ਕਿਸਾਨਾਂ ਦੀ ਖ਼ਰਾਬ ਫ਼ਸਲ ਬਾਰੇ ਕੈਪਟਨ ਦਾ ਐਲਾਨ

April 18 2019

ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਜਤਾਇਆ ਹੈ।

ਪੰਜਾਬ ਵਿੱਚ ਬਾਰਸ਼ ਤੇ ਹਨੇਰੀ ਨਾਲ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਨੂੰ ਖਦਸ਼ਾ ਹੈ ਕਿ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦੇਵੇਗੀ। ਇਸ ਬਾਰੇ ਕੈਪਟਨ ਨੇ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਏਗਾ।

ਬਠਿੰਡਾ ਤੇ ਫਿਰੋਜ਼ਪੁਰ ਸੀਟ ਬਾਰੇ ਚਰਚਾ ਕਰਦਿਆਂ ਕੈਪਟਨ ਨੇ ਕਿਹਾ ਕਿ ਅਗਲੇ ਦੋ-ਤਿੰਨ ਦਿਨਾਂ ਵਿੱਚ ਦੋਵੇਂ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਏਗਾ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨਵਜੋਤ ਸਿੱਧੂ ਤੇ ਚੋਣ ਕਮਿਸ਼ਨ ਵੱਲੋਂ ਦਰਜ ਕਰਵਾਏ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੀ ਖਬਰ ਹੀ ਪੜ੍ਹੀ ਹੈ, ਅਧਿਕਾਰਤ ਤੌਰ ਤੇ ਉਨ੍ਹਾਂ ਨੂੰ ਹੁਣ ਤੱਕ ਕੋਈ ਜਾਣਕਾਰੀ ਨਹੀਂ ਪਹੁੰਚੀ। ਕੈਪਟਨ ਨੇ ਕਿਹਾ ਕਿ ਸਮਾਜ ਵਿੱਚ ਸਾਰੇ ਧਰਮ ਇੱਕ ਹਨ ਤੇ ਸਾਰੇ ਹੀ ਧਰਮਾਂ ਤੋਂ ਵੋਟ ਮੰਗਣੀ ਜਾਇਜ਼ ਹੈ।


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ