ਕਿਰਤੀ ਪੰਚਾਇਤ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ

March 18 2021

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਪਿੰਡ ਮਹਿਲਾਂ ਚੌਕ ਦੀ ਅਨਾਜ ਮੰਡੀ ਵਿੱਚ ਕੀਤੀ ਗਈ ਕਿਰਤੀ ਪੰਚਾਇਤ ਵਿੱਚ ਬੇਜ਼ਮੀਨੇ ਦਲਿਤਾਂ ਅਤੇ ਛੋਟੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਦੇ ਨਾਲ-ਨਾਲ ਪੈਦਾਵਾਰੀ ਸਾਧਨਾਂ ਦੀ ਕਾਣੀ ਵੰਡ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਲਹਿਰ ਉਸਾਰਨ ਦਾ ਸੱਦਾ ਦਿੱਤਾ ਗਿਆ।

ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਕਿਰਤੀ ਪੰਚਾਇਤ ਅਜਿਹੇ ਸਮੇਂ ਵਿੱਚ ਹੋ ਰਹੀ ਹੈ, ਜਦੋਂ ਮੁਲਕ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣ ਚੁੱਕੇ ਹਨ। ਹਰੇਕ ਹੱਕ-ਸੱਚ ਦੀ ਆਵਾਜ਼ ਨੂੰ ਉਠਾਉਣ ਵਾਲੇ ਉਪਰ ਝੂਠੇ ਕੇਸ ਪਾ ਕੇ ਜੇਲ੍ਹੀਂ ਡੱਕਿਆ ਜਾ ਰਿਹਾ ਹੈ। ਆਗੂ ਨੇ ਤਿੰਨ ਖੇਤੀ ਕਾਨੂੰਨਾਂ ਅਤੇ ਕਿਰਤ ਕਾਨੂੰਨ ਨੂੰ ਮਨੁੱਖ ਵਿਰੋਧੀ ਦੱਸਿਆ। ਜਥੇਬੰਦੀ ਦੇ ਸੂਬਾਈ ਆਗੂ ਧਰਮਪਾਲ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਹਰਭਜਨ ਬੁੱਟਰ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ, ਇਨਕਲਾਬੀ ਜਮਹੂਰੀ ਮੋਰਚਾ (ਪੰਜਾਬ) ਦੇ ਸੂਬਾ ਪ੍ਰਧਾਨ ਸਵਰਨਜੀਤ ਸਿੰਘ ਅਤੇ ਪੱਲੇਦਾਰ ਯੂਨੀਅਨ (ਆਜ਼ਾਦ) ਦੇ ਰਾਮਪਾਲ ਮੂਨਕ ਨੇ ਪੇਂਡੂ ਬੇਜ਼ਮੀਨਿਆਂ ਲਈ ਤੀਜੇ ਹਿੱਸੇ ਦੀ ਜ਼ਮੀਨ ਘੱਟ ਰੇਟ ’ਤੇ ਸਾਂਝੇ ਤੌਰ ਉੱਤੇ ਲੈਣ, ਬਾਕੀ ਦੋ ਹਿੱਸੇ ਛੋਟੀ ਅਤੇ ਗ਼ਰੀਬ ਕਿਸਾਨੀ ਲਈ ਰੱਖਣ, ਦਸ-ਦਸ ਮਰਲੇ ਦੇ ਪਲਾਟ ਅਤੇ ਉਸਾਰੀ ਲਈ ਪੰਜ-ਪੰਜ ਲੱਖ ਰੁਪਏ ਦਾ ਪ੍ਰਬੰਧ ਕਰਨ ਸਮੇਤ ਹੋਰ ਮੰਗਾਂ ਨੂੰ ਉਭਾਰਿਆ। ਇਸ ਮੌਕੇ ਮਹਿੰਗਾਈ, ਪਿੰਡ ਭਸੌੜ ਵਿੱਚ ਦਲਿਤ ਬੱਚਿਆਂ ਨਾਲ ਅਣਮਨੁੱਖੀ ਵਿਵਹਾਰ ਸਮੇਤ ਕਈ ਮੁੱਦਿਆਂ ਦੇ ਮਤੇ ਪੜ੍ਹ ਕੇ ਲੋਕਾਂ ਦੀ ਸਰਬਸੰਮਤੀ ਲਈ ਗਈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune