ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 100 ਕਰੋੜ ਦਾ ਗੱਫਾ

May 26 2021

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਗੰਨਾ ਕਾਸ਼ਤਕਾਰਾਂ ਦੀ 2019-20 ਤੇ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਹੈ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਦੀ ਲਗਪਗ 31 ਕਰੋੜ ਰੁਪਏ ਤੇ ਬਫਰ ਸਟਾਕ ਸਬਸਿਡੀ ਦੀ ਲਗਪਗ 10 ਕਰੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਝੋਨੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਆਪਣੇ ਪੱਧਰ ’ਤੇ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਾਲ 2021-22 ਦੇ ਬਜਟ ਵਿੱਚ 300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਲਗਪਗ 41 ਕਰੋੜ ਰੁਪਏ ਦੀ ਅਦਾਇਗੀ ਲਈ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੇ ਇੰਡੀਅਨ ਕੌਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰ ਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸੇ ਯੋਜਨਾ ਤਹਿਤ ਕਲਾਨੌਰ ਵਿੱਚ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live