ਕਿਸਾਨਾਂ ਨੂੰ 15 ਕਰੋੜ ਦੀ ਅਦਾਇਗੀ ਦਾ ਮਾਮਲਾ ਅਟਕਿਆ

June 22 2019

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਸਮੇਂ ਕੇਂਦਰ ਸਰਕਾਰ ਵੱਲੋਂ ਪਏ ਘਾਟੇ ਦੀ ਪੂਰਤੀ ਦਾ ਮਾਮਲਾ ਵਿੱਤ ਵਿਭਾਗ ’ਚ ਅਟਕਿਆ ਪਿਆ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ 15 ਕਰੋੜ ਰੁਪਏ ਦਾ ਮਤਾ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜਿਆ ਗਿਆ ਸੀ ਤੇ ਵਿੱਤ ਵਿਭਾਗ ਦੀ ਪ੍ਰਵਾਨਗੀ ਤੋਂ ਬਾਅਦ ਹੀ ਇਹ ਰਾਸ਼ੀ ਕਿਸਾਨਾਂ ਨੂੰ ਅਦਾ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਬੇਮੌਸਮੀ ਮੀਂਹ ਕਾਰਨ ਸੂਬੇ ਦੇ 6 ਜ਼ਿਲ੍ਹਿਆਂ ਮਾਨਸਾ, ਬਠਿੰਡਾ, ਫ਼ਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ ਅਤੇ ਫ਼ਰੀਦਕੋਟ ਦੇ ਕਿਸਾਨਾਂ ਨੂੰ ਵਿੱਤੀ ਮਾਰ ਝੱਲਣੀ ਪਈ ਸੀ। ਕਣਕ ਦੇ ਦਾਣੇ ਬਦਰੰਗ ਹੋਣ ਕਾਰਨ ਕੇਂਦਰ ਸਰਕਾਰ ਨੇ ਪ੍ਰਤੀ ਕੁਇੰਟਲ 4 ਰੁਪਏ 60 ਪੈਸੇ ਦਾ ਕੱਟ ਲਾ ਦਿੱਤਾ ਸੀ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਦੱਸਣਾ ਹੈ ਕਿ ਕਣਕ ਦੀ ਖਰੀਦ ਦੇ ਹਾਸਲ ਹੋਏ ਅੰਕੜਿਆਂ ਮੁਤਾਬਕ ਉਕਤ ਜ਼ਿਲ੍ਹਿਆਂ ਵਿਚ ਕਿਸਾਨਾਂ ਵੱਲੋਂ ਜੋ ਕਣਕ ਵੇਚੀ ਗਈ ਸੀ ਉਸ ਦੇ ਭਾਅ ‘ਚ ਕਟੌਤੀ ਹੋਣ ਕਾਰਨ 15 ਕਰੋੜ ਰੁਪਏ ਦਾ ਘਾਟਾ ਕਿਸਾਨਾਂ ਨੂੰ ਪਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਤਾਂ ਕੇਂਦਰ ਸਰਕਾਰ ਨੂੰ ਕਟੌਤੀ ਦਾ ਫੈਸਲਾ ਵਾਪਸ ਲੈਣ ਲਈ ਕਿਹਾ ਸੀ ਜਦੋਂ ਕੇਂਦਰ ਸਰਕਾਰ ਨੇ ਸਮਰਥਨ ਮੁੱਲ ਵਿੱਚ ਲਾਈ ਕਟੌਤੀ ਦਾ ਫੈਸਲਾ ਵਾਪਸ ਨਾ ਲਿਆ ਤਾਂ ਮੁੱਖ ਮੰਤਰੀ ਨੇ ਰਾਜ ਸਰਕਾਰ ਦੇ ਖ਼ਜ਼ਾਨੇ ਵਿਚੋਂ ਕਿਸਾਨਾਂ ਨੂੰ ਪਿਆ ਘਾਟਾ ਪੂਰਾ ਕਰਨ ਦਾ ਐਲਾਨ ਕੀਤਾ ਸੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ