ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਨਾੜ ਨਾ ਸਾੜਨ ਦੀ ਅਪੀਲ

April 23 2019

ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਲਾਈ ਪਾਬੰਦੀ ਦੇ ਮੱਦੇਨਜ਼ਰ ਵਾਤਾਵਰਨ ਅਤੇ ਜ਼ਮੀਨ ਦੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਕਾਰਨ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਾਉਣ।

ਖੇਤੀਬਾੜੀ ਵਿਕਾਸ ਅਫ਼ਸਰ ਪਰਮਬੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਆਮ ਕਰ ਕੇ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ 80-90 ਫ਼ੀਸਦੀ ਨਾੜ ਦੀ ਤੂੜੀ ਬਣਾ ਲਈ ਜਾਂਦੀ ਹੈ ਅਤੇ ਨਾੜ ਦਾ ਬਹੁਤ ਘੱਟ ਹਿੱਸਾ ਖੇਤ ਵਿੱਚ ਬੱਚਦਾ ਹੈ, ਜਿਸ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਸੀ। ਨਾੜ ਨੂੰ ਅੱਗ ਲਗਾ ਕੇ ਸਾੜਨ ਨਾਲ ਬਹੁਤ ਸਾਰੀਆਂ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ ਲੈਣ ਦੀ ਤਕਲੀਫ਼, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਪ੍ਰਦੂਸ਼ਣ ਵੱਧ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਬਲਕਿ ਉਹ ਆਪਣੇ ਖੇਤਾਂ ਦੇ ਸਾਰੇ ਨਾੜ ਦੀ ਤੂੜੀ ਬਣਾ ਕੇ ਬਾਜ਼ਾਰ ਵਿੱਚ ਚੰਗੇ ਭਾਅ ’ਤੇ ਵੇਚ ਸਕਦੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ