by: punjabi tribune Date: 11 september 2017
ਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੱਤਰਕਾਰੀ, ਭਾਸ਼ਾਵਾਂ ਅਤੇ ਸਭਿਆਚਾਰ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ‘ਉਤਸ਼ਾਹ’ ਅਧੀਨ ਅੱਜ ਇਥੇ ਖੁਦਕੁਸ਼ੀਆਂ ਰੋਕਣ ਸਬੰਧੀ ਵਿਸ਼ਵ ਦਿਵਸ ਮਨਾਇਆ ਗਿਆ। ਇਸ ਮੌਕੇ ਪਾਲ ਆਡੀਟੋਰੀਅਮ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।
ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੀਏਯੂ ਨੇ ਜਿਥੇ ਹੁਣ ਤੱਕ ਕਿਸਾਨਾਂ ਦੀਆਂ ਖੇਤੀ ਸਮੱਸਿਆਵਾਂ ਨੂੰ ਨਜਿੱਠਦਿਆਂ ਉਨਾਂ ਦੀ ਆਰਥਿਕ ਖੁਸ਼ਹਾਲੀ ਦਾ ਰਾਹ ਖੋਲ੍ਹਿਆ ਹੈ, ਉਥੇ ਹੁਣ ਇਹ ਯੂਨੀਵਰਸਿਟੀ ਨਵੇਂ ਬੀਜਾਂ ਦੇ ਨਾਲ-ਨਾਲ ਕਿਸਾਨਾਂ ਦੀ ਮਾਨਸਿਕ ਸਿਹਤ ਸੰਭਾਲ ਲਈ ਨਵੇਂ ਸ਼ਬਦਾਂ ਦੀ ਵੀ ਖੋਜ ਵਿੱਚ ਜੁਟ ਗਈ ਹੈ।
ਪੀਏਯੂ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਵਿੱਚ ਖੁਦਕੁਸ਼ੀਆਂ ਕਰਨ ਦੇ ਰੁਝਾਨ ਨੂੰ ਰੋਕਣ ਲਈ ਸਾਰੇ ਪੰਜਾਬ ਵਿੱਚ ‘ਉਤਸ਼ਾਹ’ ਦੀ ਲਹਿਰ ਚਲਾਉਣ ਦਾ ਸੱਦਾ ਦਿੱਤਾ। ਪੰਜਾਬ ਭਰ ਤੋਂ ਪੁੱਜੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਤਾ-ਪਿਤਾ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਢਿੱਲੋਂ ਨੇ ਅਪੀਲ ਕੀਤੀ ਕਿ ਹਰ ਪਿੰਡ ਦੇ ਸੂਝਵਾਨ ਨੌਜਵਾਨਾਂ ਨੂੰ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਅਤੇ ਚੜ੍ਹਦੀ ਕਲਾ ਦਾ ਮਾਹੌਲ ਸਿਰਜਣ ਲਈ ਅੱਗੇ ਆਉਣਾ ਚਾਹੀਦਾ ਹੈ।
ਬੇਸਿਕ ਸਾਇੰਸਿਜ਼ ਕਾਲਜ ਦੀ ਡੀਨ ਡਾ. ਗੁਰਿੰਦਰ ਕੌਰ ਸਾਂਘਾ ਨੇ ਆਏ ਮਹਿਮਾਨਾਂ ਦਾ ਸੁਆਗਤ ਕਰਦਿਆਂ ਦੱਸਿਆ ਕਿ 800 ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੇ ਵੱਖ-ਵੱਖ ਸਾਹਿਤਕ ਮੁਕਾਬਲਿਆਂ ਵਿੱਚ ਭਾਗ ਲਿਆ ਹੈ।
ਇਸ ਮੌਕੇ ਪੰਜਾਬ ਪੁਲੀਸ ਅਕੈਡਮੀ ਦੇ ਸਾਬਕਾ ਡੀਨ ਡਾ. ਦਵਿੰਦਰਜੀਤ ਸਿੰਘ ਨੇ ਖੁਦਕੁਸ਼ੀਆਂ ਦੇ ਮਨੋਵਿਗਿਆਨ ਪੱਖਾਂ ’ਤੇ ਚਾਨਣਾ ਪਾਇਆ। ਪੱਤਰਕਾਰੀ ਦੇ ਪ੍ਰੋਫੈਸਰ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਸਾਨੂੰ ਮੁਸ਼ਕਲਾਂ ਨਾਲ ਜੂਝਣਾ ਸਿੱਖਣਾ ਅਤੇ ਸਿਖਾਉਣਾ ਚਾਹੀਦਾ ਹੈ। ਡਾ. ਜਤਿੰਦਰ ਕੌਰ ਗੁਲਾਟੀ, ਡੀਨ, ਕਾਲਜ ਆਫ ਹੋਮ ਸਾਇੰਸ ਨੇ ਤਣਾਅ ਤੋਂ ਮੁਕਤੀ ਪਾਉਣ ਦੇ ਤਰੀਕੇ ਸਾਂਝੇ ਕੀਤੇ ਗਏ। ਅਰਥਸ਼ਾਸਤਰ ਵਿਭਾਗ ਦੇ ਡਾ. ਸੁਖਪਾਲ ਸਿੰਘ ਨੇ ਖੁਦਕੁਸ਼ੀਆਂ ਦੇ ਪ੍ਰਕੋਪ ਅਤੇ ਕਾਰਨਾਂ ਸਬੰਧੀ ਅੰਕੜੇ ਸਾਂਝੇ ਕੀਤੇ।
ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਦੋ ਛੋਟੀਆਂ ਫਿਲਮਾਂ ‘ਚੱਪਲ’ ਅਤੇ ‘ਪੰਡ’ ਦੇ ਅੰਸ਼ ਵੀ ਦਿਖਾਏ ਗਏ।
ਇਸ ਮੌਕੇ ਪਰਮਜੀਤ ਕੌਰ ਢਿੱਲੋਂ, ਭੁਪਿੰਦਰ ਪਾਤਰ, ਡਾ. ਅਮਰਜੀਤ ਸਿੰਘ ਵੀ ਹਾਜ਼ਰ ਸਨ। ਡਾ. ਜਗਦੀਸ਼ ਕੌਰ, ਅਪਰ ਨਿਰਦੇਸ਼ਕ ਸੰਚਾਰ ਨੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਖੁਦਕੁਸ਼ੀਆਂ ਰੋਕਣ ਸੰਬੰਧੀ ਪੋਸਟਰਾਂ ਦੀ ਨੁਮਾਇਸ਼ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ।
ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।