ਸਰਕਾਰ ਦਾ ਘਿਰਾਓ ਕਰਨ ਲਈ ਅੰਮ੍ਰਿਤਸਰ ਦੇ ਕਿਸਾਨਾਂ ਨੇ ਦਿੱਲੀ ਨੂੰ ਪਾਏ ਚਾਲੇ

November 26 2020

ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਚਲਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ। ਇਸ ਦੇ ਚਲਦਿਆਂ ਅੱਜ ਅਟਾਰੀ ਬਲਾਕ ਦੇ ਸਾਗਣਾਂ, ਇਬਨ, ਵਰਪਾਲ ਆਦਿ ਪਿੰਡਾਂ ਤੋਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਵੱਡੀ ਗਿਣਤੀ ਚ ਕਿਸਾਨ ਰਾਸ਼ਨ ਅਤੇ ਜ਼ਰੂਰੀ ਵਸਤਾਂ ਲੈ ਕੇ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਪਰਤਣਗੇ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚੋਂ ਕਿਸਾਨ ਦਿੱਲੀ ਲਈ ਰਵਾਨਾ ਹੋ ਰਹੇ ਹਨ। ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਅੱਜ ਕਲਾਨੌਰ ਤੋਂ ਕਿਸਾਨ ਦਿੱਲੀ ਲਈ ਰਵਾਨਾ ਹੋਏ। ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਕਲਾਨੌਰ ਵਿਖੇ ਸਥਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਅਰਦਾਸ ਕੀਤੀ। ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਦਿੱਲੀ ਲਈ ਚਾਲੇ ਪਾਏ। ਕਿਸਾਨ ਟਰਾਲੀਆਂ ਵਿਚ ਸਵਾਰ ਹੋ ਕੇ ਦਿੱਲੀ ਲਈ ਰਵਾਨਾ ਹੋਏ ਤੇ ਉਹਨਾਂ ਨੇ ਨਰਿੰਦਰ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman