ਪਟਿਆਲਾ, 17 ਸਤੰਬਰ-ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਯੰਗ ਫਾਰਮਰਜ਼ ਐਸੋਸੀਏਸ਼ਨ ਵੱਲੋਂ ਰੱਖੜਾ ’ਚ ਕਰਵਾਏ ਗਏ ਕਿਸਾਨ ਮੇਲੇ ਵਿੱਚ ਜੁੜੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਕਣਕ ਅਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਫਸਲੀ ਵਿਭਿੰਨਤਾ ਨੂੰ ਅਪਣਾਉਂਦਿਆਂ, ਫਲ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਦਾ ਸੱਦਾ ਦਿੱਤਾ| ਕਿਸਾਨੀ ਕਰਜ਼ੇ ਮੁਆਫ਼ ਕਰਨ ਦੇ ਐਲਾਨ ਨੂੰ ਛੇਤੀ ਹੀ ਅਮਲੀ ਜਾਮਾ ਪਹਿਨਾਏ ਜਾਣ ਦੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਦਸ ਸਾਲ ਦੇ ‘ਕੁਸ਼ਾਸਨ’ ਨੂੰ ਠੀਕ ਕਰਨ ਲਈ ਛੇ ਮਹੀਨੇ ਦਾ ਅਰਸਾ ਬਹੁਤ ਥੋੜ੍ਹਾ ਹੈ|
ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨ ਲਈ ਰਾਏ ਮਸ਼ਵਰਾ ਕਰਕੇ ਕਈ ਪਹਿਲੂਆਂ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਦਾ ਰਾਹ ਛੱਡ ਕੇ ਆਪਣੇ ਸੂਬੇ ਤੇ ਪਰਿਵਾਰ ਦੀ ਬਿਹਤਰੀ ਲਈ ਕੰਮ ਕਰੇ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਅਤੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ। ਉਨ੍ਹਾਂ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਯੰਗ ਫਾਰਮਰਜ਼ ਐਸੋਸੀਏਸ਼ਨ ਵੱਲੋਂ ‘ਡਾ. ਅਮਰੀਕ ਸਿੰਘ ਚੀਮਾ ਐਵਾਰਡ’ ਨਾਲ ਸਨਮਾਨਿਤ ਕੀਤਾ ਅਤੇ ਖੇਤੀਬਾੜੀ ਦੌਰਾਨ ਲੱਗੀਆਂ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ।
ਇਸ ਮੌਕੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਕਿਸਾਨਾਂ ਦਾ ਵੱਡਾ ਯੋਗਦਾਨ ਹੈ। ਹਰ ਸਾਲ ਫ਼ਸਲਾਂ ਦੀ ਵਿਕਰੀ ਕਾਰਨ ਪੰਜਾਬ ਨੂੰ 60 ਤੋਂ 70 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਮਿਲਦਾ ਹੈ। ਕਿਸਾਨਾਂ ਸਿਰ ਚੜ੍ਹੇ ਭਾਰੀ ਕਰਜ਼ੇ ਲਈ ਬੈਂਕਾਂ, ਖਾਸ ਕਰ ਨਿੱਜੀ ਖੇਤਰ ਦੇ ਬੈਂਕਾਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਬੈਂਕਾਂ ਵੱਲੋਂ ਦੋ-ਦੋ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਵੀ 50-50 ਲੱਖ ਦੇ ਕਰਜ਼ੇ ਦੇ ਕੇ ਜਾਲ ਵਿੱਚ ਫਸਾ ਲਿਆ ਹੈ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਬੀਰ ਸਿੰਘ ਬੈਂਸ ਤੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਵੀ ਸੰਬੋਧਨ ਕੀਤਾ।
ਇਸ ਸਮੇਂ ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ, ਕਣਕ ਅਤੇ ਜੌਂਆਂ ਦੀ ਖੋਜ ਸੰਸਥਾ ਕਰਨਾਲ ਦੇ ਡਾਇਰੈਕਟਰ ਜੀਪੀ ਸਿੰਘ, ਖੇਤੀ ਵਿਗਿਆਨੀ ਡਾ. ਰਾਵੇਸ਼ ਚਤਰਥ, ਆਈਏਆਰਸੀ ਦੇ ਜੁਆਇੰਟ ਡਾਇਰੈਕਟਰ ਜੇਪੀ ਸ਼ਰਮਾ, ਬਾਗਬਾਨੀ ਪੰਜਾਬ ਦੇ ਡਾਇਰੈਕਟਰ ਡਾ. ਪੀਐੱਸ ਔਲਖ, ਯੰਗ ਫਾਰਮਰਜ਼ ਐੈਸੋਸੀਏਸ਼ਨ ਦੇ ਸਕੱਤਰ ਜਰਨਲ ਭਗਵਾਨ ਦਾਸ ਗੁਪਤਾ, ਮੀਤ ਪ੍ਰਧਾਨ ਬਲਿਸਟਰ ਸਿੰਘ ਮਾਨ ਹਾਜ਼ਰ ਸਨ।
ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।