ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਹੁਣ ਵਿਦਿਆਰਥੀ ਵਰਗ ਵੀ ਜੁੜ ਗਿਆ ਹੈ। ਵਿਦਿਆਰਥੀ ਜਥੇਬੰਦੀ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਨੇ ਨਾ ਸਿਰਫ ਪਿੰਡ ਚੱਬਾ ਵਿੱਚ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਸਗੋਂ ਖੇਤੀ ਕਾਨੂੰਨਾਂ ਵਿਰੋਧੀ ਘਰ-ਘਰ ਪਰਚੇ ਵੀ ਵੰਡੇ ਹਨ। ਵਿਦਿਆਰਥੀ ਜਥੇਬੰਦੀ ਦੀ ਸਥਾਨਕ ਇਕਾਈ ਦੇ ਆਗੂਆਂ ਨੇ ਇਸ ਸਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਲੋਕਾਂ ਨੂੰ ਕਿਸਾਨ ਵਿਰੋਧੀ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਹੈ।
ਜਥੇਬੰਦੀ ਦੇ ਆਗੂ ਨਵਜੋਤ ਸਿੰਘ ਨੇ ਦੱਸਿਆ ਕਿ ਪੀਐੱਸਯੂ ਲਲਕਾਰ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਇਸ ਸਬੰਧੀ ਸੂਬੇ ਭਰ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਮੰਤਵ ਸੰਘਰਸ਼ ਦੇ ਮੈਦਾਨ ਵਿੱਚ ਦਿਹਾੜੀਦਾਰ ਮਜ਼ਦੂਰਾਂ ਤੇ ਕਿਸਾਨਾਂ ਤੋਂ ਇਲਾਵਾ ਕਿਰਤੀ ਲੋਕਾਂ ਨੂੰ ਵੀ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਆਖਿਆ ਕਿ ਇਹ ਕਾਨੂੰਨ 75 ਫੀਸਦੀ ਕਿਰਤੀ ਆਬਾਦੀ ਵਿਰੁੱਧ ਹੈ। ਅਜਾਰੇਦਾਰ ਕੰਪਨੀਆਂ ਨੂੰ ਇਸ ਕਾਨੂੰਨ ਰਾਹੀਂ ਜਮ੍ਹਾਂਖੋਰੀ ਅਤੇ ਖੇਤੀ ਵਸਤਾਂ ਦੀ ਕਾਲਾਬਾਜ਼ਾਰੀ ਕਰਨ ਦੀ ਖੁੱਲ੍ਹ ਮਿਲੇਗੀ। ਉਨ੍ਹਾਂ ਆਖਿਆ ਕਿ ਬਿਜਲੀ ਸੋਧ ਬਿੱਲ 2020, ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਅਤੇ ਖੇਤੀ ਕਾਨੂੰਨ ਦਾ ਖਾਕਾ ਲੋਕ ਵਿਰੋਧੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਘੋਲ ਵਿੱਚ ਸਾਥ ਦੇਣ ਕਿਉਂਕਿ ਸਰਕਾਰੀ ਨੀਤੀਆਂ ਦਾ ਵਿਰੋਧ ਹੀ ਇਕ ਆਖਰੀ ਰਾਹ ਬਚਿਆ ਹੈ। ਇਸ ਮੌਕੇ ਲੋਕਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਰੋਸ ਵਿਖਾਵੇ ਵਿੱਚ ਵਿਦਿਆਰਥੀ ਆਗੂ ਹਰਦੀਪ ਸਿੰਘ, ਮਨਪ੍ਰੀਤ, ਸਿਮਰਨ ਤੇ ਹੋਰ ਸ਼ਾਮਲ ਸਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune