ਹੁਣ 31ਦਸੰਬਰ ਨੂੰ ਹੋਵੇਗਾ ਦਿੱਲੀ ਦੇ ਚਾਰੇ ਪਾਸਿਓਂ ਲੰਘਦੇ ਰਾਹਾਂ ਤੇ ਟਰੈਕਟਰ ਮਾਰਚ ਦਾ ਪ੍ਰੋਗਰਾਮ

December 29 2020

ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ।  ਇਸ ਵਿਚਕਾਰ ਹੁਣ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ 30 ਦਸੰਬਰ ਨੂੰ ਅਗਲੇ ਦੌਰ ਦੀ ਗੱਲਬਾਤ ਹੋਵੇਗੀ। ਇਸ ਦੇ ਨਾਲ ਹੀ ਹੁਣ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਚਾਰੇ ਪਾਸਿਓਂ ਲੰਘਦੇ ਰਾਹਾਂ ਤੇ ਟਰੈਕਟਰ ਮਾਰਚ ਕੱਢਣ ਦਾ ਪ੍ਰੋਗਰਾਮ ਇਕ ਦਿਨ ਲਈ ਅੱਗੇ ਪਾ ਦਿੱਤਾ ਗਿਆ ਹੈ। ਇਸ ਲਈ ਟ੍ਰੈਕਟਰ ਮਾਰਚ ਹੁਣ 30 ਦੀ ਥਾਂ 31 ਦਸੰਬਰ ਨੂੰ ਕੱਢਿਆ ਜਾਵੇਗਾ।

ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਜਥੇਬੰਦੀਆਂ ਦੀ ਹੋਈ ਬੈਠਕ ਚ ਟਰੈਕਟਰ ਮਾਰਚ ਇਕ ਦਿਨ ਅੱਗੇ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਰਚ ਲਈ ਟਰੈਕਟਰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਮੰਗਵਾਏ ਗਏ ਹਨ ਪਰ ਮੋਰਚਿਆਂ ਤੇ ਖੜੇ ਟਰੈਕਟਰ ਮਾਰਚ ਵਿਚ ਸ਼ਾਮਲ ਨਹੀਂ ਹੋਣਗੇ।

ਜਿਕਰਯੋਗ ਹੈ ਕਿ ਹੁਣ ਸਰਕਾਰ ਨੇ 30 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਠਕ ਦਾ ਸਮਾਂ ਦੁਪਹਿਰ 2 ਵਜੇ ਤੈਅ ਕੀਤਾ ਗਿਆ ਹੈ। ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ।  ਦੱਸ ਦਈਏ ਕਿ ਅੰਦੋਲਨਕਾਰੀ ਕਿਸਾਨ ਸੰਗਠਨਾਂ ਨੇ 29 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਪ੍ਰਸਤਾਵ ਦਿੱਤਾ ਸੀ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਨੂੰ ਮੀਟਿੰਗ ਲਈ ਬੁਲਾਇਆ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman