ਕਾਂਗਰਸੀ ਆਗੂਆਂ ਵੱਲੋਂ ਖੇਤੀ ਬਿੱਲਾਂ ਦਾ ਵਿਰੋਧ

September 24 2020

ਪੰਜਾਬ ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਅਮੀਤ ਬਾਵਾ, ਮਾਰਕੀਟ ਕਮੇਟੀ ਲਾਲੜੂ ਦੇ ਵਾਈਸ ਚੈਅਰਮੇਨ ਗੁਲਜ਼ਾਰ ਸਿੰਘ ਟਿਵਾਣਾ, ਯੂਥ ਕਾਂਗਰਸ ਡੇਰਾਬਸੀ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਮਨੋਜ਼ ਸਰਮਾਂ, ਸਾਬਕਾ ਸਰਪੰਚ ਹਰਵਿੰਦਰ ਸਿੰਘ ਟੋਨੀ ਜਲਾਲਪੁਰ ਨੇ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਪੱਧਰ ’ਤੇ ਜਾ ਕੇ ਕੋਈ ਵੀ ਕੁਰਬਾਨੀ ਕਰਨੀ ਪਵੇ, ਉਹ ਪਿੱਛੇ ਨਹੀ ਹੱਟਣਗੇ ਅਤੇ ਕਿਸੇ ਕੀਮਤ ਤੇ ਵੀ ਪੰਜਾਬ ਵਿੱਚ ਖੇਤੀਬਾੜੀ ਬਿੱਲਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਨ੍ਹਾਂ ਬਿੱਲਾਂ ਖ਼ਿਲਾਫ਼ ਸੰਘਰਸ਼ ਕਰਨ ਲਈ ਉਹ ਪਿੰਡ-ਪਿੰਡ ਜਾ ਕੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੁੂੰ ਲਾਮਬੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ ਦਾ ਅਨਦਾਤਾ ਹੈ, ਜਿਸ ਨੇ ਹਰ ਸੰਕਟ ਵਿੱਚ ਦੇਸ ਦੀ ਜਨਤਾ ਦਾ ਢਿੱਡ ਭਰਿਆ ਤੇ ਹੁਣ ਭਾਜਪਾ ਸਰਕਾਰ ਪੁੰਜੀਪਤੀਆਂ ਦੇ ਹੱਥਾਂ ਵਿੱਚ ਖੇਡ ਕੇ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ।

ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਹਮਾਇਤ

 ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ  ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਯੂਥ ਕਾਂਗਰਸ ਕਿਸਾਨਾਂ ਦੇ ਹਰੇਕ ਸੰਘਰਸ਼ ਤੇ ਅੰਦੋਲਨ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਕਿਸਾਨ ਸੜਕਾਂ ਤੇ ਧਰਨੇ ਲਗਾਉਣ  ਨੂੰ ਮਜਬੂਰ ਹੋ ਰਿਹਾ ਹੈ । ਉਨ੍ਹਾਂ ਯੂਥ ਕਾਂਗਰਸ ਵੱਲੋਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੰਦ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ।

ਪੰਜਾਬ ਬੰਦ ਦੇ ਸੱਦੇ ’ਤੇ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ

ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦਾ ਆੜ੍ਹਤੀ ਐਸੋਸੀਏਸ਼ਨ ਅਮਲੋਹ ਵੱਲੋਂ ਸਮਰਥਨ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਪ੍ਰਧਾਨ ਜਗਵਿੰਦਰ ਸਿੰਘ ਰੈਹਿਲ ਨੇ ਕਿਹਾ ਕਿ ਖੇਤੀ ਬਿੱਲ ਖ਼ਿਲਾਫ਼ 25 ਸਤੰਬਰ ਨੂੰ ਅਨਾਜ ਮੰਡੀ ਅਮਲੋਹ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ। ਉਨ੍ਹਾਂ ਹਰ ਵਿਅਕਤੀ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਦਾ ਪੂਰਨ ਸਹਿਯੋਗ ਕਰਨ।

ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਸਬੰਧੀ ਸ਼ਹਿਰ ਦੇ ਵੱਖ-ਵੱਖ ਦੁਕਾਨਦਾਰਾਂ ਨਾਲ  ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਦੁਕਾਨਦਾਰ ਭਰਾਵਾਂ ਨੂੰ ਅਪੀਲ ਕੀਤੀ ਕਿ ਇਸ ਦਿਨ ਮੁਕੰਮਲ ਤੌਰ ’ਤੇ ਦੁਕਾਨਾਂ ਬੰਦ ਰੱਖੀਆਂ ਜਾਣ। ਦੁਕਾਨਦਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਕਿਸਾਨਾਂ ਦੇ ਸੰਘਰਸ਼ ਵਿੱਚ ਪੂਰਾ ਸਾਥ ਦੇਣਗੇ ਤੇ ਦੁਕਾਨਾਂ ਬੰਦ ਰੱਖਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਦਿਨ ਖਮਾਣੋਂ ਵਿਚ ਰੋਸ ਧਰਨਾ ਵੀ ਦਿੱਤਾ ਜਾਵੇਗਾ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਇਸੇ ਤਰ੍ਹਾਂ ਸਮੂਹ ਖਾਦ ਪੈਸਟੀਸਾਈਡ ਤੇ ਬੀਜ ਐਸੋਸੀਏਸ਼ਨ ਦੀ ਮੀਟਿੰਗ ਦਾਣਾ ਮੰਡੀ ਖਮਾਣੋਂ ਵਿਖੇ ਹੋਈ ਜਿਸ ਵਿਚ ਸਮੂਹ ਦੁਕਾਨਦਾਰਾਂ ਨੇ ਭਾਗ ਲਿਆ।  

ਵਪਾਰ ਮੰਡਲ ਮੁਹਾਲੀ ਨੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ 25 ਸਤੰਬਰ ਦੇ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈ਼ਸਲਾ ਭਾਰਤੀ ਕਿਸਾਨ ਯੂਨੀਅਨ ਲਖੋਵਾਲ ਦੇ ਮੁੱਖ ਬੁਲਾਰੇ ਨੱਛਤਰ ਸਿੰਘ ਬੈਦਵਾਣ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨੂੰ ਮਿਲ ਕੇ ਕਿਸਾਨ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਤੋਂ ਬਾਅਦ ਲਿਆ ਹੈ। ਵਪਾਰ ਮੰਡਲ ਦੇ ਚੇਅਰਮੈਨ ਸ਼ੀਤਲ ਸਿੰਘ, ਪ੍ਰਧਾਨ ਵਿਨੀਤ ਵਰਮਾ, ਜਨਰਲ ਸਕੱਤਰ  ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਸ਼ਹਿਰ ਦੀਆਂ ਸਮੂਹ ਮਾਰਕੀਟ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਗਈ ਹੈ ਕਿ 25 ਸਤੰਬਰ ਨੂੰ ਦੁਕਾਨਾਂ ਬੰਦ ਰੱਖੀਆਂ ਜਾਣ ਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਇਆ ਜਾਵੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune