ਸੰਗਰੂਰ ਰੇਲਵੇ ਸਟੇਸ਼ਨ ਦੇ ਬਾਹਰ 31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਬਰਕਰਾਰ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਜ਼ਿਲ੍ਹਾ ਆਗੂ ਹਰਮੇਲ ਸਿੰਘ ਮਹਿਰੋਕ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਇੰਦਰਪਾਲ ਸਿੰਘ ਪੂੰਨਾਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਰਾਮ ਸਿੰਘ ਸੋਹੀਆਂ, ਨਰਜੰਨ ਸਿੰਘ ਦੌਲਾ ਸੁਬਾ ਸੱਕਤਰ ਬੀਕੇਯੂ ਰਾਜੇਵਾਲ, ਦਰਸ਼ਨ ਸਿੰਘ ਝਨੇੜੀ, ਗੱਜਣ ਸਿੰਘ ਲੱਡੀ ਤੇ ਹਰਜੀਤ ਸਿੰਘ ਕਲੌਦੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਕੀਤਾ ਜਾ ਰਿਹਾ ਪ੍ਰਦਰਸ਼ਨ ਮੋਦੀ ਸਰਕਾਰ ਨੂੰ ਹਜ਼ਮ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨ ਮੋਦੀ ਦੀ ਕਿਸੇ ਵੀ ਚਾਲ ਵਿਚ ਆ ਕੇ ਅੱਧਾ ਜਿੱਤਿਆ ਸੰਘਰਸ਼ ਖਰਾਬ ਨਹੀਂ ਕਰਨਗੇ।
ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੋਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਨਾਲ ਲੱਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 89ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਧਰਮਿੰਦਰ ਸਿੰਘ ਪਸੋਰ, ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ ,ਰਿੰਕੂ ਮੂਣਕ, ਜਗਦੀਪ ਸਿੰਘ, ਲਹਿਲ ਖੁਰਦ ਜਗਸੀਰ ਸਿੰਘ, ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਹਰਸੇਵਕ ਸਿੰਘ ਲਹਿਲ ਖੁਰਦ ਤੇ ਬਲਵਿੰਦਰ ਸਿੰਘ ਮਨਿਆਣਾ ਨੇ ਕਿਹਾ ਕਿ ਪੰਜਾਬ ਵਿੱਚ ਕਾਲੇ ਕਾਨੂੰਨਾਂ ਖਿਲਾਫ਼ ਲੋਕ ਲਾਮਬੰਦ ਹਨ। ਸੱਤ ਜਨਵਰੀ ਨੂੰ ਚਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ’ਚ ਮਜ਼ਦੂਰ ਅਪਣੇ ਪਰਿਵਾਰਾਂ ਸਮੇਤ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਡੇ ਕਾਫਲੇ ਲੈ ਕੇ ਦਿੱਲੀ ਵੱਲ ਨੂੰ ਕੂਚ ਕਰਨਗੇ।
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ ਵੀ ਜਾਰੀ ਰਿਹਾ। ਆਗੂਆਂ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰੀ ਵੱਲੋਂ ਲਗਾਤਾਰ ਮੋਦੀ ਸਰਕਾਰ ਦੇ ਹੱਕ ਵਿੱਚ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਨਿਖੇਧੀ ਕੀਤੀ। ਇਸ ਮੌਕੇ ਸੁਖਜੀਤ ਸਿੰਘ ਲੱਡਾ, ਗਮਦੂਰ ਸਿੰਘ ਲੱਡਾ, ਸੁਖਦੇਵ ਸਿੰਘ ਲੱਡਾ,ਰਾਮ ਸਿੰਘ ਕੱਕੜਵਾਲ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਗੁਰਹੰਸ ਧਾਂਦਰਾ ਤੇ ਜਗਵਿੰਦਰ ਸਿੰਘ ਕੱਕੜਵਾਲ ਆਦਿ ਨੇ ਸੰਬੋਧਨ ਕੀਤਾ।
ਕਿਸਾਨਾਂ ਵੱਲੋਂ ਭਾਜਪਾ ਆਗੂ ਗਰੇਵਾਲ ਖ਼ਿਲਾਫ਼ ਨਾਅਰੇਬਾਜ਼ੀ
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋੋਂ ਇਸ ਦੇ ਸੂਬਾਈ ਆਗੂਆਂ ਮਾਨ ਸਿੰਘ ਰਾਜਪੁਰਾ ਤੇ ਹਰਜੀਤ ਸਿੰਘ ਟਹਿਲਪੁਰਾ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਕਰਨ ਦੇ ਸੱਦੇ ’ਤੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਜਪਾ ਦੇ ਦਫਤਰ ਇੰਚਾਰਜ ਨੂੰ ਚਿਤਾਵਨੀ ਪੱਤਰ ਸੌਂਪਿਆ ਗਿਆ। ਇਸ ਮੌਕੇ ਗੁਰਦੇਵ ਸਿੰਘ ਜੰਡੌਲੀ, ਤਾਰਾ ਸਿੰਘ, ਉਜਾਗਰ ਸਿੰਘ ਧਮੌਲੀ ਸਮੇਤ ਹੋਰ ਆਗੂ ਮੌਜੂਦ ਸਨ। ਕਿਸਾਨ ਆਗੂਆਂ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੇ ਸਥਾਨਕ ਹਲਕਾ ਰਾਜਪੁਰਾ ਦੇ ਦਫਤਰ ਦੇ ਬਾਹਰ ਨਰਿੰਦਰ ਮੋਦੀ ਸਰਕਾਰ ਅਤੇ ਹਰਜੀਤ ਸਿੰਘ ਗਰੇਵਾਲ ਖਿਲਾਫ ਨਾਅਰੇਬਾਜ਼ੀ ਕੀਤੀ। ਦਫਤਰ ਇੰਚਾਰਜ ਨੂੰ ਪਾਰਟੀ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੇ ਨਾਮ ਸੌਂਪੇ ਗਏ ਪੱਤਰ ਵਿੱਚ ਭਾਜਪਾ ਆਗੂ ਗਰੇਵਾਲ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨ ਮੋਰਚੇ ਖਿਲਾਫ ਆਪਣੀ ਗਤੀਵਿਧੀਆਂ ਰੋਕ ਦੇਣ, ਨਹੀਂ ਤਾਂ ਮੋਰਚੇ ਵੱਲੋਂ ਉਨ੍ਹਾਂ ਖਿਲਾਫ ਲੋਕਤੰਤਰੀ ਢੰਗ ਨਾਲ ਕੋਈ ਨਾ ਕੋਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune