ਸਥਾਨਕ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਡੀਸੀ ਮੁਹੰਮਦ ਇਸ਼ਫਾਕ ਨੇ ਦੌਰਾ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਭਾਅ ਵਿੱਚ ਕੱਟ ਲਾਉਣ ਵਾਲੇ ਆੜ੍ਹਤੀਆਂ ਅਤੇ ਖ਼ਰੀਦ ਏਜੰਸੀ ਦੇ ਇਸਪੈਕਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇੱਕ ਕਿਸਾਨ ਨੇ ਜਦੋਂ ਡਿਪਟੀ ਕਮਿਸ਼ਨਰ ਨੂੰ ਇਹ ਸ਼ਿਕਾਇਤ ਕੀਤੀ ਗਈ ਕਿ ਆੜ੍ਹਤੀਆਂ ਤੇ ਖਰੀਦ ਏਜੰਸੀ ਦਾ ਇੰਸਪੈਕਟਰ ਉਸ ਨੂੰ ਨਿਰਧਾਰਤ ਰੇਟ ’ਤੇ ਕੱਟ ਲਗਾ ਕੇ ਘੱਟ ਕੀਮਤ ਦੇ ਰਹੇ ਹਨ ਤਾਂ ਉਨ੍ਹਾਂ ਇਸ ਦਾ ਸਖਤ ਨੋਟਿਸ ਲੈਂਦਿਆਂ ਮਾਰਕਿਟ ਕਮੇਟੀ ਦੇ ਸਕੱਤਰ ਨੂੰ ਕਿਸਾਨ ਦੇ ਬਿਆਨ ਲੈ ਕੇ ਸਬੰਧਤ ਆੜ੍ਹਤੀਏ ਤੇ ਇੰਸਪੈਕਟਰ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਡੀਸੀ ਨੇ ਕਿਹਾ ਕਿ ਅਜਿਹੀ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜੇਕਰ ਕੋਈ ਖਰੀਦ ਏਜੰਸੀ ਦਾ ਇੰਸਪੈਕਟਰ ਜਾਂ ਆੜ੍ਹਤੀਆ ਉਨ੍ਹਾਂ ਦੀ ਫਸਲ ਸਰਕਾਰੀ ਰੇਟ ਤੋਂ ਘੱਟ ਰੇਟ ’ਤੇ ਖਰੀਦਦਾ ਹੈ ਤਾਂ ਇਸ ਦੀ ਸ਼ਿਕਾਇਤ ਮਾਰਕਿਟ ਕਮੇਟੀ ਦਫ਼ਤਰ ਜਾਂ ਉਨ੍ਹਾਂ ਨੂੰ ਕੀਤੀ ਜਾਵੇ। ਉਨ੍ਹਾਂ ਮੰਡੀ ਅਫ਼ਸਰ ਸਮੇਤ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਪੂਰਾ ਭਾਅ ਦਿੱਤਾ ਜਾਵੇ ਅਤੇ ਜੇਕਰ ਕੋਈ ਸ਼ਿਕਾਇਤ ਮਿਲੀ ਤਾਂ ਸਖਤ ਐਕਸ਼ਨ ਲਿਆ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਐੱਸਡੀਐੱਮ ਬਲਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਸਰਕਾਰ ਝੋਨੇ ਦਾ ਇਕ-ਇਕ ਦਾਣਾ ਖਰੀਦੇਗੀ: ਚੀਮਾ
ਹਲਕਾ ਸੁਲਤਾਨਪੁਰ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਚੁੱਕੇਗੀ ਅਤੇ ਕਿਸਾਨਾਂ ਨੂੰ ਅਦਾਇਗੀ ਵੀ 24 ਘੰਟੇ ਅੰਦਰ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਸੁਲਤਾਨਪੁਰ ਲੋਧੀ ਹਲਕੇ ਵਿਚ ਵੱਖ-ਵੱਖ 6 ਅਨਾਜ ਮੰਡੀਆਂ ਖਾਲੂ, ਉੱਚਾ, ਸੁਰਖਪੁਰ, ਫੱਤੂਢੀਂਗਾ, ਟਿੱਬਾ ਤੇ ਤਲਵੰਡੀ ਚੌਧਰੀਆਂ ਦਾ ਦੌਰਾ ਕਰਨ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਕਾਨੂੰਨ ਪਾਸ ਕਰੇਗੀ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune