ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਟਰੈਕਟਰ ਮਾਰਚ

January 07 2021

ਤਿੰਨ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਵਿੱਚ ਦੇਰੀ ਕਰ ਰਹੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕਰਦਿਆਂ ਅੱਜ ਸੈਂਕੜੇ ਕਿਸਾਨਾਂ ਨੇ ਮੁਕਤਸਰ ਸ਼ਹਿਰ ਵਿੱਚ ਟਰੈਕਟਰਾਂ ਨਾਲ ਮਾਰਚ ਕੀਤਾ। ਮਾਰਚ _ਚ ਸ਼ਾਮਲ ਟਰੈਕਟਰਾਂ ਉਪਰ ਕਿਸਾਨ ਜਥੇਬੰਦੀਆਂ ਦੇ ਝੰਡੇ ਲੱਗੇ ਹੋਏ ਸਨ। ਟਰੈਕਟਰਾਂ ਉਪਰ ਦਿੱਲੀ ਸਰਕਾਰ ਵਿਰੋਧੀ ਟੋਨ ਵਾਲੇ ਗੀਤ ਚੱਲ ਰਹੇ ਸਨ। ਕਿਸਾਨ ਕੇਂਦਰ ਸਰਕਾਰ, ਭਾਜਪਾ ਤੇ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਗੁੱਸਾ ਕੱਢ ਰਹੇ ਸੀ। ਕਿਸਾਨਾਂ ਨੇ ਦੱਸਿਆ ਕਿ ਉਹ ਇਸ ਮਾਰਚ ਰਾਹੀਂ ਦੱਸਣਾ ਚਾਹੁੰਦੇ ਹਨ ਕਿ ਜੇ ਭਾਜਪਾ ਨੇ ਅਜੇ ਵੀ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਆਪਣਾ ਸੰਘਰਸ਼ ਹੋਰ ਕਰੜਾ ਕਰਨਗੇ। ਮਾਰਚ ਲਈ ਪੁਲੀਸ ਵੱਲੋਂ ਆਵਾਜਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੋਇਆ ਸੀ ਫਿਰ ਵੀ ਕਈ ਥਾਂ ਆਵਾਜਾਈ ਠੱਪ ਰਹੀ। ਇਸ ਦੌਰਾਨ ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਬਿੱਲੂ ਸਿੱਧੂ ਨੇ ਕਿਹਾ ਕਿ ਕਿਸਾਨਾਂ ਤੇ ਸਿਆਸੀ ਪਾਰਟੀਆਂ ਨੂੰ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉਠਕੇ ਬਿਨ੍ਹਾਂ ਕਿਸੇ ਪੱਖਪਾਤ ਦੇ ਕਿਸਾਨ ਅੰਦੋਲਨ ਦੀ ਸਫਲਤਾ ਵਿੱਚ ਹਿੱਸਾ ਪਾਉਣਾ ਚਾਹੀਦਾ ਹੈ।

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਸਬੇ ਰਾਣੀਆਂ ’ਚ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਟਰੈਕਟਰ ਮਾਰਚ ਕੀਤਾ। ਟਰੈਕਟਰ ਮਾਰਚ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਿਰਕਤ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਅੱਜ ਸਿਰਸਾ ਦੇ ਰਾਣੀਆਂ ਕਸਬੇ ’ਚ ਟਰੈਕਟਰ ਮਾਰਚ ਕੀਤਾ ਜਿਸ ਵਿੱਚ ਸੈਂਕੜੇ ਕਿਸਾਨਾਂ ਨੇ ਆਪਣੇ ਟਰੈਕਟਰਾਂ ਨਾਲ ਸ਼ਿਰਕਤ ਕੀਤੀ। ਟਰੈਕਟਰ ਮਾਰਚ ਤੋਂ ਪਹਿਲਾਂ ਕਿਸਾਨਾਂ ਦੇ ਇਕੱਠ ਨੂੰ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ, ਬਲਰਾਜ ਬਣੀ ਤੇ ਰੋਸ਼ਨ ਸੁਚਾਨ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਅਗਲੇ ਦਿਨਾਂ ’ਚ ਕੀਤੇ ਜਾਣ ਵਾਲੇ ਅੰਦੋਲਨ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਿਸਾਨਾਂ ਨੇ 26 ਜਨਵਰੀ ਨੂੰ ਵੱਡੀ ਗਿਣਤੀ ’ਚ ਦਿੱਲੀ ਆਪਣੇ ਟਰੈਕਟਰ ਨਾਲ ਪਹੁੰਚਣ ਦਾ ਹਾਂ ਪੱਖੀ ਹੁੰਗਾਰਾ ਦਿੱਤਾ।

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਫ਼ਿਰੋਜ਼ਪੁਰ ਵਿੱਚ ਟਰੈਕਟਰ ਮਾਰਚ ਕੱਢ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਸੈਂਕੜੇ ਟਰੈਕਟਰਾਂ ਤੇ ਇਕੱਠੇ ਹੋਏ ਕਿਸਾਨਾਂ ਨੇ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਦੀ ਅਗਵਾਈ ਵਿਚ ਗੁਰਦੁਆਰਾ ਸਾਰਾਗੜ੍ਹੀ ਤੋਂ ਟਰੈਕਟਰ ਮਾਰਚ ਦੀ ਸ਼ੁਰੂਆਤ ਕੀਤੀ। ਬਸਤੀ ਟੈਂਕਾਂਵਾਲੀ, ਗੋਬਿੰਦ ਨਗਰੀ ਤੇ ਬਾਬਾ ਨਾਮਦੇਵ ਚੌਂਕ ਤੋਂ ਹੁੰਦਾ ਹੋਇਆ ਇਹ ਟਰੈਕਟਰ ਮਾਰਚ ਸ਼ਹਿਰ ਸਥਿਤ ਸ਼ਹੀਦ ਊਧਮ ਸਿੰਘ ਚੌਂਕ ’ਚ ਪਹੁੰਚ ਕੇ ਸਮਾਪਤ ਹੋਇਆ। ਕਿਸਾਨਾਂ ਨੇ ਸ਼ਹੀਦ ਊਧਮ ਸਿੰਘ ਦੇ ਬੁੱਤ ਤੇ ਫੁੱਲਾਂ ਦੀਆਂ ਮਾਲਾ ਪਾ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਾ ਦੀ ਸ਼ਾਂਤੀ ਲਈ ਤੇ ਕਿਸਾਨ ਸੰਘਰਸ਼ ਦੀ ਸਫ਼ਲਤਾ ਦੀ ਅਰਦਾਸ ਵੀ ਕੀਤੀ ਗਈ।

ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਮਲੋਟ ਵਿੱਚ ਇਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਖ ਵੱਖ ਪਿੰਡਾਂ ਦੇ ਡੇਢ ਸੌ ਤੋਂ ਵਧੇਰੇ ਟਰੈਕਟਰ ਸ਼ਾਮਲ ਹੋਏ। ਜਾਣਕਾਰੀ ਦਿੰਦਿਆਂ ਡਾਕਟਰ ਸੁਖਦੇਵ ਸਿੰਘ ਗਿੱਲ, ਚੌਧਰੀ ਕ੍ਰਿਸ਼ਨ ਲਾਲ ਨੇ ਦੱਸਿਆ ਉਨ੍ਹਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਮਾਰਚ ਰਾਹੀਂ ਇਹ ਸੁਨੇਹਾ ਦਿੱਤਾ ਗਿਆ ਹੈ ਕਿ 26 ਤਰੀਕ ਨੂੰ ਦਿੱਲੀ ਵਿੱਚ ਹੋ ਰਹੇ ਟਰੈਕਟਰ ਮਾਰਚ ਵਿੱਚ ਵੱਧ ਤੋਂ ਵੱਧ ਕਿਸਾਨ ਭਰਾ ਆਪਣੇ ਟਰੈਕਟਰਾਂ ਸਮੇਤ ਸ਼ਾਮਲ ਹੋਣ।

ਸੈਂਕੜੇ ਖੇਤ ਮਜ਼ਦੂਰਾਂ ਨੇ ਕੀਤਾ ਦਿੱਲੀ ਵੱਲ ਕੂਚ

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਮੁਕਤਸਰ ਜ਼ਿਲ੍ਹੇ ਦੇ ਡੱਬਵਾਲੀ ਬਾਰਡਰ ਤੋਂ ਸੈਂਕੜੇ ਖੇਤ ਮਜ਼ਦੂਰ ਦਿੱਲੀ ਕਿਸਾਨ ਧਰਨੇ ਵਾਸਤੇ ਰਵਾਨਾ ਹੋਣਗੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਦੱਸਿਆ ਕਿ ਇਸ ਕਾਫਲੇ ਵਿੱਚ ਪੰਜਾਬ ਭਰ ਦੇ ਖੇਤ ਮਜ਼ਦੂਰ ਸ਼ਾਮਲ ਹੋਣਗੇ ਜਿੰਨ੍ਹਾਂ ਵਿੱਚ ਕਰੀਬ ਸੌ ਮੁਕਤਸਰ ਬਲਾਕ ਤੋਂ, 60 ਗਿਦੜਬਾਹਾ, 150 ਲੰਬੀ, 40 ਦੇ ਕਰੀਬ ਮਲੋਟ ਬਲਾਕ ਤੋਂ ਮਜ਼ਦੂਰ ਸ਼ਾਮਲ ਹੋਣਗੇ। ਇਹ ਕਾਫਲਾ ਟਿੱਕਰੀ ਤੇ ਸਿੰਘੂ ਬਾਰਡਰ ’ਤੇ ਜਾਵੇਗਾ। ਸੰਘਰਸ਼ ਤਿੰਨ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰ ਤੇ ਕਿਸਾਨ ਇਕ ਦੂਜੇ ਦੇ ਪੂਰਕ ਹਨ। ਜੇ ਕਿਸਾਨਾਂ ਹੱਥੋਂ ਜ਼ਮੀਨ ਖੁੱਸਦੀ ਹੈ ਜਾਂ ਉਨ੍ਹਾਂ ਨੂੰ ਫਸਲ ਦਾ ਪੂਰਾ ਮੁੱਲ ਨਹੀਂ ਮਿਲਦਾ ਤਾਂ ਇਸਦਾ ਅਸਰ ਖੇਤ ਮਜ਼ਦੂਰਾਂ ਤੇ ਸਮਾਜ ਦੇ ਹੋਰ ਵਰਗਾਂ ’ਤੇ ਵੀ ਪੈਂਦਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune