ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ਼ ਸੰਘਰਸ਼ ਤੇਜ਼ ਕਰਨ ਦਾ ਫੈਸਲਾ

August 12 2020

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਨੇ ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਖੇਤੀ ਆਰਡੀਨੈਂਸ ਮੜ੍ਹ ਰਹੀ ਕੇਂਦਰ ਦੀ ਮੋਦੀ ਹਕੂਮਤ ਖਿਲਾਫ ਸੰਘਰਸ਼ ਨੂੰ ਤਿੱਖਾ ਰੂਪ ਦਿੰਦਿਆਂ 15 ਤੋਂ 21 ਅਗਸਤ ਤੱਕ ਪੰਜਾਬ ਦੇ ਪਿੰਡਾਂ ਵਿੱਚ ਪਹੁੰਚਣ ਵਾਲੇ ਅਕਾਲੀ- ਭਾਜਪਾ ਦੇ ਮੰਤਰੀਆਂ, ਸੰਸਦ ਮੈਬਰਾਂ ਅਤੇ ਵਿਧਾਇਕਾਂ ਦੇ ਘਿਰਾਓ ਕਰਕੇ ਪਿੰਡਾਂ ਵਿੱਚ ਵੜਨ ਤੋਂ ਰੋਕਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਵਿੱਚ ਕੀਤਾ ਗਿਆ ਜੋ ਕਿ ਬਲਾਕ ਪ੍ਰਦਾਨ ਬਹੱਤਰ ਸਿੰਘ ਤੇ ਕਾਰਜਕਾਰੀ ਪ੍ਰਦਾਨ ਬਿੰਦਰ ਸਿੰਘ ਜੋਗੇਵਾਲਾ ਦੀ ਪ੍ਰਧਾਨਗੀ ਹੇਠ ਬੀਤੇ ਦਿਨ ਪਿੰਡ ਜੋਗੇਵਾਲਾ ਵਿਖੇ ਹੋਈ। ਜਿਸ ਵਿੱਚ ਸਾਰੀ ਪੁਰਾਣੀ ਅਤੇ ਨਵੀ ਕਾਰਜਕਾਰੀ ਆਗੂ ਟੀਮ ਸਾਮਲ ਕੀਤੀ ਗਈ ਜਿਸ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਜਗਦੇਵ ਸਿੰਘ ਜੋਗੇਵਾਲਾ ਨੇ ਦੱਸਿਆ ਕਿ ਮੀਟਿੰਗ ਦੇ ਫੈਸਲੇ ਅਨੁਸਾਰ ਸੱਤਾਧਾਰੀ ਨੁਮਾਇੰਦਿਆਂ ਲਈ ਪਿੰਡਾਂ ਵਿੱਚ ਕੋਈ ਦਾਖਲਾ ਨਹੀਂ ਦੇ ਲਿਖਤੀ ਬੈਨਰ ਪਿੰਡਾਂ ਦੇ ਮੁੱਖ ਰਸਤਿਆਂ ‘ਤੇ ਲਟਕਾ ਕੇ ਜਨਤਕ ਨਾਕਾਬੰਦੀ ਕੀਤੀ ਜਾਵੇਗੀ ਅਤੇ ਬਾਕੀ ਰਸਤਿਆਂ ‘ਤੇ ਪਹਿਰਾ ਸਕੁਐਡ ਤਾਇਨਾਤ ਕੀਤੇ ਜਾਣਗੇ। ਇਹਨਾਂ ਤੋਂ ਬਿਨਾਂ ਆਉਣ ਵਾਲੇ ਹੋਰਨਾਂ ਅਕਾਲੀ ਅਤੇ ਭਾਜਪਾ ਲੀਡਰਾਂ ਤੋਂ ਸੁਆਲ ਹੀ ਪੁੱਛੇ ਜਾਣਗੇ ਕਿ ਕਿਸਾਨ ਮਾਰੂ ਆਰਡੀਨੈਂਸ ਤੇ ਉਹ ਕਿਉਂ ਚੁੱਪ ਹਨ। ਇਸ ਸੰਘਰਸ਼ ਦੀ ਤਿਆਰੀ ਲਈ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ ਕਰਕੇ ਵਿਸ਼ਾਲ ਲੋਕ ਲਹਿਰ ਲਾਮਬੰਦ ਕਰਨ ਸਮੇਂ ਨੌਜਵਾਨਾਂ ਤੇ ਔਰਤਾਂ ਦੀ ਲਾਮਬੰਦੀ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਸੰਘਰਸ਼ ਦੀਆਂ ਮੁੱਖ ਮੰਗਾਂ ਹਨ: ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ2020 ਸਮੇਤ ਜ਼ਮੀਨਾਂ ਅਕਵਾਇਰ ਕਾਨੂੰਨ ‘ਚ ਕਿਸਾਨ ਵਿਰੋਧੀ ਸੋਧਾਂ ਦੀ ਤਜਵੀਜ ਦਾ ਖਰੜਾ ਵਾਪਸ ਲਏ ਜਾਣ। ਉਪਰੋਕਤ ਮੰਗਾਂ ਪ੍ਰਤੀ ਜੇਕਰ ਸਰਕਾਰਾਂ ਦਾ ਅੜੀਅਲ ਵਤੀਰਾ ਜਾਰੀ ਰਿਹਾ ਤਾਂ ਅਗਲੇ ਪੜਾਅ ਵਿੱਚ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ। ਜਿਸ ਤਹਿਤ ਪੰਜਾਬ ਭਰ ਦੇ ਕਿਸਾਨਾਂ-ਮਜ਼ਦੂਰਾਂ ਤੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਜਾਵੇਗਾ ਕਿ ਇਸ ਵੱਡੇ ਆਰਥਿਕ ਤੇ ਜਾਬਰ ਹਮਲੇ ਨੂੰ ਪੂਰੀ ਤਰ੍ਹਾਂ ਠੱਲ੍ਹਣ ਲਈ ਪ੍ਰੀਵਾਰਾਂ ਦੇ ਪ੍ਰੀਵਾਰ ਸੰਘਰਸ਼ ਦੇ ਮੈਦਾਨ ਵਿੱਚ ਆਉਣ। ਮੀਟਿੰਗ ਵਿੱਚ ਇੱਕ ਵੱਖਰੇ ਮਤੇ ਰਾਹੀਂ ਲੋਕਾਂ ਨੂੰ ਮੌਤ ਵੰਡ ਰਹੇ ਸਰਾਬ ਮਾਫੀਆ, ਸਿਆਸੀ ਤੇ ਪੁਲਿਸ ਗੱਠਜੋੜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜੋ ਸੈਂਕੜੇ ਘਰਾਂ ਵਿੱਚ ਸੱਥਰ ਵਿਛਾਉਣ ਦੇ ਦੋਸ਼ੀ ਹਨ । ਮੀਟਿੰਗ ਵਿੱਚ ਹਾਜਰ ਬਹੱਤਰ ਸਿੰਘ ਕਲੱਤਰ ਸਿੰਘ ਪਾਲ ਸਿੰਘ ਲਖਵੀਰ ਸਿੰਘ ਜਸਵੀਰ ਸਿੰਘ ਮਨਪ੍ਰੀਤ ਸਿੰਘ ਬਲਜੀਤ ਸਿੰਘ ਜੱਗਰ ਸਿੰਘ ਰਾਜਾ ਸਿੰਘ ਲਖਵੀਰ ਸਿੰਘ ਅਤੇ ਸਾਰੇ ਪਿੰਡਾ ਦੇ ਪ੍ਰਧਾਨ ਸਕੱਤਰ ਹਾਜ਼ਰ ਸਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Aj di Awaaz