ਕਿਸਾਨਾਂ ਲਈ ਰਾਹਤ ਦੀ ਖ਼ਬਰ, ਸੂਬਾ ਸਰਕਾਰ ਕਿਸਾਨਾਂ ਨੂੰ 50% ਸਬਸਿਡੀ ‘ਤੇ ਦਏਗੀ ਕਣਕ ਦਾ ਬੀਜ

November 02 2020

ਪੰਜਾਬ ਸਰਕਾਰ ਨੇ ਹਾੜ੍ਹੀ ਸੀਜ਼ਨ ਦੌਰਾਨ 50% ਸਬਸਿਡੀ ਤੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜ ਮੁਹੱਈਆ ਕਰਵਾਏਗੀ। ਇਸ ਦੇ ਲਈ ਖੇਤੀਬਾੜੀ ਵਿਭਾਗ ਨੇ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ -2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਤਹਿਤ ਕੁੱਲ 1.85 ਲੱਖ ਕੁਇੰਟਲ ਬੀਜ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਮੁਹੱਈਆ ਕਰਵਾਏ ਜਾਣਗੇ।

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਉਣ ਲਈ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਲਫਰ ਕੀਤੀ ਜਾਵੇ।

ਵਧੀਕ ਮੁੱਖ ਸਕੱਤਰ ਅਨੀਰੁਧ ਤਿਵਾੜੀ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ 1 ਨਵੰਬਰ ਤੋਂ ਸਬਸਿਡੀ ਲਈ ਅਪਲਾਈ ਕਰ ਸਕਦੇ ਹਨ। ਦੱਸ ਦਈਏ ਕਿ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਦਾ ਸਿੱਧਾ ਲਾਭ ਲਗਪਗ ਸੂਬੇ ਦੇ 2.5 ਲੱਖ ਕਿਸਾਨਾਂ ਨੂੰ ਮਿਲੇਗਾ।

ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ ਆਪਣੀਆਂ ਅਰਜ਼ੀਆਂ ਦਾਖਲ ਕਰ ਸਕਦੇ ਹਨ। ਤਿਵਾੜੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ’ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਬੀਜਾਂ ਦੀ ਗੁਣਵੱਤਾ ਬਾਰੇ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਬੀਜ ਏਜੰਸੀਆਂ ਦੇ ਅਧਿਕਾਰੀ ਅਤੇ ਖੇਤੀਬਾੜੀ ਅਧਿਕਾਰੀ ਜ਼ਿੰਮੇਵਾਰ ਹੋਣਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live