ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ’ਤੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅੱਜ 98ਵੇਂ ਦਿਨ ਵੀ ਜਾਰੀ ਰਿਹਾ। ਅੱਜ ਕੜਾਕੇ ਦੀ ਠੰਢ ਦੌਰਾਨ ਚੱਲ ਰਹੀਆਂ ਬਰਫ਼ੀਲੀਆਂ ਹਵਾਵਾਂ ਵੀ ਕਿਸਾਨਾਂ ਦੇ ਹੌਸਲੇ ਪਸਤ ਨਾ ਕਰ ਸਕੀਆਂ। ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਸਿੱਧਵਾਂ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਨੇ ਬਿਹਾਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕਰਦਿਆਂ ਬਿਹਾਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਿਸਾਨ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਅੰਦੋਲਨ ਦਾ ਸੇਕ ਹੁਣ ਬਿਹਾਰ ਵਿੱਚ ਵੀ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਬਿਹਾਰ ਦੇ ਕਿਸਾਨਾਂ ਨੇ ਦਿੱਲੀ ਅੰਦੋਲਨ ਦੀ ਹਮਾਇਤ ਕਰਦਿਆਂ ਰੋਸ ਪ੍ਰਦਰਸ਼ਨ ਕਰਦਿਆਂ ਪਟਨਾ ਰਾਜ ਭਵਨ ਵੱਲ ਮਾਰਚ ਕੀਤਾ ਤਾਂ ਬਿਹਾਰ ਸਰਕਾਰ ਨੇ ਸ਼ਾਂਤਮਈ ਅੰਦੋਲਨਕਾਰੀਆਂ ’ਤੇ ਲਾਠੀਚਾਰਜ ਕੀਤਾ। ਬੰਡਾਲਾ ਨੇ ਕਿਹਾ ਕਿ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੀ ਜਥੇਬੰਦੀ ਵੱਲੋਂ ਸਖਤ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਮਹੂਰੀਅਤ ਦਾ ਘਾਣ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਪਰ ਮੋਦੀ ਸਰਕਾਰ ਕਾਰਪੋਰੇਟ ਕੰਪਨੀਆਂ ਨਾਲ ਮਿਲ ਕੇ ਦੇਸ਼ ਵਾਸੀਆਂ ’ਤੇ ਅੱਤਿਆਚਾਰ ਕਰਕੇ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ।
ਕਿਸਾਨ ਆਗੂ ਨੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਦਿਨੋ-ਦਿਨ ਵਧਦਾ ਜਾ ਰਿਹਾ ਹੈ, ਇਸ ਲਈ ਮੋਦੀ ਸਰਕਾਰ ਨੂੰ ਪੂੰਜੀਪਤੀਆਂ ਦਾ ਸਾਥ ਛੱਡ ਕੇ ਦੇਸ਼ ਦੇ ਅੰਨਦਾਤੇ ਦਾ ਸਾਥ ਦੇ ਕੇ ਕਾਲੇ ਕਾਨੂੰਨ ਰੱਦ ਕਰਕੇ ਫ਼ਸਲਾਂ ਦੀ ਸਰਕਾਰੀ ਖਰੀਦ ਚਾਲੂ ਰੱਖਣ ਦਾ ਐਲਾਨ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤਕ ਕਿਸਾਨ ਅੰਦੋਲਨ ਜਾਰੀ ਰਹੇਗਾ। ਅੱਜ ਜ਼ੋਨ ਪ੍ਰਧਾਨ ਜਵਾਹਰ ਸਿੰਘ ਟਾਂਡਾ ਦੀ ਅਗਵਾਈ ਹੇਠ ਕਿਸਾਨਾਂ ਦਾ ਕਾਫ਼ਲਾ ਰੇਲ ਰੋਕੋ ਅੰਦੋਲਨ ਵਿੱਚ ਸ਼ਾਮਲ ਹੋਇਆ। ਇਸੇ ਦੌਰਾਨ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੁਖਵਿੰਦਰ ਸਿੰਘ ਸਭਰਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune