ਦੁਕਾਨਦਾਰਾਂ ਦੇ ਹੱਕ ’ਚ ਆਏ ਸਰਵਣ ਪੰਧੇਰ, ਕਿਹਾ ਡੰਡੇ ਦੇ ਜ਼ੋਰ ਤੇ ਕੋਰੋਨਾ ਨਾਲ ਨਹੀਂ ਲੜਿਆ ਜਾ ਸਕਦਾ

May 10 2021

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲਾਕਡਾਊਨ ਦੀ ਮਾਰ ਸਹਿ ਰਹੇ ਦੁਕਾਨਦਾਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੀਅਤ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਜਨਤਾ ਅਤੇ ਕਿਸਾਨਾਂ ਦਾ ਸ਼ੋਸ਼ਣ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਡੰਡੇ ਦੇ ਜ਼ੋਰ ਤੇ ਮਹਾਂਮਾਰੀ ਨਾਲ ਨਹੀਂ ਲੜਿਆ ਜਾ ਸਕਦਾ। 

ਉਹਨਾਂ ਕਿਹਾ ਕਿ ਕੈਪਟਨ ਸਰਕਾਰ ਅਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰ ਰਹੀ ਸੀ ਅਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਸੀ। ਪਰ ਹੁਣ ਕੈਪਟਨ ਸਰਕਾਰ ਮੋਦੀ ਸਰਕਾਰ ਦੇ ਰਾਹ ’ਤੇ ਤੁਰ ਪਈ ਹੈ। ਕੋਰੋਨਾ ਮਹਾਂਮਾਰੀ ਦੇ ਨਾਂਅ ’ਤੇ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰਾਂ ਕੋਲ ਲੋਕਾਂ ਲਈ ਕੋਈ ਸਹੂਲਤ ਨਹੀਂ ਹੈ। ਇਸ ਦੇ ਉਲਟ ਸਰਕਾਰ ਦੋਹਰੀ ਰਣਨੀਤੀ ਅਪਣਾ ਰਹੀ ਹੈ। ਸਰਕਾਰ ਵੱਲੋਂ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਉੱਤੇ ਜ਼ੁਲਮ ਕੀਤਾ ਜਾ ਰਿਹਾ ਹੈ।

ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੂੰ ਇਸ ਮਹਾਂਮਾਰੀ ਸਮੇਂ ਜਨਤਾ ਪ੍ਰਤੀ ਫਰਜ਼ ਨਿਭਾਉਂਦਿਆਂ ਉਹਨਾਂ ਨੂੰ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਡੀਜੀਪੀ ਨੂੰ ਹੁਕਮ ਦੇਣ ਦੀ ਬਜਾਏ ਸਿਹਤ ਵਿਭਾਗ ਨੂੰ ਹੁਕਣ ਦੇਣ। ਉਹਨਾਂ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਦੀ ਲੋਕਾਂ ਪ੍ਰਤੀ ਜਵਾਬਦੇਹੀ ਹੁੰਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਸਮੱਸਿਆਵਾਂ ਦਾ ਹੱਲ ਲੱਭਿਆ ਜਾਵੇ।

ਉਹਨਾਂ ਨੇ ਸਵਾਲ ਕਰਦਿਆਂ ਪੁੱਛਿਆ ਕਿ ਜੇਕਰ ਕੋਈ ਮੰਤਰੀ ਜਾਂ ਐਮਐਲਏ ਕੇਰੋਨਾ ਦਾ ਸ਼ਿਕਾਰ ਹੋਵੇ ਤਾ ਉਸ ਦਾ ਇਲਾਜ ਪ੍ਰਾਈਵੇਟ ਹਸਪਤਾਲਾਂ ਵਿਚ ਕੀਤਾ ਜਾਂਦਾ ਅਤੇ ਦੇਸ਼ ਦੀ ਜਨਤਾ ਸਰਕਾਰੀ ਹਸਪਤਾਲਾਂ ਵਿਚ ਧੱਕੇ ਖਾ ਰਹੀ ਹੈ। ਪੰਧੇਰ ਨੇ ਕਿਹਾ ਕਿ ਜੇਕਰ ਹੁਣ ਵੀ ਸਰਕਾਰਾਂ ਨਾ ਜਾਗੀਆਂ ਅਤੇ ਕਿਸਾਨਾਂ ਤੇ ਦੁਕਾਨਦਾਰਾਂ ਉੱਤੇ ਤਸ਼ੱਦਦ ਕੀਤਾ ਤਾਂ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਜਵਾਬ ਦਿੱਤਾ ਜਾਵੇਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman