ਸਰਕਾਰ ਦੇ ਖ਼ਰੀਦ ਪ੍ਰਬੰਧਾਂ ਤੋਂ ਪੰਜਾਬ ਦੇ ਕਿਸਾਨ ਬਾਗੋਬਾਗ: ਕੰਗ

October 12 2019

ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵੱਲੋਂ ਅੱਜ ਇੱਥੇ ਬਡਾਲੀ ਰੋਡ ’ਤੇ ਸਥਿਤ ਕੱਚੇ ਫੜ੍ਹ ਵਾਲੀ ਆਰਜ਼ੀ ਅਨਾਜ ਮੰਡੀ ਦਾ ਦੌਰਾ ਕੀਤੇ ਗਏ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ।

ਸ੍ਰੀ ਕੰਗ ਨੇ ਅਨਾਜ ਮੰਡੀ ਵਿੱਚ ਪੁੱਜੀ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਕੀਤੇ ਪ੍ਰਬੰਧ ਦੇਖੇ। ਇਸ ਮੌਕੇ ਉਨ੍ਹਾਂ ਫ਼ਸਲ ਲੈ ਕੇ ਮੰਡੀ ਵਿੱਚ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਲੈ ਕੇ ਮੰਡੀ ਵਿੱਚ ਆਏ ਕਿਸਾਨਾਂ ਨੇ ਸਰਕਾਰ ਵੱਲੋਂ ਕੀਤੇ ਖਰੀਦ ਪ੍ਰਬੰਧਾਂ ਉੱਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਫ਼ਸਲ ਬਿਨਾ ਕਿਸੇ ਪ੍ਰੇਸ਼ਾਨੀ ਤੋਂ ਵਿਕਣ ਦੀ ਗੱਲ ਆਖੀ ਹੈ। ਇਸੇ ਦੌਰਾਨ ਕਿਸਾਨਾਂ ਨੇ ਸ਼ਹਿਰ ਦੀ ਕੱਚੇ ਫੜ੍ਹ ਵਾਲੀ ਅਨਾਜ਼ ਮੰਡੀ ਕਾਰਨ ਦਰਪੇਸ਼ ਸਮੱਸਿਆਵਾਂ ਸਬੰਧੀ ਸ੍ਰੀ ਕੰਗ ਨੂੰ ਜਾਣੂ ਕਰਵਾਇਆ। ਆੜ੍ਹਤੀਆਂ ਨੇ ਝੋਨੇ ਦੀ ਖ਼ਰੀਦੀ ਫਸਲ ਦੀ ਚੁਕਾਈ ਨਾ ਹੋਣ ਬਾਰੇ ਵੀ ਸ੍ਰੀ ਕੰਗ ਨੂੰ ਜਾਣੂ ਕਰਵਾਇਆ। ਸ੍ਰੀ ਕੰਗ ਨੇ ਖ਼ਰੀਦ ਏਜੰਸੀਆਂ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਨੇਮਾਂ ਅਨੁਸਾਰ ਖਰੀਦ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।

ਮਾਰਕਿਟ ਕਮੇਟੀ ਦੇ ਸਕੱਤਰ ਹਰਿੰਦਰਪਾਲ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਕੁਲਵੀਰ ਸਿੰਘ ਨੇ ਦੱਸਿਆ ਕਿ ਕੁਰਾਲੀ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫ਼ਸਲ ਆਮਦ ਵਿੱਚ ਦਿਨੋਂ ਦਿਨ ਤੇਜ਼ੀ ਆ ਰਹੀ ਹੈ।

ਉਨ੍ਹਾਂ ਕਿਸਾਨਾਂ ਨੂੰ ਪੱਕੀ ਅਤੇ ਨਮੀ ਰਹਿਤ ਫ਼ਸਲ ਮੰਡੀ ’ਚ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਸਿਟੀ ਕਾਂਗਰਸ ਦੇ ਪ੍ਰਧਾਨ ਨੰਦੀਪਾਲ ਬਾਂਸਲ, ਹੈਪੀ ਧੀਮਾਨ, ਸਿਟੀ ਯੂਥ ਕਾਂਗਰਸ ਦੇ ਪ੍ਰਧਾਨ ਰਮਾਕਾਂਤ ਕਾਲੀਆ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਮਿੱਤਲ ਆਦਿ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ