ਅਨਾਜ ਮੰਡੀਆਂ ’ਚ ਕਣਕ ਦੀ ਆਮਦ ਤੇਜ਼

April 20 2021

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਵਿੱਚ ਕਰੀਬ 3,27,021 ਮੀਟਰਿਕ ਟਨ ਕਣਕ ਦੀ ਆਮਦ ਅਤੇ 258415 ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਦਾਅਵਾ ਕੀਤਾ ਹੈ। ਡਿਪਟੀ ਕਮਿਸ਼ਨਰ ਮੁਤਾਬਕ ਹੁਣ ਤੱਕ 80,395 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਪ੍ਰਸ਼ਾਸਨ ਦੇ ਇਨ੍ਹਾਂ ਦਾਅਵਿਆਂ ਦੇ ਬਾਵਜੂਦ ਮੰਡੀਆਂ ਵਿੱਚ ਹਕੀਕਤ ਕੁਝ ਹੋਰ ਹੈ। ਅਜੇ ਵੀ ਮੰਡੀਆਂ ’ਚ ਕਣਕ ਦੇ ਢੇਰ ਲੱਗੇ ਹੋਏ ਹਨ, ਮੰਡੀਆਂ ਵਿਚ ਬੋਲੀਕਾਰ ਨਹੀਂ ਪੁੱਜੇ ਅਤੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨ ਨਾਅਰੇਬਾਜ਼ੀ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕਰੋਨਾ ਤੋਂ ਬਚਾਅ ਸਬੰਧੀ ਹਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਦੌਰਾਨ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਰੋਨਾ ਮਹਾਮਾਰੀ ਦੀ ਲਾਗ ਤੋਂ ਬਚਾਇਆ ਜਾ ਸਕੇ। ਜ਼ਿਲ੍ਹਾ ਮੰਡੀ ਅਫਸਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੌਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribuneonline