ਝੋਨੇ ਅਤੇ ਮੱਕੀ ਦੀ ਕਾਸ਼ਤ ਲਈ ਮਸ਼ੀਨਰੀ ਤੇ 50 ਫੀਸਦੀ ਤੱਕ ਸਬਸਿਡੀ ਦੇਣ ਦਾ ਐਲਾਨ

May 06 2020

ਸੂਬੇ ਵਿੱਚ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਲੁਆਈ/ਸਿੱਧੀ ਬਿਜਾਈ ਅਤੇ ਮੱਕੀ ਦੀ ਕਾਸ਼ਤ ਨੂੰ ਹੋਰ ਵਧੇਰੇ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਨੇ ਇਸ ਮੰਤਵ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਖ਼ਰੀਦ ਤੇ 50 ਫੀਸਦੀ ਤੱਕ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਣ ਤੋਂ ਇਲਾਵਾ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਕਿਸਾਨਾਂ ਨੂੰ ਮਜ਼ਦੂਰਾਂ ਦੀ ਕਮੀ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ।

ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਤੇ ਕਿਸਾਨ ਬੀਬੀਆਂ/ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 50 ਫੀਸਦੀ ਅਤੇ ਬਾਕੀ ਕਿਸਾਨਾਂ ਨੂੰ 40 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਾਉਣੀ ਦੌਰਾਨ ਝੋਨੇ ਤੇ ਮੱਕੀ ਦੀਆਂ ਮਸ਼ੀਨਾਂ ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨਾਂ ਨੂੰ 10 ਮਈ ਤੱਕ ਅਰਜ਼ੀਆਂ ਦੇਣ ਲਈ ਆਖਿਆ ਗਿਆ ਹੈ।

ਸਕੱਤਰ ਨੇ ਅੱਗੇ ਦੱਸਿਆ ਕਿ ਸਬਸਿਡੀ ਹੇਠ ਆਉਣ ਵਾਲੀ ਮਸ਼ੀਨਰੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ, ਸਪਰੇਅ ਅਟੈਚਮੈਂਟ ਜਾਂ ਅਟੈਚਮੈਂਟ ਤੋਂ ਬਗੈਰ, ਝੋਨੇ ਦੀ ਪਨੀਰੀ ਲਾਉਣ ਵਾਲੀਆਂ ਮਸ਼ੀਨਾਂ, ਝੋਨੇ ਦੀ ਮਸ਼ੀਨੀ ਲੁਆਈ ਲਈ ਪਨੀਰੀ ਬੀਜਣ ਵਾਲੇ ਉਪਕਰਨ, ਮੱਕੀ ਦੇ ਦਾਣਿਆਂ ਨੂੰ ਸੁਕਾਉਣ ਲਈ ਮਸ਼ੀਨਾਂ (ਪੋਰਟੇਬਲ) ਅਤੇ ਮੱਕੀ ਥਰੈਸ਼ਰ/ਸ਼ੈਲਰ/ਫੋਰੇਜ਼ ਹਾਰਵੈਸਟਰ/ਮਲਟੀ ਕਰਾਪ ਥਰੈਸ਼ਰ ਆਦਿ ਸ਼ਾਮਲ ਹਨ।

ਸਬਸਿਡੀ ਹਾਸਲ ਕਰਨ ਦੀ ਪ੍ਰਕ੍ਰਿਆ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ੍ਰੀ ਪੰਨੂੰ ਨੇ ਕਿਹਾ ਕਿ ਖੇਤੀ ਮਸ਼ੀਨਰੀ ਲਈ ਸਬਸਿਡੀ ਲੈਣ ਦੀ ਪ੍ਰਕ੍ਰਿਆ ਨੂੰ ਬਿਲਕੁਲ ਸਰਲ ਬਣਾਇਆ ਗਿਆ ਹੈ ਤਾਂ ਕਿ ਕੋਵਿਡ-19 ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਿਸਾਨ ਸਬਸਿਡੀ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਦੇ ਫੀਲਡ ਵਿੱਚ ਕੰਮ ਕਰਦੇ ਅਧਿਕਾਰੀਆਂ ਨੂੰ ਸਿੱਧੇ ਤੌਰ ਤੇ ਸਾਦੇ ਕਾਗਜ਼ ਉਪਰ, ਈ-ਮੇਲ ਜਾਂ ਵੱਟਸਐਪ ਜ਼ਰੀਏ ਆਪਣਾ ਬਿਨੈ-ਪੱਤਰ ਦੇ ਸਕਦੇ ਹਨ।  

ਸਕੱਤਰ ਨੇ ਅੱਗੇ ਕਿਹਾ ਕਿ ਇਨ੍ਹਾਂ ਖੇਤੀਬਾੜੀ ਸੰਦਾਂ ਤੇ ਸਬਸਿਡੀ ਹਾਸਲ ਕਰਨ ਬਾਰੇ ਹੋਰ ਵਧੇਰੇ ਪੁੱਛਗਿੱਛ ਲਈ ਕਿਸਾਨਾਂ ਵੱਲੋਂ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800-180-1551 ਤੇ ਸਵੇਰੇ 6 ਵਜੇ ਤੋਂ ਸ਼ਾਮ 10 ਵਜੇ ਤੱਕ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਹਿੰਦੁਸਤਾਨ ਟਾਇਮਸ ਪੰਜਾਬੀ