ਚਾਰ ਸੂਬਿਆਂ ਦੇ ਆੜ੍ਹਤੀ ਇਕਜੁੱਟ

August 13 2020

ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸਰਕਾਰੀਆ ਨੇ ਦੱਸਿਆ ਹੈ ਕਿ 16 ਅਗਸਤ ਨੂੰ ਸਿਰਸਾ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ ਤੇ ਚੰਡੀਗੜ੍ਹ ਦੀ ਅਨਾਜ ਮੰਡੀ ਦੇ ਆੜ੍ਹਤੀ ਇਕੱਠੇ ਹੋਣਗੇ ਅਤੇ ਖੇਤੀ ਸਬੰਧੀ ਆਰਡੀਨੈਂਸਾਂ ਤੇ ਆੜ੍ਹਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਰਣਨੀਤੀ ਘੜਨਗੇ। ਸ੍ਰੀ ਸਰਕਾਰੀਆ ਨੇ ਦੱਸਿਆ ਕਿ ਹਰਿਆਣਾ ਸਰਕਾਰ ਦੇ ਲਿਖਤੀ ਹੁਕਮਾਂ ਦੇ ਬਾਵਜੂਦ ਸਰਕਾਰੀ ਖਰੀਦ ਏਜੰਸੀਆਂ ਆੜ੍ਹਤੀਆਂ ਨੂੰ ਦੇਰੀ ਨਾਲ ਕੀਤੇ ਭੁਗਤਾਨ ਦਾ ਵਿਆਜ ਨਹੀਂ ਦੇ ਰਹੀਆਂ, ਜਿਸ ਕਾਰਨ ਆੜ੍ਹਤੀਆਂ ਨੂੰ ਹਾਈ ਕੋਰਟ ਦਾ ਰੁਖ਼ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਨੂੰ ਖ਼ਤਮ ਕਰਕੇ ਅਡਾਨੀ ਤੇ ਅੰਬਾਨੀ ਜਿਹੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਹੀ ਖੇਤੀ ਸਬੰਧੀ ਤਿੰਨ ਆਰਡੀਨੈਂਸ ਲਿਆਂਦੇ ਗਏ ਹਨ, ਜਿਹੜੇ ਨਾ ਤਾਂ ਕਿਸਾਨਾਂ ਦੇ ਹਿੱਤ ਵਿੱਚ ਹਨ ਅਤੇ ਨਾ ਹੀ ਆੜ੍ਹਤੀਆਂ ਦੇ। ਇਨ੍ਹਾਂ ਦਾ ਵਿਰੋਧ ਕਰਨ ਲਈ 16 ਅਗਸਤ ਨੂੰ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰ ਸਿਰਸਾ ਵਿੱਚ ਜੁੜਨਗੇ ਤੇ ਅਗਲੀ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ 15 ਅਗਸਤ ਨੂੰ ਕਿਸਾਨ, ਮਜ਼ਦੂਰ ਤੇ ਆੜ੍ਹਤੀ ਵਿਰੋਧ ਪ੍ਰਦਰਸ਼ਨ ਵੀ ਕਰਨਗੇ। ਉਨ੍ਹਾਂ ਕਿਹਾ ਕਿ ਆਨਲਾਈਨ ਪੋਰਟਲ ਜ਼ਰੀਏ ਨਰਮੇ, ਸੂਰਜਮੁਖੀ, ਸਰ੍ਹੋਂ ਆਦਿ ਫ਼ਸਲਾਂ ਦੀ ਵਿਕਰੀ ਕਰਕੇ ਆੜ੍ਹਤੀਆਂ ਦੇ ਹੱਕ ਖੋਹੇ ਜਾ ਰਹੇ ਹਨ, ਜਿਸ ਨੂੰ ਹੁਣ ਆੜ੍ਹਤੀ ਤੇ ਕਿਸਾਨ ਬਰਦਾਸ਼ਤ ਨਹੀਂ ਕਰਨਗੇ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune