ਅੱਠ ਜ਼ਿਲ੍ਹਿਆਂ ’ਚ ਕਪਾਹ ਦੀ ਫ਼ਸਲ ਲਈ ਪਾਇਲਟ ਪ੍ਰਾਜੈਕਟ ਲਾਗੂ

May 29 2019

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਪਾਹ ਦੀ ਫ਼ਸਲ ਵਾਸਤੇ ਤੁਪਕਾ ਸਿੰਜਾਈ ਪ੍ਰਣਾਲੀ ਲਈ ਉਤਸ਼ਾਹਿਤ ਕਰਨ ਹਿਤ ਨਵੀਂ ਯੋਜਨਾ ਨੂੰ ਲਾਗੂ ਕੀਤਾ ਹੈ ਜਿਸ ਤਹਿਤ ਪੰਜਾਬ ਦੇ 8 ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ 8 ਜ਼ਿਲ੍ਹਿਆਂ ਵਿੱਚ ਸੰਗਰੂਰ ਤੋਂ ਇਲਾਵਾ ਬਰਨਾਲਾ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਮੋਗਾ, ਫਰੀਦਕੋਟ ਤੇ ਫਾਜ਼ਿਲਕਾ ਵੀ ਸ਼ਾਮਲ ਹਨ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਦੇ ਨਾਲ ਨਾਲ ਬਿਜਲੀ ਦੀ ਬੱਚਤ ਵੀ ਹੋਵੇਗੀ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਇੱਕ ਪਾਇਲਟ ਪ੍ਰਾਜੈਕਟ ਤਹਿਤ ਇਸ ਪ੍ਰਾਜੈਕਟ ਨੂੰ ਸਫਲ ਬਣਾਉਣ ਲਈ 80 ਫੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾ ਰਹੀਂ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਲਈ ਇਸ ਸਾਲ ਦੌਰਾਨ 200 ਏਕੜ ਭੂਮੀ ਨੂੰ ਇਸ ਪ੍ਰਾਜੈਕਟ ਥੱਲੇ ਲਿਆਂਦਾ ਜਾ ਰਿਹਾ ਹੈ ਜਦੋਂ ਕਿ ਆਉਣ ਵਾਲੇ ਸਾਲਾਂ ਵਿੱਚ ਇਸ ਯੋਜਨਾ ਅਧੀਨ ਹੋਰ ਰਕਬਾ ਲਿਆਂਦਾ ਜਾਵੇਗਾ।

ਇਸ ਪ੍ਰੋਗਰਾਮ ਤਹਿਤ ਸਰਬਜੀਤ ਸਿੰਘ ਵਾਸੀ ਪਿੰਡ ਝਾੜੋਂ ਬਲਾਕ ਸੁਨਾਮ ਦੇ 2 ਏਕੜ ਰਕਬੇ ਵਿੱਚ ਡਾ. ਸੁਸ਼ੀਲ ਕੁਮਾਰ, ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਦੀ ਅਗਵਾਈ ਹੇਠ ਸਥਾਪਤ ਕੀਤੇ ਗਏ ਡਰਿੱਪ ਇਰੀਗੇਸ਼ਨ ਸਿਸਟਮ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਢੰਗ ਨਾਲ ਪਾਣੀ ਦੀ ਯੋਗ ਵਰਤੋਂ ਕਰਕੇ ਕਪਾਹ/ਨਰਮੇ ਦੀ ਫਸਲ ਦਾ ਝਾੜ 10 ਤੋਂ 15 ਮਣ ਤੱਕ ਪ੍ਰਤੀ ਏਕੜ ਵਧੇਰੇ ਨਿਕਲਦਾ ਹੈ। ਇਸ ਮੌਕੇ ਡਾ. ਵਰਿੰਦਰ ਸਿੰਘ ਖੇਤੀਬਾੜੀ ਅਫ਼ਸਰ ਸੁਨਾਮ, ਡਾ. ਦਮਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਕਿਸਾਨ ਭੋਲਾ ਸਿੰਘ, ਅਜੈਬ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ