ਬਰਨਾਲਾ-ਬਾਜਾਖ਼ਾਨਾ ਮਾਰਗ ‘ਤੇ ਸਥਿਤ ਰਿਲਾਇੰਸ ਸਮਾਰਟ ਮਾਲ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ 95 ਦਿਨਾਂ ਤੋਂ ਲਗਾਤਾਰ ਚੱਲ ਰਿਹਾ ਧਰਨਾ ਖ਼ਰਾਬ ਮੌਸਮ ਦੇ ਬਾਵਜੂਦ ਬਾਦਸਤੂਰ ਜਾਰੀ ਰਿਹਾ| ਧਰਨੇ ਵਿੱਚ ਸ਼ਾਮਲ ਕਿਸਾਨ ਮਰਦਾਂ, ਔਰਤਾਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਸਾਹਿਬ ਸਿੰਘ ਬਡਬਰ, ਪਰਮਿੰਦਰ ਹੰਡਿਆਇਆ ਅਤੇ ਮੇਜਰ ਸਿੰਘ ਸੰਘੇੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭਰਮ ਹੈ ਕਿ ਉਹ ਕਿਸਾਨ ਆਗੂਆਂ ਨੂੰ ਕਿਸੇ ਤਰ੍ਹਾਂ ਵਰਗਲਾ ਕੇ ਜਾਂ ਟਕਰਾਅ ਕੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਿਨਾਂ ਹੀ ਸੰਘਰਸ਼ ਨੂੰ ਸਮਾਪਤ ਕਰਾਉਣ ਵਿੱਚ ਸਫ਼ਲ ਹੋ ਜਾਵੇਗੀ।
ਇਥੋਂ ਰੇਲਵੇ ਪਾਰਕ ਵਿੱਚ ਦਿੱਤੇ 98ਵੇਂ ਦਿਨ ਧਰਨੇ ਦੌਰਾਨ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਆਗੂ ਤੇਜ ਸਿੰਘ ਚਕੇਰੀਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਹਰ ਵਾਰ ਮੀਟਿੰਗ ਕਰਨ ਦੇ ਬਹਾਨੇ ਟਾਈਮ ਪਾਸ ਕੀਤਾ ਜਾ ਰਿਹਾ ਹੈ। ਇਸ ਮੌਕੇ ਇਕਬਾਲ ਸਿੰਘ ਮਾਨਸਾ, ਬਲਵਿੰਦਰ ਸ਼ਰਮਾ ਖਿਆਲਾਂ, ਰਤਨ ਭੋਲਾ, ਲਾਭ ਮਾਨਸਾ, ਵਾਵਾ ਨੰਬਰਦਾਰ ਮਾਨਸਾ, ਜਸਵੰਤ ਸਿੰਘ ਈਸ਼ਰ ਸਿੰਘ ਗੂਰਨੇ ਤੇ ਦਰਸ਼ਨ ਪੰਧੇਰ ਨੇ ਸੰਬੋਧਨ ਕੀਤਾ।
ਸਮੂਹ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿੱਚ ਹੋਈ। ਇਸ ਮੀਟਿੰਗ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਵੰਤ ਸਿੰਘ ਲਹੁਕਾ, ਮੀਤ ਸਕੱਤਰ ਅਮਨਦੀਪ ਸਿੰਘ ਕੱਚਰ ਭੱਨ ਨੇ ਕਿਹਾ ਕਿ ਜ਼ੀਰਾ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ ਵਿਸ਼ਾਲ ਮਾਰਚ ਕੱਢਿਆ ਜਾਵੇਗਾ, ਜੋ ਦਾਣਾ ਮੰਡੀ ਜ਼ੀਰਾ ਤੋਂ ਸ਼ੁਰੂ ਹੋਵੇਗਾ।
ਫਾਜ਼ਿਲਕਾ ਵਿੱਚ ਗਜਟਿਡ ਅਤੇ ਨਾਨ ਗਜਟਿਡ ਐੱਸਸੀ, ਬੀਸੀ ਐਂਪਲਾਈਜ਼ ਵੈੱਲਫੇਅਰ ਪੰਜਾਬ ਨੇ ਸਮੂਹ ਕਿਸਾਨ ਯੂਨੀਅਨ ਨੂੰ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਮਿਲ ਕੇ ਜਥੇਬੰਦੀ ਦੇ ਚੇਅਰਮੈਨ ਠਾਕੁਰ ਦਾਸ ਤੇ ਪ੍ਰਧਾਨ ਸ਼ੁਭਾਸ਼ ਚੰਦਰ ਨੇ ਆਖਿਆ ਕਿ ਮੋਦੀ ਵੱਲੋਂ ਕਾਨੂੰਨ ਪਾਸ ਕਰਕੇ ਸਮੁੱਚੀ ਦੇਸ਼ ਦੀ ਕਿਸਾਨੀ ਨੂੰ ਖਤਮ ਕਰਨ ਦਾ ਯਤਨ ਕੀਤਾ ਹੈ ਜਿਸ ਦਾ ਵੈੱਲਫੇਅਰ ਵਿਰੋਧ ਕਰਦੀ ਹੈ।
ਲਹਿਰਾ ਬੇਗਾ ਟੌਲ ਪਲਾਜ਼ਾ ਦਾ ਧਰਨਾ ਜਾਰੀ
ਖਰਾਬ ਮੌਸਮ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ 98ਵੇਂ ਦਿਨਾਂ ਤੋਂ ਚੱਲ ਰਹੇ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਜ਼ ਮਾਲ ਮੋਰਚੇ ਵਿੱਚ ਕਿਸਾਨ ਡਟੇ ਰਹੇ। ਅੱਜ ਦੇ ਧਰਨੇ ਦੌਰਾਨ ਕਿਸਾਨਾਂ ਨੇ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਬਲਵਿੰਦਰ ਫੌਜੀ ਨੇ ਕਿਸਾਨੀ ਗੀਤ ਗਾਏ। ਇਸ ਮੌਕੇ ਮੋਠੂ ਸਿੰਘ ਕੋਟੜਾ, ਦਰਸ਼ਨ ਮਾਈਸਰਖਾਨਾ, ਸੁਖਜੀਤ ਕੌਰ, ਬਿਕਰਮਜੀਤ ਪੂਹਲਾ, ਨਵਜੋਤ ਭੈਣੀ ਅਤੇ ਬਲਤੇਜ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮੋਦੀ ਦੀ ਅੜੀ ਭੰਨ੍ਹਣ ਲਈ ਹੋਰ ਤੇਜ਼ ਕੀਤੇ ਜਾ ਰਹੇ ਦਿੱਲੀ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।
ਆਂਗਣਵਾੜੀ ਵਰਕਰ ਤੇ ਹੈਲਪਰ ਦਿੱਲੀ ਰਵਾਨਾ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੀ ਹਮਾਇਤ ਵਿੱਚ ਕਰਮਚਾਰੀ ਜਥੇਬੰਦੀਆਂ ਅੱਗੇ ਆ ਰਹੀਆਂ ਹਨ। ਇਸੇ ਤਹਿਤ ਅੱਜ ਆਂਗਣਵਾੜੀ ਵਰਕਰ ਅਤੇ ਹੈਲਪਰ ਦਿੱਲੀ ਲਈ ਰਵਾਨਾ ਹੋਏ। ਇਸ ਦੌਰਾਨ ਮਿੱਡ ਡੇਅ ਮਿਲ ਵਰਕਰ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਮੌਕੇ ’ਤੇ ਸੰਬੋਧਨ ਕਰਦਿਆਂ ਯੂਨੀਅਨ ਦੀਆਂ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਕੇ ਜਿੱਦ ’ਤੇ ਅੜੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ ਆਂਗਣਵਾੜੀ ਵਰਕਰ ਤੇ ਹੈਲਪਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨਗੀਆਂ।
ਸ਼ਹਿਣਾ ਤੋਂ 11ਵਾਂ ਜੱਥਾ ਦਿੱਲੀ ਰਵਾਨਾ
ਕਸਬਾ ਸ਼ਹਿਣਾ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਜੱਥਾ ਦਿੱਲੀ ਵਿੱਚ ਖੇਤੀ ਕਾਨੂੰਨ ਖਿਲਾਫ਼ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਹ ਜੱਥਾ ਆਪਣੇ ਨਾਲ ਲੋੜੀਂਦਾ ਸਾਮਾਨ ਵੀ ਲੈ ਕੇ ਗਿਆ। ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ‘ਚ ਹਿੱਸਾ ਪਾਉਣ ਲਈ ਅੱਜ 11ਵਾਂ ਜਥਾ ਰਵਾਨਾ ਹੋਇਆ ਹੈ ਅਤੇ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ‘ਚ ਹਿੱਸਾ ਲੈਣ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune