ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਨੇੜਲੇ ਪਿੰਡਾਂ ਖਡਿਆਲ, ਰਵਿਦਾਸਪੁਰਾ ਟਿੱਬੀ, ਸੁਨਾਮ, ਛਾਜਲਾ, ਮਹਿਲਾਂ, ਸ਼ੇਰੋਂ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਅਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਦੇ ਵਿਰੋਧ ਵਿਚ ਰੋਸ ਰੈਲੀਆਂ ਕੀਤੀਆਂ ਗਈਆਂ। ਰੈਲੀਆਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਬਿਮਲ ਕੌਰ, ਮੇਘ ਸਿੰਘ,ਜੈਲੀ ਸਿੰਘ, ਜਗਦੀਪ ਸਿੰਘ ਕਾਲਾ ਨੇ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਦਾ ਘਾਣ ਕਰਨਾ ਚਾਹੁੰਦੀ ਹੈ, ਦੂਜੇ ਪਾਸੇ ਸੂਬੇ ਦੀ ਸਰਕਾਰ ਵੱਲੋਂ ਵੀ ਮਜ਼ਦੂਰਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ।
ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਉਪਰੋਕਤ ਮੁੱਦਿਆਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਾਰ ਖਿਲਾਫ਼ ਜਾਗਰਿਤੀ ਮੁਹਿੰਮ ਚਲਾਉਂਦੇ ਹੋਏ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਇਹਾਂ ਮੁੱਦਿਆਂ ਨੂੰ ਲੈ ਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਹੀ ਵੱਡਾ ਪ੍ਰੋਗਰਾਮ ਊਲੀਕਿਆ ਜਾਵੇਗਾ ਅਤੇ ਉਸ ਤੋਂ ਬਾਅਦ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।
ਕਿਸਾਨਾਂ ਦਾ ਦਿੱਲੀ ਵੱਲ ਕੂਚ ਜਾਰੀ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਸਬੰਧੀ ਮੋਦੀ ਸਰਕਾਰ ਖਿਲਾਫ਼ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪਿੰਡ ਬਪਰੌਰ ਅਤੇ ਮਦਨਪੁਰ ਨੇੜਲੇ ਰਿਲਾਇੰਸ ਪੰਪਾਂ ’ਤੇ ਕਿਸਾਨ ਆਗੂਆ ਜੀਤਰਾਮ ਬਪਰੌਰ, ਅਮਰੀਕ ਸਿੰਘ ਸ਼ੰਭੂ ਕਲਾਂ, ਭਗਵਾਨ ਸਿੰਘ ਹਰਪਾਲਪੁਰ, ਹਰਜਿੰਦਰ ਸਿੰਘ ਹਾਸ਼ਮਪੁਰ, ਗੁਰਤੇਜ਼ ਸਿੰਘ ਅਤੇ ਗੁਰਪ੍ਰੀਤ ਸਿੰਘ ਖਲਾਸਪੁਰ ਦੀ ਅਗਵਾਈ ਵਿੱਚ ਧਰਨਾ ਅੱਜ ਵੀ ਜਾਰੀ ਰਿਹਾ। ਇਸੇ ਦੌਰਾਨ ਇਸ ਖੇਤਰ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਪੈਣ ਦੇ ਬਾਵਜੂਦ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆਪਣੇ ਟਰੈਕਟਰ-ਟਰਾਲੀਆਂ ਸਮੇਤ ਹੋਰ ਵਾਹਨਾਂ ’ਤੇ ਕਿਸਾਨ ਦਿੱਲੀ ਕੂਚ ਕਰ ਰਹੇ ਹਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune