ਇਥੋਂ ਨੇੜੇ ਮੁੱਲਾਂਪੁਰ ਮੰਡੀ ਤੋਂ ਅੱਜ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਨੇ ਇਸ ਮੌਕੇ ਜੁੜੇ ਆੜ੍ਹਤੀਆਂ, ਕਿਸਾਨਾਂ ਅਤੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੱਲ ਰਹੀ ਕੋਵਿਡ ਮਹਾਂਮਾਰੀ ਦੌਰਾਨ ਝੋਨੇ ਦੀ ਖ਼ਰੀਦ ਲਈ ਸੁਚੱਜੇ ਅਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਮੰਡੀਕਰਨ ਸਮੇਂ ਕਿਸਾਨਾਂ ਨੂੰ ਕੋਈ ਵੀ ਔਕੜ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ 17 ਫ਼ੀਸਦੀ ਤੱਕ ਨਮੀ ਵਾਲਾ ਝੋਨਾ ਮੰਡੀਆਂ ਲਿਆਉਣ ਦੀ ਅਪੀਲ ਕੀਤੀ।
ਵਿਧਾਇਕ ਨੇ ਝੋਨੇ ਦੀ ਲਿਫਟਿੰਗ ਸ਼ੁਰੂ ਕਰਵਾਈ
ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਸਮਰਾਲਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੁੰਦੇ ਹੀ ਫ਼ਸਲ ਦੀ ਲਿਫਟਿੰਗ ਦਾ ਕੰਮ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਉਸਦੀ ਸੰਭਾਲ ਲਈ ਇਸ ਵਾਰ ਕੈਪਟਨ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸਮਰਾਲਾ ਮੰਡੀ ਵਿੱਚ ਪਿਛਲੇ ਚਾਰ ਦਿਨਾਂ ਦਰਮਿਆਨ ਖ਼ਰੀਦ ਕੀਤੇ 40 ਹਜ਼ਾਰ ਕੁਇੰਟਲ ਝੋਨੇ ਦੀ ਲਿਫਟਿੰਗ ਦਾ ਕੰਮ ਸ਼ੁਰੂ ਕਰਵਾਇਆ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune