ਹਰਿਆਣਾ ਨੇ ਝੋਨੇ ਦੀ ਖਰੀਦ 20 ਤੋਂ ਸ਼ੁਰੂ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ

September 12 2023

ਹਰਿਆਣਾ ਸਰਕਾਰ ਨੇ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਦੀ ਤੈਅ ਸਮੇਂ ਤੋਂ 10 ਦਿਨ ਪਹਿਲਾਂ ਖਰੀਦ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਹਰਿਆਣਾ ਸਰਕਾਰ ਨੇ ਕੇਂਦਰ ਤੋਂ ਝੋਨੇ ਦੀ ਖਰੀਦ 20 ਸਤੰਬਰ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਮੰਗੀ ਹੈ। ਪਹਿਲਾਂ ਸੂਬੇ ਵਿੱਚ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਸਾਉਣੀ ਦੀਆਂ ਹੋਰਨਾਂ ਫ਼ਸਲਾਂ ਬਾਜਰਾ, ਮੱਕੀ, ਮੂੰਗੀ ਦੀ ਖਰੀਦ ਵੀ 20 ਸਤੰਬਰ ਤੋਂ ਹੀ ਸ਼ੁਰੂ ਕਰਨ ਲਈ ਮਨਜ਼ੂਰੀ ਮੰਗੀ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਨੇ ਤਿੱਲ ਦੀ ਖਰੀਦ ਪਹਿਲੀ ਅਕਤੂਬਰ ਅਤੇ ਅਰਹਰ ਤੇ ਉੜਦ ਦਾਲ ਦੀ ਖਰੀਦ ਪਹਿਲੀ ਦਸੰਬਰ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਮੰਗੀ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅੱਜ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸਾਉਣੀ ਦੀਆਂ ਫ਼ਸਲਾਂ ਦੀ ਖਰੀਦ ਲਈ ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੋਂ ਪ੍ਰਵਾਨਗੀ ਮਿਲਦੇ ਹੀ ਸੂਬੇ ’ਚ ਤੈਅ ਸਮੇਂ ਤੋਂ ਪਹਿਲਾਂ 20 ਸਤੰਬਰ ਤੋਂ ਖਰੀਦ ਸ਼ੁਰੂ ਕਰ ਦਿੱਤੀ ਜਾਵੇਗੀ। ਸ੍ਰੀ ਚੌਟਾਲਾ ਨੇ ਕਿਹਾ ਕਿ ਝੋਨੇ ਦੀ ਖਰੀਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਹੈਫੈੱਡ, ਹਰਿਆਣਾ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਤੇ ਭਾਰਤੀ ਖੁਰਾਕ ਨਿਗਮ ਵੱਲੋਂ ਹੀ ਕੀਤੀ ਜਾਵੇਗੀ। ਸੂਬੇ ’ਚ ਝੋਨੇ ਦੀ ਖਰੀਦ ਦਾ ਟੀਚਾ 60 ਲੱਖ ਟਨ ਮਿੱਖਿਆ ਗਿਆ ਹੈ। ਝੋਨੇ ਦੀ ਖਰੀਦ ਲਈ ਸੂਬੇ ਵਿੱਚ 215 ਖਰੀਦ ਕੇਂਦਰ ਬਣਾਏ ਜਾ ਰਹੇ ਹਨ। ਉਪ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੂਬੇ ਵਿੱਚ ਸਾਉਣੀ ਦੀਆਂ ਫ਼ਸਲਾਂ ਦੀ ਖਰੀਦ ਐੱਮਐੱਸਪੀ ’ਤੇ ਯਕੀਨੀ ਬਣਾਈ ਜਾਵੇ।

ਸਰੋਤ: ਪੰਜਾਬੀ ਟ੍ਰਿਬਿਊਨ