ਮੁੱਖ ਮੰਤਰੀ ਵੱਲੋਂ ਫੂਡ ਪ੍ਰੋਸੈਸਿੰਗ ਪਲਾਂਟ ਦਾ ਨੀਂਹ ਪੱਥਰ

May 31 2019

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮਾਛੀਵਾੜਾ ਨੇੜੇ ਸਪੇਨ ਦੀ ਕੰਪਨੀ ਸੀ.ਐਨ ਅਤੇ ਇਫਕੋ ਵਲੋਂ ਸੰਯੁਕਤ ਰੂਪ ਵਿਚ ਲਗਾਏ ਜਾ ਰਹੇ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫੂਡ ਪ੍ਰੋਸੈਸਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਹਲਕਾ ਸਮਰਾਲਾ ਦੇ ਕਿਸਾਨਾਂ ਤੇ ਕਾਂਗਰਸੀ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰ ਵਲੋਂ ਪੰਜਾਬ ’ਚ 48000 ਕਰੋੜ ਰੁਪਏ ਦੇ ਕਾਰੋਬਾਰ ‘ਪੰਜਾਬ ਇਨਵੈਸਟ’ ਯੋਜਨਾ ਅਧੀਨ ਸ਼ੁਰੂ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸੂਬੇ ਦੇ 5 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

ਉਨ੍ਹਾਂ ਦੱਸਿਆ ਕਿ ਇਸ ਪਲਾਂਟ ਨਾਲ 10,000 ਕਿਸਾਨਾਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ ਅਤੇ ਉਹ ਸਬਜ਼ੀਆਂ ਦੀ ਕਾਸ਼ਤ ਕਰਕੇ ਲਾਭ ਕਮਾ ਸਕਣਗੇ। ਸਬਜ਼ੀਆਂ ਦੀ ਕਾਸ਼ਤ ਕਰਕੇ ਕਿਸਾਨ ਝੋਨੇ ਤੇ ਕਣਕ ਦੇ ਫਸਲੀ ਚੱਕਰ ’ਚੋਂ ਵੀ ਨਿਕਲਣਗੇ ਜਿਸ ਨਾਲ ਪੰਜਾਬ ’ਚ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇਗਾ। ਇਸ ਫੂਡ ਪ੍ਰੋਸੈਸਿੰਗ ਪਲਾਂਟ ’ਚ 80,000 ਮੀਟਰਿਕ ਟਨ ਸਬਜ਼ੀਆਂ ਦੀ ਪੈਦਾਵਾਰ ਹੋਵੇਗੀ ਜਿਸ ’ਚੋਂ 60 ਫੀਸਦੀ ਬਾਹਰਲੇ ਮੁਲਕਾਂ ਨੂੰ ਨਿਰਯਾਤ ਹੋਵੇਗਾ ਜਦਕਿ 40 ਫੀਸਦੀ ਭਾਰਤ ’ਚ ਵੇਚਿਆ ਜਾਵੇਗਾ। ਇਸ ਪਲਾਂਟ ’ਚ ਸਿੱਧੇ ਤੇ ਅਸਿੱਧੇ ਢੰਗ ਨਾਲ 2500 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਇਸ ਮੌਕੇ ਇਫਕੋ ਦੇ ਚੇਅਰਮੈਨ ਬੀ.ਐਸ ਨਕਈ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਸੰਸਦ ਮੈਂਬਰ ਡਾ.ਅਮਰ ਸਿੰਘ, ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਲਖਵੀਰ ਸਿੰਘ ਲੱਖਾ, ਮਾਰਕਫੈੱਡ ਚੇਅਰਮੈਨ ਅਮਰਜੀਤ ਸਮਰਾ ਮੌਜੂਦ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ