ ਬਚਾਉਣ ਲਈ ਕੀਤਾ ਹੈ।

ਯਾਦ ਰਹੇ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਹੇਠਾਂ ਜਾਣ ਬਾਰੇ ਰਿਪੋਰਟ ਕੁਝ ਸਮਾਂ ਪਹਿਲਾਂ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਪੇਸ਼ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਸੀ ਜਿਸ ਰਫਤਾਰ ਨਾਲ ਧਰਤੀ ਵਿੱਚੋਂ ਪਾਣੀ ਕੱਢਿਆ ਜਾ ਰਿਹਾ ਹੈ, ਉਸ ਨਾਲ ਸਾਲ 2026 ਤਕ ਪੰਜਾਬ ਦਾ ਧਰਤੀ ਹੇਠਲਾ 60 ਫੀਸਦੀ ਪਾਣੀ ਪੀਣਯੋਗ ਨਹੀਂ ਰਹਿ ਜਾਵੇਗਾ।

Source: ABP Sanjha