ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਅੱਜ

August 20 2019

ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪਹਿਲਕਦਮੀ ਕਰਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਅਗਸਤ ਨੂੰ ਮੁਹਾਲੀ ਤੋਂ ਕਰਨਗੇ। ਇਸ ਸਬੰਧੀ ਮੁਹਾਲੀ ਹਵਾਈ ਅੱਡਾ ਨੇੜੇ ਕਿਸਾਨ ਵਿਕਾਸ ਚੈਂਬਰ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪਹਿਲੇ ਪੜਾਅ ਵਿੱਚ ਪੰਜਾਬ ਦੇ ਲਗਭਗ 43.8 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ, ਜੋ ਕਿ ਰਾਜ ਦੀ ਕੁੱਲ ਆਬਾਦੀ ਦਾ 70 ਫੀਸਦੀ ਹਿੱਸਾ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜ ਲੱਖ ਰੁਪਏ ਦਾ ਤੱਕ ਮੁਫ਼ਤ ਇਲਾਜ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ। ਇਸ ਤੋਂ ਪਹਿਲਾਂ ਦੇਸ਼ ਦੇ ਕਿਸੇ ਹੋਰ ਸੂਬੇ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਨਹੀਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਰਜਿਸਟਰਡ ਪਰਿਵਾਰ ਸੂਬੇ ਦੇ ਨਾਮੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਆਪਣੀ ਪਾਤਰਤਾ (ਯੋਗਤਾ) ਦੇਖਣ ਲਈ www.shapunjab.in ’ਤੇ ਜਾਣ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀ ਆਪਣਾ ਈ-ਕਾਰਡ ਬਣਾਉਣ ਲਈ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀਐੱਸਸੀ) ਨਾਲ ਸੰਪਰਕ ਕਰ ਸਕਦੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ