ਕਿਸਾਨਾਂ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ

March 04 2021

ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਕੈਪਟਨ ਸਰਕਾਰ ਨੂੰ ਵੀ ਕਰੜ੍ਹੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਪੰਜਾਬ ਤੋਂ ਬਾਹਰ ਹੋਣ ਦਾ ਨਾਜਾਇਜ਼ ਫਾਇਦਾ ਉਠਾ ਕੇ ਮੋਦੀ ਸਰਕਾਰ ਦੇ ਏਜੰਡੇ ਲਾਗੂ ਕਰਨ ਦੇ ਰਾਹ ਪੈ ਗਈ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਸਾਨ ਸੰਘਰਸ਼ ਦੇ ਹੱਕ ਵਿੱਚ ਹੈ ਜਾਂ ਮੋਦੀ ਸਰਕਾਰ ਦੇ ਪੱਖ ਵਿੱਚ। ਇਥੇ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਦਾ ਪੱਕਾ ਰੋਸ ਧਰਨਾ ਜਾਰੀ ਹੈ, ਜਦੋਂ ਕਿ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਕਿਸਾਨ ਡਟੇ ਹੋਏ ਹਨ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਦੇ ਕਿਸਾਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਮੋਰਚੇ ਲਗਾ ਕੇ ਬੈਠੇ ਹਨ, ਜਿਸ ਦਾ ਨਾਜਾਇਜ਼ ਫਾਇਦਾ ਉਠਾਉਂਦਿਆਂ ਪੰਜਾਬ ਦੀ ਕੈਪਟਨ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਦੇ ਏਜੰਡੇ ਨੂੰ ਲਾਗੂ ਕਰਨ ਦੇ ਰਾਹ ਪੈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵਿਰੋਧ ਬਾਵਜੂਦ ਕੈਪਟਨ ਸਰਕਾਰ ਨੇ ਚਿੱਪ ਵਾਲੇ ਬਿਜਲੀ ਮੀਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਲੋਕਾਂ ਦੇ ਵਿਰੋਧ ਦੇ ਬਾਵਜੂਦ ਅਜਿਹੀ ਸਹੂਲਤ ਨੂੰ ਜਬਰੀ ਨਹੀਂ ਥੋਪਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਜਬਰੀ ਚਿੱਪ ਵਾਲੇ ਮੀਟਰ ਲਗਾਉਣ ਦੇ ਫ਼ੈਸਲੇ ਖ਼ਿਲਾਫ਼ ਜਲਦੀ ਹੀ ਮੀਟਿੰਗ ਕਰਕੇ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਬੁਲਾਰਿਆਂ ਨੇ ਹਰ ਵਰਗ ਦੇ ਲੋਕਾਂ ਨੂੰ ਖੇਤੀ ਕਾਨੂੰਨਾਂ ਸਮੇਤ ਸਰਕਾਰਾਂ ਵੱਲੋਂ ਜਬਰੀ ਥੋਪੇ ਜਾ ਰਹੇ ਵਾਲੇ ਫ਼ੈਸਲਿਆਂ ਖ਼ਿਲਾਫ਼ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਤਾਂ ਜੋ ਲੋਕ ਵਿਰੋਧੀ ਫ਼ੈਸਲਿਆਂ ਨੂੰ ਲਾਗੂ ਹੋਣ ਤੋਂ ਰੋਕਿਆ ਜਾ ਸਕੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune