ਕਿਸਾਨ ਮੇਲਾ: ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ

September 24 2019

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿੱਚ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾਂ ਕਿਸਾਨ ਮੇਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਨਾਲ ਪੰਜਾਬ ਦੇ ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਸੁਰਿੰਦਰ ਡਾਵਰ, ਰਾਕੇਸ਼ ਪਾਂਡੇ, ਕੁਲਦੀਪ ਸਿੰਘ ਵੈਦ, ਮੁੱਖ ਮੰਤਰੀ ਦੇ ਪ੍ਰਮੁੱਖ ਚੀਫ਼ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਈ ਵਾਰ ਪੀਏਯੂ ਆਏ ਹਨ ਪਰ ਇਸ ਵਾਰ ਕਿਸਾਨਾਂ ਦਾ ਇੰਨਾ ਵੱਡਾ ਇਕੱਠ ਦੇਖ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੀਏਯੂ ਨੇ ਸ਼ਾਨਦਾਰ ਖੋਜਾਂ ਕੀਤੀਆਂ ਜਿਸ ਸਦਕਾ ਮੁਲਕ ਦੇ ਕੁੱਲ ਰਕਬੇ ਦਾ 2 ਫ਼ੀਸਦੀ ਹੋਣ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰ ’ਚ ਕਾਫੀ ਵਾਧਾ ਕੀਤਾ। ਕੈਪਟਨ ਨੇ ਘੱਟ ਪਾਣੀ ਦੀ ਖਪਤ ਵਾਲੀਆਂ ਕਿਸਮਾਂ ਖੋਜਣ, ਤੁਪਕਾ ਸਿੰਜਾਈ ’ਤੇ ਜ਼ੋਰ ਦੇਣ ਦੇ ਨਾਲ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਸ਼ੀਨਾਂ ਰਾਹੀਂ ਪਾਉਣ ਦੀ ਸਲਾਹ ਦਿੱਤੀ। ਇਸ ਦੌਰਾਨ ਜਦੋਂ ਉਨ੍ਹਾਂ ਹੈਪੀ ਸੀਡਰ ਮਸ਼ੀਨ ਦੀ ਵਡਿਆਈ ਕੀਤੀ ਤਾਂ ਸਾਹਮਣੇ ਬੈਠੇ ਕਿਸਾਨਾਂ ਨੇ ਹੱਥ ਖੜ੍ਹੇ ਕਰਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਕਿਸਾਨਾਂ ਦੇ ਇਸ ਰਵੱਈਏ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਨਵੀਆਂ ਖੋਜਾਂ ਕਰਨ ਦਾ ਮਕਸਦ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨਾ ਹੈ ਅਤੇ ਇਹ ਹੁਣ ਤੁਹਾਡੇ ’ਤੇ ਨਿਰਭਰ ਹੈ ਕਿ ਇਸ ਦੀ ਵਰਤੋਂ ਕਰਨੀ ਹੈ ਜਾਂ ਨਹੀਂ। ਜਦੋਂ ‘ਸਾਦੇ ਵਿਆਹ ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ’ ਲਿਖਿਆ ਬੈਨਰ ਗਲ ’ਚ ਪਾਈ ਬਜ਼ੁਰਗ ਖੜ੍ਹਾ ਹੋਇਆ ਤਾਂ ਕੈਪਟਨ ਨੇ ਉਸ ਨੂੰ ਆਖਿਆ,‘‘ਇਹ ਚੋਲਾ ਜਿਹਾ ਪਾ ਕੇ ਤੁਸੀਂ ਕੀ ਦਿਖਾਉਣਾ ਚਾਹੁੰਦੇ ਹੋ।’’ ’ਵਰਸਿਟੀ ਅਧਿਕਾਰੀਆਂ ਅਤੇ ਹੋਰਨਾਂ ਨੇ ਜਦੋਂ ਕੈਪਟਨ ਨੂੰ ਇਸ ਬਾਬਤ ਦੱਸਿਆ ਤਾਂ ਉਨ੍ਹਾਂ ਆਪਣੀ ਗਲਤੀ ਸੁਧਾਰਦਿਆਂ ਬਜ਼ੁਰਗ ਨੂੰ ਸ਼ਾਬਾਸ਼ ਦਿੰਦਿਆਂ ਬਿਠਾ ਦਿੱਤਾ। ਮੁੱਖ ਮੰਤਰੀ ਦੀ ਆਮਦ ਕਾਰਨ ਕਈ ਥਾਵਾਂ ’ਤੇ ਸੁਰੱਖਿਆ ਕਾਰਨ ਰੋਕੇ ਕਿਸਾਨ ਵੀ ਪੁਲੀਸ ਮੁਲਾਜ਼ਮਾਂ ਨਾਲ ਬਹਿਸਦੇ ਦੇਖੇ ਗਏ।

ਸੂਬੇ ਦੇ ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨੀ ਨੂੰ ਬਚਾਅ ਕੇ ਹੀ ਦੇਸ਼ ਅਤੇ ਸੂਬੇ ਬਚ ਸਕਣਗੇ। ਉਨ੍ਹਾਂ ਕਿਸਾਨੀ ਤੇ ਜਵਾਨੀ ਬਚਾਅ ਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਗੰਨਾ ਅਤੇ ਹੋਰ ਫ਼ਸਲਾਂ ਦੀਆਂ ਕੀਮਤਾਂ ਵਿੱਚ ਸਥਿਰਤਾ ਲਿਆਉਣ ਦੀ ਲੋੜ ਹੈ ਅਤੇ ਇਨ੍ਹਾਂ ਫ਼ਸਲਾਂ ਦਾ ਭੁਗਤਾਨ ਸਮੇਂ ਸਿਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਲਾਨੌਰ ਵਿੱਚ 100 ਏਕੜ ’ਚ ਗੰਨਾ ਖੋਜ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਦਾ ਲਾਭ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਹੋਵੇਗਾ।

ਪੀਏਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਯੂਨੀਵਰਸਿਟੀ ਨਹੀਂ ਸਗੋਂ ਸਾਨੂੰ ਆਪਣੇ ਨਾਲ ਜੋੜਨ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਹੋਰ ਵਧੀਆ ਖੋਜਾਂ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਬਾਸਮਤੀ ਵਿਦੇਸ਼ਾਂ ’ਚ ਭੇਜੀ ਜਾਣੀ ਹੈ ਇਸ ਲਈ ਇਨ੍ਹਾਂ ’ਤੇ ਰਸਾਇਣਾਂ ਦੀ ਵਰਤੋਂ ਨਾ ਕਰਨ। ‘ਜੇਕਰ ਵਿਦੇਸ਼ਾਂ ਵਿੱਚੋਂ ਇਹ ਵਾਪਸ ਆ ਗਈ ਤਾਂ ਪੰਜਾਬ ਦੀ ਹੀ ਨਹੀਂ ਸਗੋਂ ਪੂਰੇ ਭਾਰਤ ਦੀ ਬੇਇੱਜ਼ਤੀ ਹੋਵੇਗੀ।’ ਉਨ੍ਹਾਂ ਕਿਹਾ ਕਿ ਝੋਨੇ ਸਬੰਧੀ ਜੇਕਰ ਕਿਸਾਨਾਂ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਰਸਾਇਣਾਂ ਦੀ ਵਰਤੋਂ ਕਰਨ ਦੀ ਥਾਂ ’ਵਰਸਿਟੀ ਦੇ ਮਾਹਿਰਾਂ ਨਾਲ ਸੰਪਰਕ ਕਰਨ।

ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਡਾ. ਸੁਤੰਤਰ ਕੁਮਾਰ ਏਰੀ, ਆਈਸੀਏਆਰ ਅਟਾਰੀ ਦੇ ਨਿਰਦੇਸ਼ਕ ਰਾਜਬੀਰ ਸਿੰਘ ਬਰਾੜ, ਪੀਏਯੂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ, ਸੀਨੀਅਰ ਪਲਾਂਟ ਬਰੀਡਰ ਡਾ. ਗੁਰਜੀਤ ਸਿੰਘ ਮਾਂਗਟ ਨੂੰ ਵੀ ਸਨਮਾਨਿਤ ਕੀਤਾ ਗਿਆ। ਡਾ. ਮਾਹਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਨਿਰੰਤਰ ਪੀਏਯੂ ਵੱਲੋਂ ਪ੍ਰਕਾਸ਼ਿਤ ਹੁੰਦੇ ਸਾਹਿਤ, ਪੀਏਯੂ ਕਿਸਾਨ ਐਪ, ਹਫ਼ਤਾਵਾਰ ਡਿਜੀਟਲ ਅਖ਼ਬਾਰ ‘ਖੇਤੀ ਸੰਦੇਸ਼’ ਅਤੇ ਮਾਸਿਕ ਰਸਾਲੇ ‘ਚੰਗੀ ਖੇਤੀ’ ਨਾਲ ਜੁੜਨ ਦੀ ਅਪੀਲ ਕੀਤੀ। ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਅਤੇ ਗੁਆਂਢੀ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ। ਖੇਤ ਪ੍ਰਦਰਸ਼ਨੀਆਂ, ਨੁਮਾਇਸ਼ਾਂ, ਨਵੀਆਂ ਕਿਸਮਾਂ ਦੇ ਬੀਜਾਂ ਅਤੇ ਫ਼ਲਦਾਰ ਬੂਟਿਆਂ ਦੀ ਖਰੀਦ ਸਬੰਧੀ ਕਿਸਾਨਾਂ ਦਾ ਉਤਸ਼ਾਹ ਦੇਖਣਯੋਗ ਸੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ