ਕਰਜ਼ਾਈ ਕਿਸਾਨਾਂ ਨੂੰ ਕੁਰਕੀ ਦੇ ਨੋਟਿਸ, ਕੈਪਟਨ ਸਰਕਾਰ ਨੂੰ ਆਪ ਨੇ ਘੇਰਿਆ

October 02 2019

 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਕਹਿਣਾ ਹੈ ਕਿ ਸੂਬੇ ਦੀਆਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਵੱਲੋਂ ਕਰਜ਼ਾਈ ਕਿਸਾਨਾਂ ਨੂੰ ਕਰਜ਼ਾ ਨਾ ਮੋੜੇ ਜਾਣ ਤੇ ਜ਼ਮੀਨ ਕੁਰਕ ਕਰਨ ਸਬੰਧੀ ਨੋਟਿਸ ਜਾਰੀ ਕੀਤੇ ਹਨ। ਸਰਕਾਰ ਦੇ ਇਸ ਕਦਮ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਪ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ।

 

ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਕਰਜ਼ਾ ਕੁਰਕੀ ਖ਼ਤਮ, ਫ਼ਸਲ ਦੀ ਪੂਰੀ ਰਕਮ ਵਰਗੇ ਝੂਠੇ ਤੇ ਗੁੰਮਰਾਹਕੁਨ ਨਾਅਰੇ ਦੇ ਕੇ ਸੱਤਾ ਹਾਸਲ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਆਪਣੇ ਇੱਕ ਵੀ ਵਾਅਦੇ ਤੇ ਪੂਰਾ ਨਹੀਂ ਉੱਤਰੇ। ਆੜ੍ਹਤੀਆਂ ਸਮੇਤ ਸਾਰੀਆਂ ਸਰਕਾਰੀ, ਸਹਿਕਾਰੀ ਤੇ ਪ੍ਰਾਈਵੇਟ ਬੈਂਕਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਨੇ ਸਾਰੇ ਕਰਜ਼ੇ ਤਾਂ ਕੀ ਮੁਆਫ਼ ਕਰਨੇ ਸੀ, ਉਲਟਾ ਕਿਸਾਨਾਂ ਨੂੰ ਜ਼ਮੀਨ ਕੁਰਕ ਕਰਨ ਦੇ ਲਗਾਤਾਰ ਨੋਟਿਸ ਭੇਜੇ ਜਾ ਰਹੇ ਹਨ।

 

ਚੀਮਾ ਨੇ ਇਸ ਦੀ ਤਾਜ਼ਾ ਮਿਸਾਲ ਵੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਸਰਦੂਲਗੜ੍ਹ, ਪ੍ਰਾਇਮਰੀ ਕੋ-ਆਪਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਲਿਮ. ਸਰਦੂਲਗੜ੍ਹ ਵੱਲੋਂ ਨੰਦਗੜ੍ਹ ਪਿੰਡ ਦੇ 14 ਕਿਸਾਨਾਂ ਨੂੰ ਪੰਜਾਬ ਸਟੇਟ ਐਗਰੀਕਲਚਰ ਡਿਵੈਲਪਮੈਂਟ ਬੈਂਕ ਐਕਟ 1957 ਦੀ ਧਾਰਾ 15-16 ਤਹਿਤ ਜ਼ਮੀਨ ਦੀ ਕੁਰਕੀ ਦੇ ਨੋਟਿਸ ਜਾਰੀ ਕੀਤੇ ਗਏ ਹਨ।

 

ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਮੌਕਾ ਨਹੀਂ, ਪਿਛਲੇ ਢਾਈ ਸਾਲਾਂ ਦੌਰਾਨ ਸੈਂਕੜੇ ਕਰਜ਼ਾਈ ਕਿਸਾਨਾਂ ਦੀ ਜ਼ਮੀਨ ਕੁਰਕ ਕੀਤੇ ਜਾਣ ਦੀ ਪ੍ਰਕਿਰਿਆ ਸ਼ੁਰੂ ਹੋਣ ਕਰਕੇ ਪਹਿਲਾਂ ਹੀ ਤਣਾਅ ਚੋਂ ਗੁਜ਼ਰ ਰਹੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਤੇ ਕਰਜ਼ਾ ਵਾਪਸ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ, ਨਤੀਜਨ ਕਿਸਾਨ ਖ਼ੁਦਕੁਸ਼ੀਆਂ ਦਾ ਰੁਝਾਨ ਹੋਰ ਤੇਜ਼ ਹੋਇਆ ਹੈ। ਪੰਜਾਬ ਦੀ ਕਾਂਗਰਸ ਸਰਕਾਰ ਖ਼ਾਸ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਲਈ ਸਿੱਧੇ ਤੌਰ ਤੇ ਜ਼ਿੰਮੇਵਾਰ ਹਨ, ਜਿੰਨਾ ਕਿਸਾਨਾਂ ਤੇ ਖੇਤ-ਮਜ਼ਦੂਰਾਂ ਦੀ ਪਿੱਠ ਚ ਛੁਰਾ ਮਾਰਿਆ ਤੇ ਆਪਣੇ ਚੋਣ ਵਾਅਦੇ ਤੋਂ ਮੁੱਕਰ ਗਏ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ