ਮੁਹਾਲੀ ਜ਼ਿਲ੍ਹੇ ’ਚ ਕਣਕ ਦੀ ਖਰੀਦ ਲਈ 11 ਕੇਂਦਰ ਸਥਾਪਿਤ

April 24 2019

ਮੁਹਾਲੀ ਵਿੱਚ ਕਣਕ ਦੀ ਸਰਕਾਰੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਮੁੱਚੇ ਜ਼ਿਲ੍ਹੇ ਅੰਦਰ 11 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਕੁੱਲ 50127 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ’ਚੋਂ 50076 ਮੀਟਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਗਈ ਹੈ।

ਸ੍ਰੀਮਤੀ ਸਪਰਾ ਨੇ ਦੱਸਿਆ ਕਿ ਲਾਂਡਰਾਂ ਨੇੜਲੇ ਪਿੰਡ ਭਾਗੋਮਾਜਰਾ, ਖਰੜ, ਦਾਊਂ ਮਾਜਰਾ, ਕੁਰਾਲੀ, ਖ਼ਿਜ਼ਰਾਬਾਦ, ਡੇਰਾਬੱਸੀ, ਲਾਲੜੂ, ਤਸਿੰਬਲੀ, ਸਮਗੌਲੀ, ਜੜੌਤ ਅਤੇ ਬਨੂੜ ਵਿੱਚ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 11817 ਮੀਟਰਿਕ ਟਨ, ਪਨਸਪ ਵੱਲੋਂ 10769 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 5436 ਮੀਟਰਿਕ ਟਨ, ਐਫ਼ਸੀਆਈ ਵੱਲੋਂ 7692 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 1656 ਮੀਟਰਿਕ ਟਨ, ਮਾਰਕਫੈੱਡ ਵੱਲੋਂ 12602 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਦੋਂਕਿ ਵਪਾਰੀਆਂ ਵੱਲੋਂ 104 ਮੀਟਰਿਕ ਟਨ ਕਣਕ ਖਰੀਦੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਲਿਫ਼ਟਿੰਗ ਦੇ ਕੰਮ ਵਿੱਚ ਤੇਜ਼ ਲਿਆਂਦੀ ਜਾਵੇ।

ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ਼ਾਮ ਨੂੰ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਨਾ ਕੱਟੀ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਫਸਲ ਵਿੱਚ ਨਮੀ ਆ ਜਾਂਦੀ ਹੈ। ਇਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਦਿੱਕਤ ਆ ਸਕਦੀ ਹੈ।

ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ’ਤੇ ਵੀ ਪੂਰਨ ਤੌਰ ’ਤੇ ਰੋਕ ਲਗਾਈ ਹੈ ਕਿਉਂਕਿ ਕਣਕ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਕਾਰਨ ਪੈਦਾ ਹੁੰਦੇ ਧੰਏਂ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਇਹੀ ਨਹੀਂ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਜ਼ਿਕਰਯੋਗ ਹੈ ਕਿ ਵਿਸਾਖੀ ਲੰਘਣ ਮਗਰੋਂ ਕਣਕ ਦੀਆਂ ਵਾਢੀਆਂ ਤੇਜ਼ ਹੋ ਗਈਆਂ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ