ਕਿਸਾਨ ਵਾਤਾਵਰਨ ਦੀ ਸ਼ੁੱਧਤਾ ਲਈ ਪਾ ਰਿਹੈ ਯੋਗਦਾਨ

August 19 2019

ਪਿੰਡ ਫਤਹਿਗੜ੍ਹ ਛੰਨਾਂ ਦਾ ਅਗਾਂਹਵਧੂ ਕਿਸਾਨ ਕੁਲਜੀਤ ਸਿੰਘ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਕਿਸਾਨ ਪਿਛਲੇ ਦੋ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤੀ ਕਰ ਰਿਹਾ ਹੈ ਅਤੇ ਆਪਣੀ 16 ਏਕੜ ਜ਼ਮੀਨ ਵਿੱਚ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਕਿਸਾਨ ਕੁਲਜੀਤ ਸਿੰਘ ਦਾ ਕਹਿਣਾ ਹੈ ਕਿ ਹੈਪੀਸੀਡਰ ਨਾਲ ਕਣਕ ਬਿਜਾਈ ਕਰਨ ਨਾਲ ਮਿੱਟੀ ਦੀ ਜੈਵਿਕ ਸ਼ਕਤੀ ਵਿੱਚ ਵਾਧਾ ਹੋਣ ਦੇ ਨਾਲ-ਨਾਲ ਮਿੱਟੀ ਵਿੱਚ ਪੋਸ਼ਕ ਤੱਤਾਂ ’ਚ ਵੀ ਵਾਧਾ ਹੁੰਦਾ ਹੈ। ਕੁਲਜੀਤ ਸਿੰਘ ਨੇ ਦੱਸਿਆ ਕਿ ਆਧੁਨਿਕ ਤਕਨੀਕ ਹੈਪੀਸੀਡਰ ਨਾਲ ਕਣਕ ਦੀ ਫ਼ਸਲ ਵਿੱਚ ਗੁੱਲੀ ਡੰਡੇ ਦੀ ਸਮੱਸਿਆ ਘੱਟ ਆਉਂਦੀ ਹੈ ਅਤੇ ਕਣਕ ਦੇ ਨਾੜ ਨੂੰ ਵੀ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਦਬਾਉਣਾ ਚਾਹੀਦਾ ਹੈ, ਜਿਸਦੇ ਨਾਲ ਆਉਣ ਵਾਲੀ ਝੋਨੇ ਦੀ ਫ਼ਸਲ ਵਿੱਚ ਯੂਰੀਆ ਦੀ ਘੱਟ ਮਾਤਰਾ ਵਰਤਣ ਦੀ ਲੋੜ ਪੈਂਦੀ ਹੈ। ਕਿਸਾਨ ਨੇ ਦੱਸਿਆ ਕਿ ਉਸਨੇ ਆਪਣੀ ਜ਼ਮੀਨ ਦੇ ਮਿੱਟੀ ਦੇ ਨਮੂਨੇ ਰਾਜ ਸਰਕਾਰ ਦੀ ਸੋਆਇਲ ਹੈਲਥ ਕਾਰਡ ਸਕੀਮ ਤਹਿਤ ਖੇਤੀਬਾੜੀ ਵਿਭਾਗ ਤੋਂ ਟੈਸਟ ਕਰਵਾਏ ਹਨ ਅਤੇ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਯੂਰੀਆ, ਡੀਏਪੀ ਅਤੇ ਮਾਇਕਰੋ ਨਿਊਟੀਏਨਟ ਦਾ ਪ੍ਰਯੋਗ ਕਰਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ ਨੂੰ ਖੇਤਾਂ ਵਿੱਚ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਲਾਭਕਾਰੀ ਜੀਵਾਣੂਆਂ ਦਾ ਨੁਕਸਾਨ ਹੁੰਦਾ ਹੈ, ਉਥੇ ਵਾਤਾਵਰਣ ਵੀ ਪਲੀਤ ਹੁੰਦਾ ਹੈ ਅਤੇ ਮਨੁੱਖੀ ਅਤੇ ਪਸ਼ੂਆਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੈਪੀਸੀਡਰ ਨਾਲ ਜ਼ਮੀਨ ਦੀ ਬਣਤਰ ਵਿੱਚ ਸੁਧਾਰ ਕਰਕੇ ਚੰਗੀ ਪੈਦਾਵਾਰ ਪ੍ਰਾਪਤ ਕੀਤੀ ਜਾ ਸਕਤੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ