ਮੁਹਾਲੀ ’ਚ 1,19,498 ਮੀਟ੍ਰਿਕ ਟਨ ਕਣਕ ਦੀ ਖਰੀਦ

May 09 2019

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ ਵਿਕਣ ਲਈ ਪੁੱਜੀ ਸਾਰੀ ਕਣਕ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 119498 ਮੀਟ੍ਰਿਕ ਟਨ ਕਣਕ ਵਿਕਣ ਲਈ ਆਈ ਸੀ, ਜੋ ਕਿ ਸਾਰੀ ਦੀ ਸਾਰੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਮੰਡੀਆਂ ’ਚੋਂ 98277 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 187.53 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਲਾਂਡਰਾਂ ਨੇੜੇ ਪਿੰਡ ਭਾਗੋਮਾਜਰਾ, ਖਰੜ, ਦਾਊਂ ਮਾਜਰਾ, ਕੁਰਾਲੀ, ਖਿਜਰਾਬਾਦ, ਡੇਰਾਬੱਸੀ, ਲਾਲੜੂ, ਤਸਿੰਬਲੀ, ਸਮਗੌਲੀ, ਜੜੌਤ ਅਤੇ ਬਨੂੜ ਵਿੱਚ ਖਰੀਦ ਕੇਂਦਰ ਸਥਾਪਿਤ ਕੀਤੇ ਹੋਏ ਹਨ। ਹੁਣ ਤੱਕ ਪਨਗਰੇਨ ਵੱਲੋਂ 25187 ਮੀਟਰਿਕ ਟਨ, ਪਨਸਪ ਵੱਲੋਂ 22451 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 13373 ਮੀਟਰਿਕ ਟਨ, ਐਫ਼ਸੀਆਈ ਵੱਲੋਂ 24059 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 9699 ਮੀਟਰਿਕ ਟਨ, ਮਾਰਕਫੈੱਡ ਵੱਲੋਂ 23166 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਵਪਾਰੀਆਂ ਵੱਲੋਂ 1563 ਮੀਟਰਿਕ ਟਨ ਕਣਕ ਖਰੀਦੀ ਗਈ ਹੈ।

ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਵੱਢਣ ’ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ ਤਾਂ ਜੋ ਮੰਡੀਆਂ ਵਿੱਚ ਕਣਕ ਵਿੱਚ ਨਮੀ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਕਿਸਾਨਾਂ ਦੀ ਫਸਲ ਤੁਰੰਤ ਖਰੀਦੀ ਜਾ ਸਕੇ। ਉਨ੍ਹਾਂ ਕਿਹਾ ਕਿ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ