ਖੇਤੀਬਾੜੀ ਵਿਭਾਗ ਵੱਲੋਂ ਖੇਤਾਂ ਦੀ ਮਿੱਟੀ ਪਰਖ ਮੁਹਿੰਮ ਸ਼ੁਰੂ

June 11 2019

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੇ ਖਾਲੀ ਖੇਤਾਂ ’ਚੋਂ ਮਿੱਟੀ ਪਰਖ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਅੱਜ ਬਲਾਕ ਖੇਤੀਬਾੜੀ ਅਫ਼ਸਰ ਡਾ. ਸੰਦੀਪ ਕੁਮਾਰ ਰਿਣਵਾ ਦੀ ਅਗਵਾਈ ਹੇਠਲੀ ਟੀਮ ਨੇ ਪਿੰਡ ਜੰਗਪੁਰਾ ਵਿਚ ਖੇਤਾਂ ’ਚੋਂ ਮਿੱਟੀ ਦੇ ਨਮੂਨੇ ਹਾਸਲ ਕੀਤੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਾਉਣ ਲਈ ਨਮੂਨਾ ਹਾਸਿਲ ਕਰਨ ਦੀ ਵਿਧੀ ਵੀ ਸਮਝਾਈ ਤੇ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮੁਫ਼ਤ ਮਿੱਟੀ ਪਰਖ ਕਰਵਾ ਕੇ ਮਿੱਟੀ ਸਿਹਤ ਕਾਰਡ ਬਣਾਉਣ ਅਤੇ ਖੇਤ ਵਿੱਚ ਲੋੜੀਂਦੇ ਤੱਤਾਂ ਅਨੁਸਾਰ ਖਾਦ ਦੀ ਵਰਤੋਂ ਕਰਨ ਦਾ ਸੱਦਾ ਵੀ ਦਿੱਤਾ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਰਿਣਵਾ ਨੇ ਆਖਿਆ ਕਿ ਮਿੱਟੀ ਦੀ ਪਰਖ ਬੇਹੱਦ ਜ਼ਰੂਰੀ ਹੈ। ਇਸ ਨਾਲ ਖੇਤ ਲਈ ਜ਼ਰੂਰੀ ਅਤੇ ਬਹੁਤਾਤ ਵਾਲੇ ਤੱਤਾਂ ਦਾ ਪਤਾ ਲੱਗਦਾ ਹੈ ਤੇ ਉਸੇ ਅਨੁਸਾਰ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਲਾਭ ਅਤੇ ਫਸਲ ਦੀ ਪੈਦਾਵਾਰ ਵੱਧਦੀ ਹੈ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਬੰਤ ਸਿੰਘ ਨੇ ਇਸ ਮੌਕੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਮਹੱਤਤਾ ਅਤੇ ਸਤੁੰਲਿਤ ਖਾਦ ਸਬੰਧੀ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸੁੱਚਾ ਸਿੰਘ ਨੇ ਕਿਸਾਨਾਂ ਨੂੰ ਖੁਰਾਕੀ ਤੱਤਾਂ ਦੇ ਨਕਸ਼ਿਆਂ ਬਾਰੇ ਜਾਣਕਾਰੀ ਦਿੱਤੀ। ਬੀਟੀਐੱਮ ਡਾ. ਜਗਦੀਪ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਸਬੰਧੀ ਜਾਣਕਾਰੀ ਦਿੰਦਿਆਂ ਆਖਿਆ ਇਨ੍ਹਾਂ ਕਾਰਡਾਂ ਵਿੱਚ ਦਰਜ ਜਾਣਕਾਰੀ ਨੂੰ ਕੰਪਿਊਟਰ ’ਤੇ ਅਪਲੋਡ ਕੀਤਾ ਜਾਂਦਾ ਹੈ, ਜਿਸ ਦੀ ਜਾਣਕਾਰੀ ਵਿਭਾਗ ਕੋਲ ਵੀ ਹੁੰਦੀ ਹੈ। ਇਸ ਮੌਕੇ ਕਿਸਾਨਾਂ ਨੇ ਵਿਭਾਗ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ