ਕਿਸਾਨਾਂ ਤੇ ਵਪਾਰੀਆਂ ਵੱਲੋਂ ਗੁਰਨਾਮ ਸਿੰਘ ਚੜੂਨੀ ਦਾ ਭਰਵਾਂ ਸਵਾਗਤ

January 07 2021

ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦਾ ਜ਼ਿਲ੍ਹਾ ਸਿਰਸਾ ਦੇ ਦੌਰੇ ਦੌਰਾਨ ਪਿੰਡ ਖੈਰੇਕਾਂ, ਪੰਜੂਆਨਾ ਸਮੇਤ ਪਿੰਡ ਸਾਹੂਵਾਲਾ ਫਸਟ ਵਿੱਚ ਪੁੱਜਣ ’ਤੇ ਇਲਾਕੇ ਦੇ ਕਿਸਾਨਾਂ ਤੇ ਵਪਾਰੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਵੀ ਨਾਅਰੇ ਲਾਏ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਨਾਮ ਸਿਘ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਕਿਸਾਨ ਵਿਰੋਧੀ ਹੀ ਨਹੀਂ ਸਗੋਂ ਰਾਸ਼ਟਰ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਹੱਦਾਂ ’ਤੇ ਦਿੱਤੇ ਜਾ ਰਹੇ ਧਰਨੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਅੰਦੋਲਨ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ। ਇਸ ਤੋਂ ਇਲਾਵਾ ਅੱਜ ਖੇਤਰ ਦੇ ਕਸਬਾ ਰੋੜੀ ਸਥਿਤ ਖਰੀਦ ਕੇਂਦਰ ਵਿੱਚ ਵੱਡੀ ਗਿਣਤੀ ’ਚ ਕਿਸਾਨ ਅਤੇ ਨੌਜਵਾਨ ਇੱਕਠੇ ਹੋਏ ਅਤੇ ਟਰੈਕਟਰ ਰੈਲੀ ਨੂੰ ਰਵਾਨਾ ਕੀਤਾ। ਇਸ ਰੈਲੀ ਵਿੱਚ ਟੈਰਕਟਰਾਂ ਤੋਂ ਇਲਾਵਾ ਕਾਰਾਂ, ਜੀਪਾਂ ਅਤੇ ਮੋਟਰਸਾਈਕਲ ਵੀ ਸ਼ਾਮਲ ਸਨ। ਇਸ ਮੌਕੇ ’ਤੇ ਕਿਸਾਨ ਆਗੂਆਂ ਨੇ ਟੈਰਕਟਰ ਰੈਲੀ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਦਿੱਲੀ ਪੁੱਜਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune