ਪੰਜਾਬ ਨੇ ਝੋਨੇ ਦੀ ਖ਼ਰੀਦ ਲਈ ਕੇਂਦਰ ਤੋਂ 34,500 ਕਰੋੜ ਦੀ ਸੀਸੀਐੱਲ ਮੰਗੀ

September 27 2019

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਝੋਨੇ ਦੀ ਖ਼ਰੀਦ ਲਈ ਕੇਂਦਰ ਕੋਲੋਂ ਨਗਦ ਹੱਦ ਕਰਜ਼ਾ (ਸੀ.ਸੀ.ਐੱਲ.) ਸਮੇਂ ਸਿਰ ਹਾਸਲ ਕੀਤੀ ਜਾਵੇ। ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣੀ ਹੈ।

ਪੰਜਾਬ ਵਿੱਚ 29.20 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਹੈ ਅਤੇ ਇਸ ਵਾਰ 179 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕਰਨ ਦਾ ਟੀਚਾ ਰੱਖਿਆ ਗਿਆ ਹੈ। 2019-20 ਦੇ ਸਾਉਣੀ ਦੇ ਸੀਜ਼ਨ ਲਈ ਕੁੱਲ 34,500 ਕਰੋੜ ਰੁਪਏ ਸੀ.ਸੀ.ਐੱਲ. ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਲਈ ਕਿਹਾ ਹੈ ਤਾਂ ਜੋ ਅਗਲੇ ਹਫ਼ਤੇ ਖ਼ਰਾਬ ਮੌਸਮ ਦੇ ਅਨੁਮਾਨ ਦੇ ਮੱਦੇਨਜ਼ਰ ਝੋਨੇ ਦੇ ਭੰਡਾਰਨ ਲਈ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਸਾਉਣੀ ਖਰੀਦ ਸੀਜ਼ਨ 2019-20 ਦੀ ਝੋਨੇ ਦੀ ਖਰੀਦ ਨੀਤੀ ਦਾ ਹਵਾਲਾ ਦਿੰਦਿਆਂ ਮੀਟਿੰਗ ਵਿੱਚ ਦੱਸਿਆ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਝੋਨੇ ਦੀ ਪ੍ਰਾਸੈਸਿੰਗ ਲਈ ਪਹਿਲਾਂ ਹੀ ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਪੈਡੀ (ਸਾਉਣੀ 2019-20) ਜਾਰੀ ਕਰ ਦਿੱਤੀ ਗਈ ਹੈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਝੋਨੇ ਦੇ ਭੰਡਾਰਨ ਲਈ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰਧ ਕਰ ਲਏ ਜਾਣਗੇ। ਪੰਜਾਬ ਮੰਡੀ ਬੋਰਡ ਵੱਲੋਂ 1734 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਅਤੇ ਸਾਉਣੀ ਖਰੀਦ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਕੇਂਦਰਾਂ ਦੀ ਖਰੀਦ ਏਜੰਸੀਆਂ ਨੂੰ ਵੰਡ ਕਰ ਦਿੱਤੀ ਜਾਵੇਗੀ। ਭਾਰਤ ਸਰਕਾਰ ਨੇ ਇਸ ਸੀਜ਼ਨ ਦੌਰਾਨ ਗਰੇਡ ਏ ਝੋਨੇ ਲਈ 1835 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਦੀਆਂ ਆਮ ਕਿਸਮਾਂ ਲਈ 1815 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਹੈ। ਐੱਫ.ਸੀ.ਆਈ. ਤੋਂ ਇਲਾਵਾ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗਰੇਨ, ਮਾਰਕਫੈੱਡ, ਪਨਸਪ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਭਾਰਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਖਰੀਦ ਕਰੇਗਾ।

ਮੀਟਿੰਗ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ