ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਲਈ ਧਰਨੇ-ਮੀਟਿੰਗਾਂ ਜਾਰੀ

May 13 2021

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਮਨਜੀਤ ਸਿੰਘ ਜਹਾਂਗੀਰ ਦੀ ਅਗਵਾਈ ਵਿੱਚ 224 ਵੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਦੇਣ ਦੀ ਗੱਲ ਕਹੀ, ਇਸ ਮੌਕੇ ਕਿਸਾਨ ਆਗੂਆ ਨੇ ਕਿਹਾ ਕਿ ਪੰਜਾਬ ਅੰਦਰ ਕਾਰਪੋਰੇਟ ਘਰਾਣਿਆਂ ਵੱਲੋਂ ਬਣਾਏ ਗਏ ਸੀਲੋ ਗੋਦਾਮਾਂ ਵਿਚ ਅਨਾਜ ਨਹੀਂ ਲੱਗਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਜਬੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਰੋਨਾ ਮਹਾਂਮਾਰੀ ਦੀ ਆੜ ਹੇਠ ਕਿਸਾਨੀ ਸੰਘਰਸ਼ ਨੂੰ ਬਦਨਾਮ ਨਹੀਂ ਹੋਣ ਦਿੱਤਾ ਜਾਵੇਗਾ,ਇਹ ਸੰਘਰਸ਼ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਖਤਮ ਹੋਵੇਗਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਜਸਪਾਲ ਪੇਧਨੀ, ਹਮੀਰ ਸਿੰਘ ਬੇਨੜਾ, ਗੁਰਮੀਤ ਕੌਰ ਬੇਨੜਾ, ਵੀ ਹਾਜ਼ਰ ਸਨ।

ਇੱਥੇ ਰਿਲਾਇੰਸ ਪੰਪ ਅੱਗੇ ਕਿਸਾਨਾਂ ਦਾ ਧਰਨਾ 223ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਾਰਪੋਰੇਟਸ ਦੀ ਕੱਠਪੁਤਲੀ ਭਾਜਪਾ ਪਾਰਟੀ ਦੀ ਮੌਜੂਦਾ ਸੈਂਟਰ ਸਰਕਾਰ ਵੱਲੋਂ ਲਿਆਂਦੇ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲੰਮੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਨੱਪੀ ਬੈਠੇ ਦੇਸ਼ ਦੇ ਕਿਰਤੀ ਲੋਕਾਂ ਦਾ ਹੌਸਲਾ ਵਧਾਉਣ ਅਤੇ ਪੰਡਾਲਾਂ ਵਿੱਚ ਕਿਰਤੀਆਂ ਦੀ ਸ਼ਮੂਲੀਅਤ ਬਰਕਰਾਰ ਰੱਖਣ ਦੇ ਲਈ ਪਿੰਡਾਂ ਵਿਚ ਮੀਟਿੰਗਾਂ - ਰੈਲੀਆਂ ਦਾ ਦੌਰ ਜਾਰੀ ਹੈ। ਫ਼ਸਲ ਦੀ ਕਟਾਈ ਤੋਂ ਬਾਅਦ ਵਿਹਲੇ ਹੋ ਕੇ ਕਿਸਾਨਾਂ- ਮਜ਼ਦੂਰਾਂ ਨੇ ਪਿੰਡਾਂ ਵਿੱਚੋਂ ਦਿਲੀ ਵੱਲ ਚਾਲੇ ਪਾ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜੇ ਕਿਰਤੀਆਂ ਨੇ ਆਪਣੀ ਰੋਜ਼ੀ-ਰੋਟੀ ਨੂੰ ਬਚਾਉਣਾ ਹੈ ਤਾਂ ਕਾਰਪੋਰੇਟ ਘਰਾਣਿਆਂ ਦੀਆਂ ਵੱਧ ਰਹੀਆਂ ਲੁੱਟ ਕਰਨ ਵਾਲੀਆਂ ਨੀਤੀਆਂ ਦਾ ਮੂੰਹ ਮੋੜਨ ਲਈ ਅਤੇ ਇਸ ਲੁੱਟ ਨੂੰ ਹੋਰ ਤੇਜ਼ ਕਰਨ ਦੇ ਮਨਸ਼ੇ ਤਹਿਤ ਲਿਆਂਦੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਤਿੱਖੇ ਸੰਘਰਸ਼ ਦੀ ਲੋੜ ਹੈੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune