ਟੌਲ ਪਲਾਜ਼ਿਆਂ ’ਤੇ ਕਿਸਾਨ ਸੰਘਰਸ਼ ਭਖਿਆ

December 02 2020

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਦਿੱਲੀ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨਾਂ ਦੀ ਸ਼ਮੂਲੀਅਤ ਦੇ ਬਾਵਜੂਦ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਅੱਗੇ ਅੱਜ 62 ਵੇਂ ਦਿਨ ਵੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਮਾਝੀ ’ਤੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਕਿਸਾਨ ਆਗੂ ਸੁਖਦੇਵ ਸਿੰਘ ਬਾਲਦ ਕਲਾਂ, ਬਘੇਲ ਸਿੰਘ ਮਾਝੀ, ਅੰਗਰੇਜ਼ ਸਿੰਘ, ਹਾਕਮ ਸਿੰਘ, ਲਾਭ ਸਿੰਘ, ਮੇਜਰ ਸਿੰਘ ਬਾਲਦ ਕਲਾਂ, ਚਰਨਜੀਤ ਭੜੋ, ਗੁਰਚਰਨ ਸਿੰਘ ਬੀਂਬੜੀ, ਜਗਦੀਸ ਸਿੰਘ, ਹਰਦੀਪ ਨਕਟੇ, ਕੁਲਵੰਤ ਕੌਰ ਨਕਟੇ, ਕੁਲਵਿੰਦਰ ਕੌਰ, ਸਾਨੀਆਂ ਬੇਗਮ, ਜਸ਼ਨਦੀਪ ਕੌਰ ਤੇ ਅਵਤਾਰ ਸਿੰਘ ਬਾਲਦ ਖੁਰਦ ਨੇ ਕਿਹਾ ਕਿ ਦਿੱਲੀ ਮੋਰਚੇ ਦੇ ਬਾਵਜੂਦ ਇੱਥੇ ਵੀ ਸੰਘਰਸ਼ ਦੇ ਅਖਾੜੇ ਮਘਦੇ ਰਹਿਣਗੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੁਖਦੇਵ ਸਿੰਘ ਘਰਾਚੋਂ, ਮੇਵਾ ਸਿੰਘ ਕਾਲਾਝਾੜ, ਬਲਵੀਰ ਸਿੰਘ ਨਾਗਰਾ ਤੇ ਚਰਨਜੀਤ ਕੌਰ ਰਾਜਪੁਰਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਤੇ ਪੈਟਰੋਲ ਪੰਪ ਬਾਲਦ ਕਲਾਂ ਵਿੱਚ ਲਗਾਏ ਧਰਨੇ ਵਿੱਚ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਤੇ ਬਿਜਲੀ ਕਾਨੂੰਨ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹੁਣ ਹੋਰ ਵੀ ਸਹਿਯੋਗ ਮਿਲ ਰਿਹਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune