ਗੰਨਾ ਕਾਸ਼ਤਕਾਰ ਵਜ਼ੀਰਾਂ ਦੇ ਘਰਾਂ ਦਾ ਕਰਨਗੇ ਘਿਰਾਓ

January 22 2019

ਗੰਨਾ ਕਾਸ਼ਤਕਾਰਾਂ ਦੀ ਮੀਟਿੰਗ ਅੱਜ ਪਿੰਡ ਨਵੀਆਂ ਬਾਗੜੀਆਂ ’ਚ ਹੋਈ ਜਿਸ ਵਿੱਚ ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਗੰਨਾ ਕਾਸ਼ਤਕਾਰਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।

ਮੀਟਿੰਗ ਪਿੱਛੋਂ ਗੰਨਾ ਕਾਸ਼ਤਕਾਰਾਂ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂ ਗੁਰਪ੍ਰਤਾਪ ਸਿੰਘ ਰੰਧਾਵਾ ਕਲੋਨੀ, ਸਤਨਾਮ ਸਿੰਘ ਬਾਗੜੀਆਂ, ਸੋਹਣ ਸਿੰਘ ਗਿੱਲ, ਹਰਪਾਲ ਸਿੰਘ ਨੇ ਦੱਸਿਆ ਕਿ ਅਗਲੀ ਰਣਨੀਤੀ ਉਲੀਕਣ ਲਈ 27 ਜਨਵਰੀ ਨੂੰ ਪੁਰਾਣਾ ਸ਼ਾਲਾ ਦੀ ਅਨਾਜ ਮੰਡੀ ਵਿੱਚ ਪੰਜਾਬ ਪੱਧਰ ਦੀਆਂ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਦੀ ਮੀਟਿੰਗ ਰੱਖੀ ਗਈ ਹੈ। ਸਾਲ 2017-18 ਦੇ ਵਿੱਚ ਕਿਸਾਨਾਂ ਨੂੰ ਵੇਚੇ ਹੋਏ ਗੰਨੇ ਦੀਆਂ ਅਜੇ ਤੱਕ ਅਦਾਇਗੀਆਂ ਨਹੀਂ ਹੋਈਆਂ ਹਨ। ਪੰਜਾਬ ਸਰਕਾਰ ਵੱਲ ਕਿਸਾਨਾਂ ਦਾ 400 ਕਰੋੜ ਦੇ ਕਰੀਬ ਬਕਾਇਆ ਖੜ੍ਹਾ ਹੈ। ਨਾ ਤਾਂ ਪੰਜਾਬ ਸਰਕਾਰ ਉਨ੍ਹਾਂ ਦਾ ਬਕਾਇਆ ਮੋੜਨ ਲਈ ਫਿਕਰਮੰਦ ਹੈ ਅਤੇ ਨਾ ਹੀ ਨਿੱਜੀ ਗੰਨਾ ਮਿੱਲ ਮਾਲਕ। ਕਿਸਾਨਾਂ ਨੇ ਆਖਿਆ ਇਸ ਤੋਂ ਇਲਾਵਾ ਮੌਜੂਦਾ ਸੀਜ਼ਨ ਵਿੱਚ ਵੀ ਕਿਸਾਨਾਂ ਨੂੰ ਗੰਨੇ ਦੀਆਂ ਅਦਾਇਗੀਆਂ ਨਹੀਂ ਕੀਤੀਆਂ ਜਾ ਰਹੀਆਂ ਤੇ ਨਾ ਹੀ ਕਿਸਾਨਾਂ ਨੂੰ ਮਿੱਲਾਂ ਵਿੱਚ ਗੰਨਾ ਲਿਜਾਣ ਲਈ ਪਰਚੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਉਹ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਕਾਂਗਰਸੀ ਆਗੂਆਂ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਘਰਾਂ ਦਾ ਘਿਰਾਓ ਕਰਨਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune