ਪੰਜਾਬ ਦੇ ਕਿਸਾਨਾਂ ਨੇ 26 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੀ ਟਰੈਕਟਰ ਪਰੇਡ ਲਈ ਹੁਣੇ ਤੋਂ ਵਹੀਰਾਂ ਘੱਤਣੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮਾਝੇ ਤੋਂ ਕਿਸਾਨਾਂ ਦੇ ਵੱਡੇ ਕਾਫ਼ਲੇ ਅੱਜ ਕੌਮੀ ਰਾਜਧਾਨੀ ਲਈ ਰਵਾਨਾ ਹੋਏ। ਪੰਜਾਬ ਦੇ 400 ਤੋਂ ਵੱਧ ਪਿੰਡਾਂ ਵਿੱਚ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਟਰੈਕਟਰ ਮਾਰਚ ਵੀ ਕੱਢੇ। ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਟਰੈਕਟਰ ਮਾਰਚ ਕੱਢਣ ਦਾ ਉਦੇਸ਼ 26 ਜਨਵਰੀ ਦੀ ‘ਟਰੈਕਟਰ ਪਰੇਡ’ ਲਈ ਕਿਸਾਨਾਂ ਨੂੰ ਲਾਮਬੰਦ ਕਰਨਾ ਹੈ। ਪੰਜਾਬ ’ਚ ਪਿਛਲੇ ਪੌਣੇ ਚਾਰ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਵਾ ਸੌ ਤੋਂ ਵੱਧ ਥਾਵਾਂ ’ਤੇ ਦਿਨ-ਰਾਤ ਦੇ ਧਰਨੇ ਵੀ ਜਾਰੀ ਹਨ। ਕਿਸਾਨਾਂ ਨੇ ਅੱਜ ਵੀ ਟੌਲ ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ ਮੂਹਰੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ ਅਤੇ ਰੇਲਵੇ ਸਟੇਸ਼ਨਾਂ ਦੇ ਪਾਰਕਾਂ ਵਿੱਚ ਧਰਨੇ ਲਾਏ। ਅੱਜ ਦਿੱਲੀ ਨੂੰ ਵਹੀਰਾਂ ਘੱਤਣ ਵਾਲੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਕਿਸਾਨਾਂ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਗਣਤੰਤਰ ਦਿਵਸ ਤੋਂ ਕੁਝ ਦਿਨ ਪਹਿਲਾਂ ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਰੋਕਾਂ ਖੜ੍ਹੀਆਂ ਕੀਤੇ ਜਾਣ ਦੇ ਖ਼ਦਸ਼ੇ ਕਾਰਨ ਉਨ੍ਹਾਂ ਪਹਿਲਾਂ ਹੀ ਚਾਲੇ ਪਾ ਦਿੱਤੇ ਹਨ।
ਪੰਜਾਬ ਵਿੱਚ ਚੱਲ ਰਹੇ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਜ਼ਿੱਦ ਤੋੜਨ ਲਈ 26 ਜਨਵਰੀ ਨੂੰ ਕੌਮੀ ਰਾਜਧਾਨੀ ’ਚ ਸ਼ਕਤੀ ਪ੍ਰਦਰਸ਼ਨ ਬੇਹੱਦ ਜ਼ਰੂਰੀ ਹੈ। ਇਸ ਲਈ ਪੰਜਾਬ ਦੇ ਹਰੇਕ ਪਿੰਡ ਤੋਂ ਟਰੈਕਟਰਾਂ-ਟਰਾਲੀਆਂ ਦੇ ਕਾਫ਼ਲੇ ਬੰਨ੍ਹ ਕੇ ਦਿੱਲੀ ਨੂੰ ਕੂਚ ਕੀਤਾ ਜਾਵੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਕਿਸਾਨਾਂ ਦੀ ਲਾਮਬੰਦੀ ਕੀਤੀ ਗਈ ਹੈ ਤੇ ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਦਿੱਲੀ ਦੀ ਪਰੇਡ ਲਈ ਸ਼ਿੰਗਾਰ ਲਏ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਸੱਦੇ ’ਤੇ ਅੱਜ ਅੱਠ ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਮੋਗਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਅੰਮ੍ਰਿਤਸਰ ਦੇ 400 ਪਿੰਡਾਂ ਵਿੱਚ ਟਰੈਕਟਰ ਪਰੇਡ ਕੀਤੀ ਗਈ ਤੇ ਕਿਸਾਨਾਂ ਨੂੰ 26 ਜਨਵਰੀ ਦੀ ਦਿੱਲੀ ਪਰੇਡ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 22 ਜਨਵਰੀ ਨੂੰ ਵੀ ਪਿੰਡਾਂ ਵਿੱਚ ਟਰੈਕਟਰ ਪਰੇਡ ਕੀਤੀ ਜਾਵੇਗੀ। ਅੱਜ ਗੁਰਪੁਰਬ ਮੌਕੇ ਗੁਰੂ ਗੋਬਿੰਦ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਲੜੇ ਜਾ ਰਹੇ ਘੋਲ ਨੂੰ ਸਿਦਕਦਿਲੀ ਨਾਲ ਅੰਜਾਮ ਤਕ ਪਹੁੰਚਾਉਣ ਦਾ ਅਹਿਦ ਲਿਆ ਗਿਆ। ਅੱਜ ਕਿਸਾਨਾਂ ਦੇ ਇਕੱਠਾਂ ਨੂੰ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਕਰਨੈਲ ਸਿੰਘ, ਜਸਵਿੰਦਰ ਸਿੰਘ ਬਰਾਸ, ਰਾਮ ਸਿੰਘ ਭੈਣੀ ਬਾਘਾ, ਜਗਸੀਰ ਦੋਦੜਾ, ਚਮਕੌਰ ਸਿੰਘ ਨੈਣੇਵਾਲਾ, ਗੁਰਭਗਤ ਸਿੰਘ ਨੇ ਸੰਬੋਧਨ ਕੀਤਾ।
ਖੇਤ ਮਜ਼ਦੂਰਾਂ ਵੱਲੋਂ ਵੀ 26 ਜਨਵਰੀ ਨੂੰ ਪ੍ਰਦਰਸ਼ਨ ਦਾ ਐਲਾਨ
ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਨੂੰ ਖੇਤੀ ਕਾਨੂੰਨਾਂ ਅਤੇ ਦਲਿਤਾਂ ’ਤੇ ਜਬਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਖੇਤ ਮਜ਼ਦੂਰਾਂ ਨੂੰ ਖੇਤੀ ਕਾਨੂੰਨਾਂ ਦੇ ਉਨ੍ਹਾਂ ਦੀ ਜ਼ਿੰਦਗੀ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਲਿਤਾਂ ਲਈ ਸਮਾਜਿਕ ਬਰਾਬਰੀ ਤੇ ਪੁੱਗਤ ਸਥਾਪਤੀ ਲਈ ਵਿਸ਼ਾਲ ਘੋਲਾਂ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਸੱਤਾ ਵਿੱਚ ਆਉਣ ਮਗਰੋਂ ਦਲਿਤਾਂ ’ਤੇ ਅੱਤਿਆਚਾਰਾਂ ’ਚ ਵਾਧਾ ਹੋਇਆ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune