Farmer s demands: Sidhupur Union conducts state-level demonstrations in Mohali

January 31 2019

This content is currently available only in Punjabi language.

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਅਤੇ ਅੰਨਾ ਹਜ਼ਾਰੇ ਵੱਲੋਂ ਦਿੱਲੀ ਵਿਚ ਕੀਤੀ ਜਾ ਰਹੀ ਭੁੱਖ ਹੜਤਾਲ ਦੇ ਮੱਦੇਨਜ਼ਰ ਅੱਜ ਇੱਥੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਦੀ ਅਗਵਾਈ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੀਤੀ। ਅੱਜ ਸਵੇਰੇ ਹੀ ਪੰਜਾਬ ਭਰ ’ਚੋਂ ਕਿਸਾਨ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਇਕ ਵਜੇ ਤੱਕ ਕਿਸਾਨਾਂ ਦਾ ਵੱਡਾ ਇਕੱਠ ਹੋ ਗਿਆ। ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਆਗੂਆਂ ਨੇ ਦੇਸ਼ ਅਤੇ ਪੰਜਾਬ ਦੇ ਹੁਕਮਰਾਨਾਂ ਨੂੰ ਕੋਸਿਆ ਅਤੇ ਨਾਅਰੇਬਾਜ਼ੀ ਕੀਤੀ। ਬਾਅਦ ਦੁਪਹਿਰ ਕਿਸਾਨਾਂ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਅਰਦਾਸ ਕਰਨ ਮਗਰੋਂ ਮੁਹਾਲੀ ਦੀਆਂ ਸੜਕਾਂ ’ਤੇ ਰੋਸ ਮਾਰਚ ਕਰਦਿਆਂ ਚੰਡੀਗੜ੍ਹ ਲਈ ਚਾਲੇ ਪਾ ਦਿੱਤੇ। ਯੂਟੀ ਪੁਲੀਸ ਨੇ ਵੀ ਕਿਸਾਨਾਂ ਦਾ ਰਾਹ ਡੱਕਣ ਦੀ ਬਜਾਏ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ। ਇਸ ਤਰ੍ਹਾਂ ਕਿਸਾਨਾਂ ਨੇ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿਚ ਪਹੁੰਚ ਕੇ ਮਰਨ ਵਰਤ ਸ਼ੁਰੂ ਕਰ ਦਿੱਤਾ। ਪਹਿਲੇ ਦਿਨ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਟੀਮ ਅੰਨਾ ਹਜ਼ਾਰੇ ਦੀ ਕੋਰ ਕਮੇਟੀ ਮੈਂਬਰ ਕਰਨਵੀਰ ਸੈਂਟੀ ਮਰਨ ’ਤੇ ਬੈਠੇ। ਉਧਰ, ਕਰਨਲ ਐੱਸ ਐੱਸ ਸੋਹੀ ਦੀ ਅਗਵਾਈ ਹੇਠ ਸਾਬਕਾ ਫ਼ੌਜੀਆਂ ਨੇ ਵੀ ਧਰਨੇ ਵਿਚ ਸ਼ਾਮਲ ਹੋ ਕੇ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

ਇਸ ਤੋਂ ਪਹਿਲਾਂ ਮੁਹਾਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਗਜੀਤ ਸਿੰਘ ਡੱਲੇਵਾਲ ਤੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਕਿਸਾਨਾਂ ਨੂੰ ਫ਼ਸਲਾਂ ਦਾ ਸਹੀ ਭਾਅ ਨਹੀਂ ਮਿਲ ਰਿਹਾ। ਕਰਜ਼ੇ ਥੱਲੇ ਦੱਬੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਵੱਲੋਂ ਵੋਟਾਂ ਮੰਗਣ ਵੇਲੇ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਕੇਂਦਰ ਸਰਕਾਰ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ ਕਰ ਕੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੇ ਜਾਣ ਤੱਕ ਲੜੀਵਾਰ ਜਾਰੀ ਰਹੇਗਾ।

ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਰਨ ਵਰਤ ਲਈ ਇੱਕ ਲੰਮੀ ਸੂਚੀ ਤਿਆਰ ਕੀਤੀ ਗਈ ਹੈ। ਇੱਕ ਕਿਸਾਨ ਦੀ ਮੌਤ ਤੋਂ ਬਾਅਦ ਦੂਜਾ ਕਿਸਾਨ ਮਰਨ ਵਰਤ ’ਤੇ ਬੈਠੇਗਾ। ਕਰਜ਼ਾ ਮੁਆਫ਼ੀ ਦੇ ਸਵਾਲ ਦੇ ਜਵਾਬ ਵਿਚ ਸ੍ਰੀ ਡੱਲੇਵਾਲਾ ਨੇ ਕਿਹਾ ਪੰਜਾਬ ਦੇ ਕਿਸਾਨਾਂ ਸਿਰ 90 ਹਜ਼ਾਰ ਕਰੋੜ ਦਾ ਕਰਜ਼ਾ ਹੈ, ਜਦੋਂਕਿ ਸਰਕਾਰ ਵੱਲੋਂ 2700 ਕਰੋੜ ਦਾ ਕਰਜ਼ਾ ਹੀ ਮੁਆਫ਼ ਕੀਤਾ ਗਿਆ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune