ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਕਿਸਾਨਾਂ ਨੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਅੱਗੇ ਧਰਨਾ ਦੇ ਦਿੱਤਾ, ਜਿਸ ਨੂੰ ਉਹ 7 ਅਕਤੂਬਰ ਤਕ ਜਾਰੀ ਰੱਖਣਗੇ।
ਇਸ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਅਤੇ ਕਾਰਕੁਨ ਸ਼ਾਮਲ ਹਨ। ਧਰਨੇ ਦੀ ਅਗਵਾਈ ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪਨੂੰ, ਨਿਰਵੈਲ ਸਿੰਘ ਡਾਲੇਕੇ ਅਤੇ ਬਲਦੇਵ ਸਿੰਘ ਬੱਲ ਨੇ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਵਿਦੇਸ਼ ਦੇ ਕਾਰਪੋਰੇਟ ਘਰਾਣਿਆਂ ਦੀ ਏਜੰਟ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਤਿੰਨ ਕਾਨੂੰਨ ਪਾਸ ਕਰਕੇ ਮੋਦੀ ਸਰਕਾਰ ਨੇ ਖੇਤੀ ਦੇ ਮੰਡੀਕਰਨ ਅਤੇ ਅਨਾਜ ਦੇ ਵਪਾਰ ਵਿੱਚ ਕਾਰਪੋਰੇਟ ਘਰਾਣਿਆਂ ਦਾ ਏਕਾਧਿਕਾਰ ਸਥਾਪਤ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜਿਸ ਰਾਹੀਂ ਕਿਸਾਨਾਂ ਦੀ ਲੁੱਟ ਹੋਵੇਗੀ ਅਤੇ ਆਮ ਲੋਕਾਂ ਨੂੰ ਖੁਰਾਕੀ ਵਸਤਾਂ ਮਹਿੰਗੇ ਮੁੱਲ ਮਿਲਣਗੀਆਂ। ਇਨ੍ਹਾਂ ਕਾਨੂੰਨਾਂ ਕਾਰਨ ਛੋਟੇ ਦੁਕਾਨਦਾਰ, ਆੜ੍ਹਤੀਏ, ਸ਼ੈਲਰ ਤੇ ਹੋਰ ਕਾਰੋਬਾਰੀ ਖਤਮ ਹੋ ਜਾਣਗੇ, ਜਿਸ ਦਾ ਪੰਜਾਬ ਦੀ ਖੁਸ਼ਹਾਲੀ ’ਤੇ ਮਾੜਾ ਅਸਰ ਪਵੇਗਾ। ਉਨ੍ਹਾਂ ਨੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਆਖਿਆ ਕਿ ਉਹ ਪੰਜਾਬੀ ਹੋਣ ਦੇ ਨਾਤੇ ਰਾਜ ਸਭਾ ਅਤੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ। ਕਿਸਾਨ ਆਗੂਆਂ ਨੇ ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ ਅਤੇ ਆਮ ਲੋਕਾਂ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਆਪਣੀਆਂ ਮੰਗਾਂ ਸਬੰਧੀ ਤਖਤੀਆਂ ਵੀ ਚੁੱਕੀਆਂ ਹੋਈਆਂ ਸਨ। ਧਰਨੇ ਵਿੱਚ ਕਿਸਾਨ ਆਗੂ ਸਤਨਾਮ ਸਿੰਘ ਝੰਡੇਰ, ਅਵਤਾਰ ਸਿੰਘ ਜੱਸੜ, ਹਰਜੀਤ ਸਿੰਘ ਝੀਤਾ, ਮੇਜਰ ਸਿੰਘ, ਬਚਿੱਤਰ ਸਿੰਘ ਕੋਟਲਾ, ਸੁਖਦੇਵ ਸਿੰਘ ਸੈਂਸਰਾ, ਨਿਸ਼ਾਨ ਸਿੰਘ ਸਾਂਘਣਾ, ਗੁਰਜੀਤ ਸਿੰਘ ਕੋਹਾਲੀ, ਗੁਰਦਿਆਲ ਸਿੰਘ, ਕਸ਼ਮੀਰ ਸਿੰਘ ਮਾਨਾਂਵਾਲਾ ਤੇ ਹੋਰ ਹਾਜ਼ਰ ਸਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune