ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨ ਅੰਦੋਲਨ ਭਖਿਆ

September 15 2020

ਕੇਂਦਰ ਸਰਕਾਰ ਵੱਲੋਂ ਤਿੰਨ ਆਰਡੀਨੈਂਸਾਂ ਨੂੰ ਅੱਜ ਲੋਕ ਸਭਾ ਵਿੱਚ ਪੇਸ਼ ਕਰਨ ਨਾਲ ਹੀ ਪੰਜਾਬ ਅਤੇ ਹਰਿਆਣਾ ’ਚ ਕਿਸਾਨ ਅੰਦੋਲਨ ਵੀ ਪ੍ਰਚੰਡ ਰੂਪ ਅਖ਼ਤਿਆਰ ਕਰ ਗਿਆ ਹੈ। ਪੰਜਾਬ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਬਿਆਸ, ਹਰੀਕੇ ਹੈੱਡ ਅਤੇ ਟਾਂਡਾ-ਸ੍ਰੀਹਰਗੋਬਿੰਦਪੁਰ ਪੁਲਾਂ ਉੱਤੇ ਆਵਾਜਾਈ ਰੋਕੀ ਗਈ। ਦਸ ਕਿਸਾਨ ਜਥੇਬੰਦੀਆਂ ਨੇ ਪੰਜ ਥਾਵਾਂ ਉੱਤੇ ਵੱਡੀਆਂ ਰੈਲੀਆਂ ਕੀਤੀਆਂ। ਦਸ ਹੋਰ ਜਥੇਬੰਦੀਆਂ ਨੇ 15 ਸਤੰਬਰ ਨੂੰ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰਨ ਅਤੇ ਬੀਕੇਯੂ (ਉਗਰਾਹਾਂ) ਨੇ ਪਟਿਆਲਾ ਅਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਹੈ। ਹਰਿਆਣਾ ਦੀਆਂ 19 ਕਿਸਾਨ ਜਥੇਬੰਦੀਆਂ ਨੇ ਵੀ 15 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ, 20 ਨੂੰ ਸੜਕਾਂ ਜਾਮ ਅਤੇ 27 ਸਤੰਬਰ ਤੋਂ ਸੂਬੇ ਭਰ ਦੀ ਯਾਤਰਾ ਦਾ ਐਲਾਨ ਕੀਤਾ ਹੈ।

ਜੇਲ੍ਹ ਭਰੋ ਅੰਦੋਲਨ ਦੇ 8ਵੇਂ ਦਿਨ ਵੱਡੀ ਗਿਣਤੀ ਵਿੱਚ ਬੀਬੀਆਂ ਸਮੇਤ ਕਿਸਾਨਾਂ ਅਤੇ ਮਜ਼ਦੂਰਾਂ ਨੇ ਬਿਆਸ ਪੁਲ, ਹਰੀਕੇ ਹੈੱਡ ਅਤੇ ਟਾਂਡਾ ਸ੍ਰੀ ਹਰਗੋਬਿੰਦਪੁਰ ਪੁਲ ਉੱਤੇ ਮੁਕੰਮਲ ਜਾਮ ਕਰਕੇ ਆਵਾਜਾਈ ਠੱਪ ਕੀਤੀ ਗਈ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਲਿਆਂਦੇ ਬਿੱਲਾਂ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਗੰਭੀਰ ਹੈ ਤਾਂ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਵਾਉਣਾ ਚਾਹੀਦਾ ਹੈ। ਊਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਅਤੇ ਬੈਂਕਿੰਗ ਰੈਗੂਲੇਸ਼ਨ, ਵਾਤਾਵਰਣ, ਸਿੱਖਿਆ ਨੀਤੀ ਅਤੇ ਹੋਰ ਬਹੁਤ ਸਾਰੇ ਕੇਂਦਰ ਸਰਕਾਰ ਦੇ ਫ਼ੈਸਲੇ ਸੰਘਵਾਦ ਅਤੇ ਲੋਕ ਵਿਰੋਧੀ ਹਨ।

ਮੁਲਕ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਪੰਜਾਬ ਦੀਆਂ ਦਸ ਕਿਸਾਨ ਜਥੇਬੰਦੀਆਂ ਨੇ ਬਰਨਾਲਾ, ਮੋਗਾ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ’ਚ ਲਲਕਾਰ ਰੈਲੀਆਂ ਕਰ ਕੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਬੀਕੇਯੂ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ), ਕਿਸਾਨ ਸਭਾ ਪੰਜਾਬ, ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ), ਕਿਸਾਨ ਸੰਘਰਸ਼ ਕਮੇਟੀ (ਪੰਜਾਬ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਜੈ ਕਿਸਾਨ ਅੰਦੋਲਨ ਦੇ ਸੱਦੇ ਉੱਤੇ ਪੰਜ ਥਾਵਾਂ ਉੱਤੇ ਹੋਏ ਵੱਡੇ ਇਕੱਠਾਂ ਦੌਰਾਨ ਔਰਤਾਂ ਅਤੇ ਨੌਜਵਾਨਾਂ ਦੀ ਵੱਡੀ ਭੂਮਿਕਾ ਰਹੀ। ਇਨ੍ਹਾਂ ਜਥੇਬੰਦੀਆਂ ਨੇ ਨਾਗਰਿਕ ਸੋਧ ਬਿੱਲ, ਘੱਟ ਗਿਣਤੀਆਂ ਅਤੇ ਵੱਖਰੇ ਵਿਚਾਰਾਂ ਵਾਲੇ ਕਾਰਕੁਨਾਂ ਖਿਲਾਫ਼ ਮੋਦੀ ਸਰਕਾਰ ਵੱਲੋਂ ਦੇਸ਼ਧ੍ਰੋਹ ਦੇ ਦਰਜ ਕੀਤੇ ਗਏ ਕੇਸਾਂ ਦਾ ਵੀ ਵਿਰੋਧ ਕੀਤਾ ਗਿਆ। ਜਥੇਬੰਦੀਆਂ ਨੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 16 ਸਤੰਬਰ ਨੂੰ ਮੀਟਿੰਗ ਰੱਖ ਲਈ ਹੈ।

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਲੱਖੋਵਾਲ, ਸਿੱਧੂਪੁਰ ਗਰੁੱਪ, ਬੀਕੇਯੂ (ਕਾਦੀਆਂ) ਦੋਆਬਾ ਕਿਸਾਨ ਸੰਘਰਸ਼ ਕਮੇਟੀ, ਬੀਕੇਯੂ (ਮਾਨਸਾ), ਇੰਡੀਅਨ ਫਾਰਮਰਜ਼ ਐਸੋਸੀਏਸ਼ਨ, ਗੰਨਾ ਸੰਘਰਸ਼ ਕਮੇਟੀ ਸਮੇਤ ਦਸ ਕਿਸਾਨ ਜਥੇਬੰਦੀਆਂ ਨੇ 15 ਸਤੰਬਰ ਨੂੰ ਸੂਬੇ ਦੀਆਂ 25 ਥਾਵਾਂ ਉੱਤੇ ਮੁੱਖ ਸੜਕਾਂ ਜਾਮ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਬੀਕੇਯੂ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਬਾਹਰ ਜਾਣ ਵਾਲੇ ਕੰਮ ਨਾ ਉਲੀਕਣ। ਲੱਖੋਵਾਲ ਨੇ ਦੱਸਿਆ ਕਿ ਲੋਕ ਸਭਾ ਵਿੱਚ ਬਿੱਲ ਪੇਸ਼ ਕਰਨ ਦੇ ਵਿਰੋਧ ਵਿੱਚ ਦਿੱਲੀ ’ਚ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਨਰੇਸ਼ ਟਿਕੈਤ ਦੀ ਅਗਵਾਈ ਹੇਠ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨਾਂ ਨੇ ਸੰਕੇਤਕ ਧਰਨਾ ਦਿੱਤਾ।

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪਟਿਆਲਾ ਅਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਦਿਨ-ਰਾਤ ਦੇ ਪੱਕੇ ਮੋਰਚੇ ਲਗਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਤੋਂ ਸਾਵਧਾਨੀਆਂ ਲਈ ਲੋੜੀਂਦੇ ਮਾਸਕ, ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਧਰਨਿਆਂ ਵਿੱਚ ਖੇਤੀ ਆਰਡੀਨੈਂਸਾਂ ਤੋਂ ਇਲਾਵਾ ਜਮਹੂਰੀ ਹੱਕਾਂ ਨੂੰ ਕੁਚਲਣ ਵਾਲੇ ਕਾਨੂੰਨਾਂ ਅਧੀਨ ਝੂਠੇ ਕੇਸਾਂ ਵਿੱਚ ਫਸਾਏ ਬਜ਼ੁਰਗ ਕਵੀ ਵਰਵਰਾ ਰਾਓ, ਪ੍ਰੋਫੈਸਰ ਸਾਈਂਬਾਬਾ, ਜਾਮੀਆ ਦੇ ਵਿਦਿਆਰਥੀਆਂ ਸਮੇਤ ਸਭ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ ਜਾਵੇਗੀ।

ਹਰਿਆਣਾ ਦੇ ਜੀਂਦ ’ਚ 19 ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ 15 ਸਤੰਬਰ ਤੋਂ ਜ਼ਿਲ੍ਹਾ ਮੁੱਖ ਦਫ਼ਤਰਾਂ ਉੱਤੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ। ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਅਨੁਸਾਰ ਜੇਕਰ ਫਿਰ ਵੀ ਕੇਂਦਰ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਛੱਡਿਆ ਤਾਂ 20 ਸਤੰਬਰ ਨੂੰ ਤਿੰਨ ਘੰਟੇ ਲਈ ਹਰਿਆਣਾ ਦੀਆਂ ਸੜਕਾਂ ਜਾਮ ਕੀਤੀਆਂ ਜਾਣਗੀਆਂ। ਇਸ ਤੋਂ ਪਿੱਛੋਂ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ 27 ਸਤੰਬਰ ਤੋਂ ਸੂਬਾ ਪੱਧਰ ਦੀ ਯਾਤਰਾ ਸ਼ੁਰੂ ਕੀਤੀ ਜਾਵੇਗੀ।

ਅਕਾਲੀ ਦਲ (ਡੀ) ਵੱਲੋਂ ਕਿਸਾਨਾਂ ਦੇ ਜਾਮ ਨੂੰ ਹਮਾਇਤ

ਚੰਡੀਗੜ੍ਹ:

ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਖਿਲਾਫ਼ ਭਲਕੇ ਦੋ ਘੰਟੇ ਲਈ ਸੜਕਾਂ ਜਾਮ ਕਰਨ ਦੇ ਸੱਦੇ ਦੀ ਹਮਾਇਤ ਕੀਤੀ ਹੈ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਿਆਨ ਰਾਹੀਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ 85 ਫ਼ੀਸਦ ਲੋਕਾਂ ਦੀ ਰੋਜ਼ੀ-ਰੋਟੀ ਦਾ ਸੁਆਲ ਹੈ। ਊਨ੍ਹਾਂ ਕਿਹਾ ਕਿ ਬਿੱਲ ਖੇਤੀ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਕੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਸ੍ਰੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਮੁੜ ਪਾਜ਼ੇਟਿਵ ਆਈ ਹੈ। ਇਸ ਕਰਕੇ ਉਹ ਪਾਰਲੀਮੈਂਟ ਨਹੀਂ ਜਾ ਸਕਦੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune