ਜੀਓ ਰਿਲਾਇੰਸ ਦਫ਼ਤਰ ਤੇ ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ

January 30 2021

ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਟੌਲ ਪਲਾਜ਼ਾ ’ਤੇ ਦਿੱਤਾ ਜਾ ਰਿਹਾ ਧਰਨਾ 113ਵੇਂ ਦਿਨ ’ਚ ਪਹੁੰਚ ਚੁੱਕਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਪਰਮਿੰਦਰ ਸਿੰਘ ਲਾਚੋਵਾਲ ਅਤੇ ਉਂਕਾਰ ਸਿੰਘ ਧਾਮੀ ਨੇ ਕਿਹਾ ਕਿ ਇਕ-ਦੂਜੇ ਦੇ ਇਲਜ਼ਾਮਾਂ ਤੋਂ ਬਚਣਾ ਅਤੇ ਏਕੇ ਨੂੰ ਮਜ਼ਬੂਤ ਰੱਖਣਾ ਹੀ, ਸਰਕਾਰ ਦੇ ਹਰ ਵਾਰ ਦਾ ਜਵਾਬ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਬੇਸ਼ੱਕ ਸਰਕਾਰੀ ਚਾਲਾਂ ਚੱਲ ਕੇ ਸੰਘਰਸ਼ ਨੂੰ ਰੋਕਣ ਲਈ ਸਰਗਰਮ ਹੈ ਪਰ ਕਿਸਾਨੀ ਸੰਘਰਸ਼ ਭਾਜਪਾ ਦੀਆਂ ਜੜ੍ਹਾਂ ਹਿਲਾਉਣ ਦੇ ਸਮਰੱਥ ਹੈ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਵਲੋਂ ਮਿੰਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਦਿਨ ਰਾਤ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਅੱਜ 79ਵੇਂ ਦਿਨ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਹੋਈਆਂ ਮਾੜੀਆਂ ਘਟਨਾਵਾਂ ਪਿੱਛੇ ਕੇਂਦਰ ਸਰਕਾਰ ਦਾ ਹੱਥ ਹਕੀਕਤਾਂ ਨੇ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ ਹੈ।

ਰਿਲਾਇੰਸ ਮੌਲ ਗੜ੍ਹਸ਼ੰਕਰ ਸਾਹਮਣੇ ਧਰਨਾ ਤੇ ਰੈਲੀ ਮੌਕੇ ਦਰਸ਼ਨ ਸਿੰਘ ਮੱਟੂ ਸੂਬਾਈ ਮੀਤ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ ਨੇ ਤਿੰਨ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਗਰਾਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੋਕੇ ਉਨ੍ਹਾਂ ਦਿੱਲੀ ਦੇ ਬਾਰਡਰਾਂ ਤੇ ਕਿਸਾਨਾ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ।

ਟੌਲ ਪਲਾਜ਼ਾ ਤੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਹੰਗਾਮੀ ਬੈਠਕ ਪ੍ਰਧਾਨ ਵਿਜੇ ਸਿੰਘ ਬਹਿਬਲ ਮੰਜ ਦੀ ਅਗਵਾਈ ਹੇਠ ਹੋਈ। ਬੈਠਕ ਉਪਰੰਤ ਗੱਲਬਾਤ ਕਰਦਿਆਂ ਆਗੂਆਂ ਨੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੁੱਝ ਫਿਰਕਾਪ੍ਰਸਤ ਵਿਅਕਤੀਆਂ ਨੇ ਲਾਲ ਕਿਲੇ ’ਤੇ ਧਾਰਮਿਕ ਝੰਡਾ ਲਹਿਰਾਕੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇ।

ਅੱਜ ਟੌਲ ਪਲਾਜਾ ਲਦਪਾਲਵਾਂ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਦਿੱਲੀ ਵਿੱਚ ਮੋਦੀ ਸਰਕਾਰ ਵਲੋਂ ਕਰਵਾਈਆਂ ਗਈਆਂ ਘਟਨਾਵਾਂ ਦੀ ਨਿੰਦਾ ਕੀਤੀ ਗਈ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਉਪਰ ਦਰਜ ਕੀਤੇ ਗਏ ਝੂਠੇ ਪਰਚੇ ਦੀ ਆਲੋਚਨਾ ਕੀਤੀ ਗਈ। ਮੋਦੀ-ਗੋਦੀ ਮੀਡੀਆ ਵਲੋਂ ਕੀਤੇ ਜਾ ਰਹੇ ਗਲਤ ਪ੍ਰਚਾਰ ਦੀ ਵੀ ਪੁਰਜੋਰ ਸ਼ਬਦਾਂ ਨਾਲ ਨਿੰਦਾ ਕੀਤੀ ਗਈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune