ਮੋਦੀ ਪੰਜਾਬ ਨੂੰ ਵਿੱਤੀ ਪੈਕੇਜ ਜਾਂ ਵੱਡੀ ਸਨਅਤ ਦੇਣ: ਜਾਖੜ

January 02 2019

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਫੇਰੀ ’ਤੇ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਖਿਆ ਹੈ ਕਿ ਉਹ ਦੇਸ਼ ਲਈ ਅਨਾਜ ਪੈਦਾ ਕਰਨ ਵਾਲੇ ਪੰਜਾਬ ਲਈ ਕੋਈ ਵੱਡੀ ਸਨਅਤ ਸਥਾਪਤ ਕਰਨ ਦਾ ਐਲਾਨ ਕਰਨ ਅਤੇ ਸੂਬੇ ਨੂੰ ਵਿੱਤੀ ਪੈਕੇਜ ਦੇਣ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ 15 ਲੱਖ ਰੁਪਏ ਦੇਣ ਦੇ ਜੁਮਲਿਆਂ, ਅੱਛੇ ਦਿਨ ਅਤੇ ਕਾਲੇ ਧਨ ਦੀ ਵਾਪਸੀ ਵਰਗੇ ਲਾਰਿਆਂ ਦੀ ਸੱਚਾਈ ਜੱਗ ਜ਼ਾਹਰ ਹੋਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਆਸਵੰਦ ਤਾਂ ਨਹੀਂ ਹਨ ਪਰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਵੇਖਦਿਆਂ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਆਪਣੀ ਕੁਰਸੀ ਬਚਾਉਣ ਦੇ ਲਾਲਚ ਵਿਚ ਹੀ ਪੰਜਾਬ ਲਈ ਕੋਈ ਵੱਡਾ ਐਲਾਨ ਕਰ ਜਾਣ। ਉਨ੍ਹਾਂ ਕਿਹਾ ਕਿ ਹੁਣ ਐਲਾਨਾਂ ਅਤੇ ਦਾਅਵਿਆਂ ਦਾ ਸਮਾਂ ਲੰਘ ਚੁੱਕਾ ਹੈ ਤੇ ਜਿਸ ਤਰ੍ਹਾਂ ਦਾ ਮੋਦੀ ਸਰਕਾਰ ਦਾ ਕਾਰਜ ਕਾਲ ਰਿਹਾ ਹੈ, ਉਸ ਨੂੰ ਵੇਖਦਿਆਂ ਲੋਕਾਂ ਨੂੰ ਪ੍ਰਧਾਨ ਮੰਤਰੀ ਦੇ ਐਲਾਨਾਂ ’ਤੇ ਕੋਈ ਯਕੀਨ ਵੀ ਨਹੀਂ ਰਿਹਾ। ਉਨ੍ਹਾਂ ਬਟਾਲਾ ਦੀ ਸਨਅਤ ਵਾਸਤੇ ਭਾੜੇ ਲਈ ਸਬਸਿਡੀ ਸਕੀਮ ਲਾਗੂ ਕਰਨ ਦੀ ਵੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਕੇਂਦਰ ਸਰਕਾਰ ਨਾਲ ਰਲ ਕੇ ਅਨਾਜ ਖਰੀਦ ਦੇ ਖਾਤਿਆਂ ਵਿਚ ਹੇਰਫੇਰ ਕਰਕੇ 31000 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਿਰ ਚੜ੍ਹਾਇਆ ਹੈ, ਇਹੀ ਕਰਜ਼ਾ ਇਸ ਸਮੇਂ ਪੰਜਾਬ ਦੇ ਵਿੱਤੀ ਪ੍ਰਬੰਧ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਹੋਰ ਕੁਝ ਨਹੀਂ ਕਰ ਸਕਦੇ ਤਾਂ ਘੱਟੋ ਘੱਟ ਪੰਜਾਬ ਦਾ ਕਰਜ਼ਾ ਤਾਂ ਮੁਆਫ ਕਰ ਹੀ ਸਕਦੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਰਹਿ ਰਹੇ ਪੰਜਾਬੀ ਕਿਸਾਨਾਂ ਦੇ ਹੱਕ ਵਿਚ ਹਾਈਕੋਰਟ ਦਾ ਫੈਸਲਾ ਆ ਚੁੱਕਾ ਹੈ। ਇਸ ਦੇ ਬਾਵਜੂਦ ਗੁਜਰਾਤ ਦੀ ਭਾਜਪਾ ਸਰਕਾਰ ਨੇ ਸੁਪਰੀਮ ਕੋਰਟ ਵਿਚ ਅਪੀਲ ਪਾਈ ਹੋਈ ਹੈ। ਉਹ ਇਸ ਦਾ ਜਵਾਬ ਮੰਗਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ 11 ਜੁਲਾਈ ਨੂੰ ਪੰਜਾਬ ਵਿਚ ਮਲੋਟ ਵਿੱਚ ਕੀਤੀ ਰੈਲੀ ਵਿਚ ਫਸਲਾਂ ਦੇ ਸਮਰਥਨ ਮੁੱਲ ਵਿਚ ਵਾਧੇ ਦੇ ਨਾਂ ’ਤੇ ਵਾਹ-ਵਾਹੀ ਲੁੱਟਣ ਆਏ ਸਨ ਪਰ ਦੇਸ਼ ਭਰ ਵਿਚ ਕਿਸਾਨਾਂ ਨੂੰ ਐਲਾਨੇ ਸਮਰਥਨ ਮੁੱਲ ਅਨੁਸਾਰ ਭਾਅ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਵਿਚ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਸਾਰਥਿਕ ਭੂਮਿਕਾ ਨਿਭਾਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਲਾਂਘਾ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਵਿਚ ਨਿੱਘ ਲਿਆਏਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source: Punjabi Tribune