ਮੌਸਮ ਵਿਭਾਗ ਦੀ ਚੇਤਾਵਨੀ, 4 ਜਨਵਰੀ ਤੱਕ ਬਾਰਸ਼ ਦੇ ਆਸਾਰ

January 02 2020

ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਦਿਨਾਂ ਵਿੱਚ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ 31 ਦਸੰਬਰ ਤੋਂ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਨਾਲ ਉੱਤਰੀ ਖੇਤਰੀ ਵਿੱਚ ਠੰਢ ਹੋਰ ਵਧਣ ਦੇ ਆਸਾਰ ਹਨ। ਇਸ ਵਾਰ ਠੰਢ ਨੇ ਕਈ ਸਾਲਾਂ ਦੀ ਰਿਕਾਰਡ ਤੋੜ ਦਿੱਤਾ ਹੈ।

ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ’ਚ ਕਈ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ। ਦੋਵੇਂ ਸੂਬਿਆਂ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਤੱਕ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ ਕਿਉਂਕਿ 31 ਦਸੰਬਰ ਤੋਂ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ।

ਉਧਰ, ਨਵੇਂ ਸਾਲ ਦੀ ਆਮਦ ਮੌਕੇ ਹਿਮਾਚਲ ਪ੍ਰਦੇਸ਼ ਦੇ ਮਨਾਲੀ, ਕੁਫ਼ਰੀ, ਡਲਹੌਜ਼ੀ ਸਣੇ ਕਈ ਹੋਰ ਥਾਵਾਂ ਦਾ ਤਾਪਮਾਨ ਸਿਫ਼ਰ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਦੇਸ਼ ਭਰ ਤੋਂ ਸੈਲਾਨੀ ਇੱਥੇ ਨਵਾਂ ਸਾਲ ਮਨਾਉਣ ਪਹੁੰਚੇ ਹੋਏ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਚੇ ਪਹਾੜੀ ਇਲਾਕਿਆਂ ਲਾਹੌਲ-ਸਪਿਤੀ ਤੇ ਕਿਨੌਰ ਜ਼ਿਲ੍ਹਿਆਂ ਵਿੱਚ ਭਲਕੇ ਬਰਫ਼ਬਾਰੀ ਹੋ ਸਕਦੀ ਹੈ, ਜਦਕਿ ਸ਼ਿਮਲਾ, ਕੁਫ਼ਰੀ ਤੇ ਮਨਾਲੀ ਵਿੱਚ ਦੋ ਤੇ ਤਿੰਨ ਜਨਵਰੀ ਨੂੰ ਬਰਫ਼ ਪੈਣ ਦੀ ਸੰਭਾਵਨਾ ਹੈ।

ਮੰਗਲਵਾਰ ਨੂੰ ਧੁੱਪ ਨਿਕਲਣ ਦੇ ਬਾਵਜੂਦ ਰਾਤ ਨੂੰ ਪੰਜਾਬ ਵਿੱਚ ਪਾਰਾ ਬੇਹੱਦ ਡਿੱਗ ਗਿਆ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੀ ਹੱਡ ਚੀਰਵੀਂ ਠੰਢ ਪਈ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ, ਲੁਧਿਆਣਾ ਦਾ 4.1 ਤੇ ਪਟਿਆਲਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 3.5 ਡਿਗਰੀ, ਆਦਮਪੁਰ ਦਾ 3.6, ਬਠਿੰਡਾ ਦਾ 4.2 ਡਿਗਰੀ ਤੇ ਹਲਵਾਰਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਜਦਕਿ ਹਰਿਆਣਾ ਦੇ ਹਿਸਾਰ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ, ਅੰਬਾਲਾ ਦਾ 4.6, ਰੋਹਤਕ ਦਾ 4.8 ਡਿਗਰੀ, ਸਿਰਸਾ ਦਾ 4.9 ਤੇ ਕਰਨਾਲ ਦਾ ਪੰਜ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ ਅੱਜ 1.2 ਡਿਗਰੀ, ਕੁਫ਼ਰੀ ਦਾ ਮਨਫ਼ੀ 1.8 ਡਿਗਰੀ, ਮਨਾਲੀ ਦਾ ਵੀ ਸਿਫ਼ਰ ਤੋਂ ਹੇਠਾਂ, ਸੋਲਨ ਦਾ 0.6 ਤੇ ਡਲਹੌਜ਼ੀ ਦਾ 0.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ