Update Details

9672-jhona.jpg
Posted by ਖੇਤੀਬਾੜੀ ਅਫ਼ਸਰ, ਸਮਾਲਸਰ (ਮੋਗਾ)। ਮੋਬਾਈਲ : 94653-53756
2018-08-31 07:19:20

ਝੋਨੇ ਦੀ ਫ਼ਸਲ ਵਿਚ ਵੱਖ-ਵੱਖ ਬਿਮਾਰੀਆਂ ਦੇ ਕਾਰਨ, ਲੱਛਣ ਅਤੇ ਰੋਕਥਾਮ

ਕਿਸਾਨ ਵੀਰੋ ਝੋਨੇ ਦੀ ਫ਼ਸਲ ਵਿਚ ਵੱਖ-ਵੱਖ ਬਿਮਾਰੀਆਂ ਦੇ ਕਾਰਨ, ਲੱਛਣ ਅਤੇ ਰੋਕਥਾਮ ਦੇ ਤਰੀਕੇ ਹੇਠ ਲਿਖੇ ਅਨੁਸਾਰ ਹਨ:

ਤਣੇ ਦੁਆਲੇ ਪੱਤੇ ਦਾ ਝੁਲਸ ਰੋਗ : ਇਸ ਬਿਮਾਰੀ ਨਾਲ ਤਣੇ ਉੱਤੇ ਸਲੇਟੀ ਰੰਗ ਦੇ ਧੱਬੇ ਪੈ ਜਾਂਦੇ ਹਨ ਜੋ ਕਿ ਬਾਅਦ ਵਿਚ ਵਧ ਕੇ ਇਕ-ਦੂਜੇ ਨਾਲ ਮਿਲ ਜਾਂਦੇ ਹਨ। ਇਹ ਨਿਸ਼ਾਨੀਆਂ ਆਮ ਕਰਕੇ ਫ਼ਸਲ ਦੇ ਨਿਸਰਨ ਸਮੇਂ ਹੀ ਨਜ਼ਰ ਆਉਂਦੀਆਂ ਹਨ। ਇਸ ਬਿਮਾਰੀ ਦੇ ਜ਼ਿਆਦਾ ਹਮਲੇ ਨਾਲ ਮੁੰਜਰਾਂ ਵਿਚ ਜ਼ਿਆਦਾ ਦਾਣੇ ਨਹੀਂ ਬਣਦੇ। ਇਸ ਬਿਮਾਰੀ ਦੀ ਰੋਕਥਾਮ ਲਈ ਨਾਈਟ੍ਰੋਜਨ ਵਾਲੀ ਖਾਦ ਦੀ ਵਧੇਰੇ ਵਰਤੋਂ ਨਾ ਕਰੋ। ਵੱਟਾਂ ਬੰਨਿਆਂ ਨੂੰ ਘਾਹ ਤੋਂ ਰਹਿਤ ਰੱਖੋ। ਇਸ ਰੋਗ ਦੀਆਂ ਨਿਸ਼ਾਨੀਆਂ ਜੇਕਰ ਜਾੜ ਮਾਰਨ ਵੇਲੇ ਨਜ਼ਰ ਆਉਣ ਤਾਂ ਐਮੀਸਟਾਰ ਟੌਪ 325 ਐਸ. ਸੀ. ਜਾਂ ਟਿਲਟ/ਬੰਪਰ 25 ਈ. ਸੀ. (ਪ੍ਰੋਪੀਕੋਨਾਜੋਲ) ਜਾਂ ਫੌਲੀਕਰ/ਉਰੀਅਸ 25 ਈ. ਸੀ. (ਟੈਬੂਕੋਨਾਜੋਲ) 200 ਮਿਲੀਲਿਟਰ ਜਾਂ ਨੇਟੀਵੋ 75 ਡਬਲਯੂ. ਜੀ. 80 ਗ੍ਰਾਮ ਜਾਂ ਲਸਚਰ 37.5 ਐਸ. ਈ. ( ਫਲੂਜੀਲਾਜੋਲ+ ਕਾਰਬੈਂਡਾਜਿਮ) 320 ਮਿਲੀਲਿਟਰ ਜਾਂ ਬਵਿਸਟਨ 50 ਡਬਲਯੂ. ਪੀ. 200 ਗ੍ਰਾਮ ਨੂੰ 200 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਦੂਜਾ ਛਿੜਕਾਅ 15 ਦਿਨ ਦੇ ਵਕਫੇ ਨਾਲ ਕਰੋ।

ਝੂਠੀ ਕਾਂਗਿਆਰੀ : ਇਸ ਬਿਮਾਰੀ ਨਾਲ ਦਾਣਿਆਂ ਦੀ ਥਾਂ ਪੀਲੇ ਤੋਂ ਹਰੇ ਰੰਗ ਦੀ ਧੂੜੇਦਾਰ ਉੱਲੀ ਦੇ ਗੋਲੇ ਜਿਹੇ ਬਣ ਜਾਂਦੇ ਹਨ। ਜੇਕਰ ਫ਼ਸਲ ਨਿਸਰਨ ਸਮੇਂ ਮੀਂਹ ਜਾਂ ਸਿੱਲ ਜ਼ਿਆਦਾ ਰਹੇ ਤਾਂ ਇਹ ਬਿਮਾਰੀ ਜ਼ਿਆਦਾ ਹੁੰਦੀ ਹੈ। ਇਸ ਬਿਮਾਰੀ 'ਤੇ ਕਾਬੂ ਪਾਉਣ ਲਈ ਪਹਿਲਾ ਛਿੜਕਾਅ ਕੋਸਾਈਡ 46 ਡੀ. ਐਫ. (ਕਾਪਰ ਹਾਈਡਰੋਕਸਾਈਡ) 500 ਗ੍ਰਾਮ ਨੂੰ 200 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ। ਦੂਜਾ ਛਿੜਕਾਅ 10 ਦਿਨਾਂ ਬਾਅਦ ਟਿਲਟ 25 ਈ. ਸੀ. 200 ਮਿਲੀਲਿਟਰ ਨੂੂੰ 200 ਲਿਟਰ ਵਿਚ ਘੋਲ ਕੇ ਕਰੋ।

ਭੂਰੇ ਧੱਬਿਆਂ ਦਾ ਰੋਗ : ਇਸ ਨਾਲ ਗੋਲ, ਅੱਖ ਦੀ ਸ਼ਕਲ ਵਰਗੇ ਧੱਬੇ ਪੈ ਜਾਂਦੇ ਹਨ। ਇਹ ਧੱਬੇ ਦਾਣਿਆਂ ਉੱਤੇ ਵੀ ਪੈ ਜਾਂਦੇ ਹਨ। ਇਹ ਬਿਮਾਰੀ ਮਾੜੀਆਂ ਜ਼ਮੀਨਾਂ ਵਿਚ ਫ਼ਸਲ ਨੂੰ ਔੜ ਲੱਗਣ ਕਰਕੇ ਜ਼ਿਆਦਾ ਹੁੰਦੀ ਹੈ ਇਸ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਬਿਮਾਰੀ ਦੀ ਰੋਕਥਾਮ ਲਈ ਨੇਟੀਵੋ 75 ਡਬਲਯੂ ਜੀ 80 ਗ੍ਰਾਮ ਜਾਂ ਇੰਡੋਫਿਲ ਜ਼ੈਡ 78 500 ਗ੍ਰਾਮ ਪ੍ਰਤੀ ਏਕੜ 200 ਲਿਟਰ ਪਾਣੀ ਵਿਚ ਘੋਲ ਕੇ ਦੋ ਵਾਰ , ਪਹਿਲਾ ਛਿੜਕਾਅ ਜਾੜ ਮਾਰਨ ਵੇਲੇ ਅਤੇ ਦੂਜਾ ਛਿੜਕਾਅ 15 ਦਿਨ ਮਗਰੋਂ ਕਰੋ।

ਭਰੁੜ ਰੋਗ : ਪੱਤਿਆਂ ਉੱਤੇ ਸਲੇਟੀ ਰੰਗ ਦੇ ਧੱਬੇ ਪੈ ਜਾਂਦੇ ਹਨ ਜੋ ਕਿਨਾਰਿਆਂ ਤੋਂ ਭੂਰੇ ਰੰਗ ਦੇ ਹੁੰਦੇ ਹਨ। ਇਸ ਨਾਲ ਮੁੰਜਰਾਂ ਦੇ ਮੁੱਢ ਤੇ ਕਾਲੇ ਦਾਗ ਪੈ ਜਾਂਦੇ ਹਨ ਅਤੇ ਮੁੰਜਰਾਂ ਹੇਠਾਂ ਵੱਲ ਝੁਕ ਜਾਂਦੀਆਂ ਹਨ। ਇਸ ਬਿਮਾਰੀ ਦਾ ਹਮਲਾ ਜਿੱਥੇ ਨਾਈਟ੍ਰੋਜਨ ਜ਼ਿਆਦਾ ਪਾਈ ਗਈ ਹੋਵੇ ਅਤੇ ਖਾਸ ਤੌਰ 'ਤੇ ਬਾਸਮਤੀ ਦੀ ਫ਼ਸਲ ਉੱਤੇ ਜ਼ਿਆਦਾ ਹੁੰਦਾ ਹੈ। ਇਸ ਦੀ ਰੋਕਥਾਮ ਲਈ ਐਮੀਸਟਾਰ ਟੌਪ 325 ਐਸ. ਸੀ. 200 ਮਿਲੀਲਿਟਰ ਜਾਂ ਇੰਡੋਫਿਲ ਜ਼ੈਡ 78 75 ਘੁਲਣਸ਼ੀਲ 500 ਗ੍ਰਾਮ ਨੂੰ 200 ਲਿਟਰ ਪਾਣੀ ਪ੍ਰਤੀ ਏਕੜ ਘੋਲ ਕੇ ਫ਼ਸਲ ਦੇ ਗੋਭ ਵਿਚ ਆਉੇਣ ਅਤੇ ਮੁੰਜਰਾਂ ਨਿਕਲਣ ਦੇ ਸ਼ੁਰੂ ਵਿਚ ਛਿੜਕਾਅ ਕਰੋ।

ਬੰਟ: ਇਸ ਬਿਮਾਰੀ ਕਾਰਨ ਸਿੱਟੇ ਵਿਚ ਕੁਝ ਦਾਣਿਆਂ ਤੇ ਅਸਰ ਹੁੰਦਾ ਹੈ ਅਤੇ ਦਾਣੇ ਦਾ ਕੁਝ ਹਿੱਸਾ ਕਾਲੇ ਪਾਊਡਰ ਵਿਚ ਬਦਲ ਜਾਂਦਾ ਹੈ । ਕਈ ਵਾਰ ਸਾਰਾ ਦਾਣਾ ਹੀ ਕਾਲਾ ਪਾਊਡਰ ਬਣ ਜਾਂਦਾ ਹੈ। ਇਸ ਬਿਮਾਰੀ ਦੀ ਰੋਕਥਾਮ ਲਈ ਟਿਲਟ 25 ਈ ਸੀ 200 ਮਿਲੀਲਿਟਰ ਨੂੂੰ 200 ਲਿਟਰ ਵਿਚ ਘੋਲ ਕੇ ਦੋ ਛਿੜਕਾਅ ਪਹਿਲਾ ਜਦੋਂ ਫ਼ਸਲ ਗੋਭ ਤੇ ਹੋਵੇ ਅਤੇ ਦੂਜਾ 10 ਦਿਨਾਂ ਬਾਅਦ ਕਰੋ।

ਤਣੇ ਦੁਆਲੇ ਪੱਤੇ ਦਾ ਗਲਣਾ : ਇਸ ਰੋਗ ਨਾਲ ਪੱਤਿਆਂ ਦੀ ਸ਼ੀਥ ਤੇ ਬੇਤਰਤੀਬੇ ਸਲੇਟੀ ਤੋਂ ਹਲਕੇ ਭੂਰੇ ਰੰਗ ਦੇ ਚਟਾਖ ਪੈ ਜਾਂਦੇ ਹਨ। ਇਹ ਚਟਾਖ ਆਮ ਤੌਰ 'ਤੇ ਇਕ ਦੂਜੇ ਨਾਲ ਮਿਲ ਕੇ ਪੱਤੇ ਦੀ ਸਾਰੀ ਸ਼ੀਥ 'ਤੇ ਫੈਲ ਜਾਂਦੇ ਹਨ। ਇਸ ਰੋਗ ਨਾਲ ਮੁੰਜਰਾਂ ਥੋਥੀਆਂ ਰਹਿ ਜਾਂਦੀਆਂ ਹਨ ਅਤੇ ਗੂੜੇ ਲਾਲ ਜਾਂ ਜਾਮਣੀ ਭੂਰੇ ਤੋਂ ਕਾਲੇ ਰੰਗ ਦੀਆਂ ਹੋ ਜਾਂਦੀਆਂ ਹਨ। ਇਸ ਬਿਮਾਰੀ 'ਤੇ ਕਾਬੂ ਪਾਉਣ ਲਈ ਫ਼ਸਲ ਦੇ ਗੋਭ ਵਿਚ ਆਉਣ ਵੇਲੇ 15 ਦਿਨ ਦੇ ਵਕਫੇ ਤੇ 2 ਛਿੜਕਾਅ ਬਵਿਸਟਨ 50 ਡਬਲਯੂ ਪੀ 200 ਗ੍ਰਾਮ ਦਵਾਈ ਨੂੰ 200 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਹਿਸਾਬ ਨਾਲ ਕਰੋ।

ਤਣੇ ਦਾ ਗਲਣਾ : ਇਹ ਬਿਮਾਰੀ ਇਕ ਉੱਲੀ ਰੋਗ ਕਰਕੇ ਹੁੰਦੀ ਹੈ ਜੋ ਬੂਟੇ ਦੇ ਨਿਸਰਣ ਸਮੇਂ ਹਮਲਾ ਕਰਦੀ ਹੈ। ਇਸ ਨਾਲ ਪਾਣੀ ਦੀ ਸਤਹ ਤੋਂ ਬੂਟੇ ਉੱਤੇ ਗੂੜ੍ਹੇ ਭੂਰੇ ਤੋਂ ਕਾਲੇ ਧੱਬੇ ਪੈ ਜਾਂਦੇ ਹਨ। ਬਾਅਦ ਵਿਚ ਇਹ ਬਿਮਾਰੀ ਸਾਰੇ ਤਣੇ ਤੇ ਫੈਲ ਜਾਂਦੀ ਹੈ, ਜਿਸ ਨਾਲ ਬੂਟਾ ਮੁਰਝਾਅ ਕੇ ਡਿੱਗ ਪੈਂਦਾ ਹੈ। ਇਸ ਬਿਮਾਰੀ ਦੀ ਰੋਕਥਾਮ ਲਈ ਫ਼ਸਲ ਵਿਚ ਲਗਾਤਾਰ ਪਾਣੀ ਖੜ੍ਹਾ ਨਾ ਹੋਣ ਦਿਓ, ਖੜ੍ਹਾ ਪਾਣੀ ਬਾਹਰ ਕੱਢ ਦਿਓ। ਨਾਈਟ੍ਰੋਜਨ ਖਾਦਾਂ ਦੀ ਵਰਤੋਂ ਲੋੜ ਤੋਂ ਜ਼ਿਆਦਾ ਨਾ ਕਰੋ।

ਝੁਲਸ ਰੋਗ : ਪੱਤਿਆਂ ਉੱਪਰ ਹਰੀਆਂ ਪੀਲੀਆਂ ਧਾਰੀਆਂ ਕਿਨਾਰਿਆਂ ਦੇ ਨਾਲ-ਨਾਲ ਬਣ ਜਾਂਦੀਆਂ ਹਨ। ਪੱਤਾ ਨੋਕ ਵਲੋਂ ਮੁੜਨਾ ਸ਼ੁਰੂ ਹੋ ਜਾਂਦਾ ਹੈ ਅਤੇ ਚਿੱਟਾ ਹੋ ਜਾਂਦਾ ਹੈ। ਕਈ ਵਾਰ ਸਾਰਾ ਪੱਤਾ ਸੁੱਕ ਜਾਂਦਾ ਹੈ। ਇਹ ਬਿਮਾਰੀ ਕਈ ਵਾਰ ਪਨੀਰੀ ਲਾਉਣ ਤੋਂ ਛੇਤੀ ਬਾਅਦ ਹਮਲਾ ਕਰ ਦਿੰਦੀ ਹੈ, ਜਿਸ ਨਾਲ ਬੂਟਾ ਕੁਮਲਾਅ ਜਾਂਦਾ ਹੈ। ਇਸ ਬਿਮਾਰੀ ਦੀ ਰੋਕਥਾਮ ਲਈ ਹੇਠ ਲਿਖੇ ਤਰੀਕੇ ਵਰਤਣੇ ਚਾਹੀਦੇ ਹਨ:

* ਨਾਈਟ੍ਰੋਜਨ ਤੱਤ ਦੀ ਜ਼ਿਆਦਾ ਵਰਤੋਂ ਨਾ ਕਰੋ। * ਖੇਤ ਵਿਚ ਲਗਾਤਾਰ ਪਾਣੀ ਖੜ੍ਹਾ ਨਾ ਰੱਖੋ। * ਬੀਜ ਨੂੰ ਰੋਗ ਰਹਿਤ ਕਰਕੇ ਬੀਜੋ। * ਝੋਨੇ ਦੀ ਪਨੀਰੀ ਅਤੇ ਫ਼ਸਲ ਛਾਂ ਹੇਠ ਨਹੀਂ ਬੀਜਣੀ ਚਾਹੀਦੀ। * ਝੋਨੇ ਦੀ ਪਨੀਰੀ ਅਤੇ ਫ਼ਸਲ ਤੂੜੀ ਦੇ ਕੁੱਪਾਂ ਨੇੜੇ ਨਾ ਬੀਜੋ।

ਪੱਤਿਆਂ ਵਿਚ ਧਾਰੀਆਂ ਪੈਣ ਦਾ ਰੋਗ: ਪੱਤਿਆਂ ਦੀਆਂ ਨਾੜਾਂ ਵਿਚਕਾਰ ਬਰੀਕ ਧਾਰੀਆਂ ਪੈ ਜਾਂਦੀਆਂ ਹਨ। ਇਹ ਧਾਰੀਆਂ ਲੰਮੀਆਂ ਹੋ ਕੇ ਬੂਟਾ ਪੱਕਣ ਸਮੇਂ ਲਾਲ ਭਾਅ ਮਾਰਦੀਆਂ ਹਨ। ਇਸ ਦੀ ਰੋਕਥਾਮ ਲਈ ਬੀਜ ਰੋਗ ਰਹਿਤ ਕਰਕੇ ਬੀਜਣਾ ਜ਼ਰੂਰੀ ਹੈ।